ਜਥੇਦਾਰ ਗੜਗੱਜ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਲਬ
15 ਜਨਵਰੀ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਪੇਸ਼ ਹੋਣ ਦਾ ਦਿੱਤਾ ਹੁਕਮ
ਅੰਮ੍ਰਿਤਸਰ : ਸਿੱਖਾਂ ਦੀ ਸਰਵਉੱਚ ਸੰਸਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬਾਨ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਖ਼ਤ ਆਦੇਸ਼ ਜਾਰੀ ਕਰਦਿਆਂ ਨਿੱਜੀ ਤੌਰ 'ਤੇ ਤਲਬ ਕੀਤਾ ਗਿਆ ਹੈ। ਮੁੱਖ ਮੰਤਰੀ ਨੂੰ 15 ਜਨਵਰੀ 2026 ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮੁੱਖ ਪੇਸ਼ ਹੋ ਕੇ ਆਪਣਾ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪ੍ਰੈੱਸ ਕਾਨਫ਼ਰੰਸ ਕਰਦਿਆਂ ਹੋਇਆ ਇਹ ਜਾਣਕਾਰੀ ਦਿੱਤੀ।
ਮੁੱਖ ਮੰਤਰੀ 'ਤੇ ਇਲਜ਼ਾਮ ਹਨ ਕਿ ਉਨ੍ਹਾਂ ਨੇ ਗੁਰੂ ਸਾਹਿਬਾਨ ਵੱਲੋਂ ਬਖਸ਼ੇ 'ਦਸਵੰਧ' ਦੇ ਸਿਧਾਂਤ ਅਤੇ 'ਗੁਰੂ ਕੀ ਗੋਲਕ' ਵਿਰੁੱਧ ਵਾਰ-ਵਾਰ ਇਤਰਾਜ਼ਯੋਗ ਅਤੇ ਭੜਕਾਊ ਟਿੱਪਣੀਆਂ ਕੀਤੀਆਂ ਹਨ, ਜਿਸ ਨਾਲ ਸਿੱਖ ਭਾਵਨਾਵਾਂ ਨੂੰ ਡੂੰਘੀ ਸੱਟ ਵੱਜੀ ਹੈ।
ਜਥੇਦਾਰ ਸਾਹਿਬ ਵੱਲੋਂ ਕਿਹਾ ਗਿਆ ਹੈ ਕਿ ਸੰਵਿਧਾਨਕ ਅਹੁਦੇ 'ਤੇ ਬੈਠ ਕੇ ਅਜਿਹੇ ਬਿਆਨ ਦੇਣਾ ਮੁੱਖ ਮੰਤਰੀ ਦੇ 'ਰਾਜ ਹੰਕਾਰ' ਨੂੰ ਦਰਸਾਉਂਦਾ ਹੈ। ਹੁਣ ਸਭ ਦੀਆਂ ਨਜ਼ਰਾਂ 15 ਜਨਵਰੀ 'ਤੇ ਟਿਕੀਆਂ ਹੋਈਆਂ ਹਨ। ਕੀ ਮੁੱਖ ਮੰਤਰੀ ਭਗਵੰਤ ਮਾਨ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਪੇਸ਼ ਹੋਣਗੇ? ਸਿੱਖ ਰਵਾਇਤ ਅਨੁਸਾਰ, ਜੇਕਰ ਕੋਈ ਸਿੱਖ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ ਕਰਦਾ ਹੈ, ਤਾਂ ਉਸ ਵਿਰੁੱਧ ਧਾਰਮਿਕ ਕਾਰਵਾਈ ਹੋਰ ਵੀ ਸਖ਼ਤ ਹੋ ਸਕਦੀ ਹੈ।
ਇਸ ਤੋਂ ਇਲਾਵਾ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ 2015 ’ਚ ਵਾਪਰੀਆਂ ਬੇਅਦਬੀਆਂ ਦੀਆਂ ਘਟਨਾ ਡੇਰਾ ਮੁਖੀ ਅਤੇ ਹਨੀਪ੍ਰੀਤ ਦੇ ਕਹਿਣ ’ਤੇ ਹੋਈਆਂ ਸਨ। ਇਸ ਸਬੰਧੀ ਗ੍ਰਿਫ਼ਤਾਰ ਕੀਤੇ ਗਏ ਡੇਰਾ ਪ੍ਰੇਮੀ ਪ੍ਰਦੀਪ ਕਲੇਰ ਵੱਲੋਂ ਅਦਾਲਤ ਵਿਚ ਸਪੱਸ਼ਟ ਕੀਤਾ ਗਿਆ ਸੀ। ਪਰ ਪੰਜਾਬ ਸਰਕਾਰ ਵੱਲੋਂ ਬੇਅਦਬੀਆਂ ਦੇ ਮਾਮਲੇ ਵਿਚ ਡੇਰਾ ਮੁਖੀ ਅਤੇ ਹਨੀਪ੍ਰੀਤ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਉਨ੍ਹਾਂ ਨੂੰ ਪੰਜਾਬ ਲਿਆਂਦਾ ਗਿਆ। ਬੇਅਦਬੀਆਂ ਦੇ ਕੇਸਾਂ ਨੂੰ ਪੰਜਾਬ ਤੋਂ ਬਾਹਰ ਲਿਜਾਣ ਦੇ ਮੁੱਦੇ ’ਤੇ ਬੋਲਦੇ ਹੋਏ ਜਥੇਦਾਰ ਗੜਗੱਜ ਨੇ ਕਿਹਾ ਕਿ ਇਸ ਮਾਮਲੇ ’ਚ ਸੁਪਰੀਮ ਕੋਰਟ ਵਿਚ ਪੰਜਾਬ ਸਰਕਾਰ ਦਾ ਕੋਈ ਵਕੀਲ ਪੇਸ਼ ਨਹੀਂ ਹੋਇਆ। ਜਦਕਿ ਇਨ੍ਹਾਂ ਮਾਮਲਿਆਂ ਵਿਚ ਹਮੇਸ਼ਾ ਹੀ ਸੀਨੀਅਰ ਵਕੀਲ ਐਡਵੋਕੇਟ ਐਚ.ਐਸ. ਫੂਲਕਾ ਲੜ ਰਹੇ ਹਨ।
ਇਸੇ ਤਰ੍ਹਾਂ ਉਨ੍ਹਾਂ ਮੰਡੀ ਮੰਡੀ ਬੰਬ ਧਮਾਕੇ ਦਾ ਜ਼ਿਕਰ ਕਰਦੇ ਹੋਏ ਕਿਹਾ ਕਿ ਮੌੜ ਮੰਡੀ ਵਿਚ ਹੋਏ ਬੰਬ ਧਮਾਕੇ ਦੀਆਂ ਤਾਰਾਂ ਵੀ ਡੇਰਾ ਸਿਰਸਾ ਨਾਲ ਹੀ ਜੁੜੀਆਂ ਸਨ। ਇਸ ਮਾਮਲੇ ਵਿਚ ਵੀ ਪੰਜਾਬ ਸਰਕਾਰ ਵੱਲੋਂ ਹਾਲੇ ਤੱਕ ਕੋਈ ਗ੍ਰਿਫ਼ਤਾਰ ਨਹੀਂ ਕੀਤੀ ਗਈ ਜਦਕਿ ਇਸ ਧਮਾਕੇ ਦੌਰਾਨ 7 ਕੀਮਤੀ ਜਾਨਾਂ ਚਲੀਆਂ ਗਈਆਂ ਸਨ।
ਜ਼ਿਕਰਯੋਗ ਹੈ ਕਿ 1987 ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਨੂੰ ਵੀ ਸ੍ਰੀ ਅਕਾਲ ਤਖਤ ਸਾਹਿਬ 'ਤੇ ਤਲਬ ਕੀਤਾ ਗਿਆ ਸੀ। 1988 ਵਿੱਚ ਸੁਰਜੀਤ ਸਿੰਘ ਬਰਨਾਲਾ ਨੂੰ 'ਤਨਖ਼ਾਹੀਆ' ਐਲਾਨਿਆ ਗਿਆ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸਜ਼ਾ ਭੁਗਤਣ ਲਈ ਕਿਹਾ ਗਿਆ ਸੀ|