ਮੰਦਿਰ ਦੇ ਬਾਹਰ ਸਰਪੰਚ ’ਤੇ ਹਮਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪਿੰਡ ਬਸੀ ਉਮਰ ਖਾਂ ਦੇ ਸਰਪੰਚ ਅਮਨਦੀਪ ਸਿੰਘ ਅਤੇ ਪਤਨੀ ਗੰਭੀਰ ਜ਼ਖਮੀ

Sarpanch attacked outside temple

ਹੁਸ਼ਿਆਰਪੁਰ: ਹੁਸ਼ਿਆਰਪੁਰ ਦੇ ਹਲਕਾ ਸ਼ਾਮਚੁਰਾਸੀ ਅਧੀਨ ਆਉਂਦੇ ਪਿੰਡ ਬਸੀ ਉਮਰ ਖਾਂ ਦੇ ਸਰਪੰਚ ’ਤੇ ਪਿੰਡ ਦੇ ਹੀ ਕੁਝ ਵਿਅਕਤੀਆਂ ਵੱਲੋਂ ਕਾਤਲਾਨਾ ਹਮਲਾ ਕਰਕੇ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ। ਜ਼ਖਮੀ ਹਾਲਤ ਵਿਚ ਪਿੰਡ ਦੇ ਸਰਪੰਚ ਅਤੇ ਉਸ ਦੀ ਪਤਨੀ ਨੂੰ ਹੁਸ਼ਿਆਰਪੁਰ ਦੇ ਸਰਕਾਰੀ ਹਸਪਤਾਲ ਵਿਚ ਇਲਾਜ ਲਈ ਭਰਤੀ ਕਰਵਾਇਆ ਗਿਆ। ਜਿੱਥੇ ਡਾਕਟਰਾਂ ਵੱਲੋਂ ਉਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਹਮਲੇ ਦੀ ਵੀਡੀਓ ਵੀ ਸਾਹਮਣੇ ਆਈ ਹੈ, ਜਿਸ ਵਿਚ ਨਜ਼ਰ ਆ ਰਿਹਾ ਹੈ ਕਿ ਕੁਝ ਵਿਅਕਤੀ ਸਰਪੰਚ ਦੀ ਬੁਰੀ ਤਰ੍ਹਾਂ ਦੇ ਨਾਲ ਕੁੱਟਮਾਰ ਕਰ ਰਹੇ ਹਨ ਤੇ ਕੁਝ ਦੇ ਹੱਥਾਂ ਵਿਚ ਤੇਜ਼ਧਾਰ ਹਥਿਆਰ ਵੀ ਨਜ਼ਰ ਆ ਰਹੇ ਹਨ।

ਮੀਡੀਆ ਨੂੰ ਜਾਣਕਾਰੀ ਦਿੰਦਿਆਂ ਸਰਪੰਚ ਅਮਨਦੀਪ ਸਿੰਘ ਨੇ ਕਿਹਾ ਕਿ ਪਿੰਡ ਦੀਆਂ 4 ਥਾਵਾਂ ’ਤੇ ਚੋਰੀ ਹੋਈ ਸੀ ਤੇ ਜਦੋਂ ਪੁਲਿਸ ਪਾਰਟੀ ਨਾਲ ਉਹ ਇਕ ਸ਼ੱਕੀ ਵਿਅਕਤੀ ਦੇ ਘਰ ਗਏ, ਤਾਂ ਉਥੇ ਇਕ ਹੋਰ ਵਿਅਕਤੀ ਪਹੁੰਚ ਗਿਆ ਅਤੇ ਪੁਲਿਸ ਨਾਲ ਧੱਕਾਮੁੱਕੀ ਕੀਤੀ ਗਈ ਤੇ ਇਸ ਤੋਂ ਬਾਅਦ ਉਹ ਜ਼ਬਰੀ ਉਕਤ ਵਿਅਕਤੀ ਨੂੰ ਪੁਲਿਸ ਤੋਂ ਛੁਡਵਾ ਕੇ ਭਜਾ ਦਿੱਤਾ ਤੇ ਪੁਲਿਸ ਦੀ ਵਰਦੀ ਨੂੰ ਵੀ ਉਨ੍ਹਾਂ ਵੱਲੋਂ ਪਾੜ ਦਿੱਤਾ ਗਿਆ। ਸਰਪੰਚ ਦਾ ਕਹਿਣਾ ਹੈ ਕਿ ਜਦੋਂ ਉਹ ਮੰਦਿਰ ’ਚ ਮੌਜੂਦ ਸਨ, ਤਾਂ ਇਸ ਦੌਰਾਨ ਹਥਿਆਰਾਂ ਨਾਲ ਲੈਸ ਕੁਝ ਵਿਅਕਤੀ ਉਥੇ ਆਏ ਤੇ ਉਸ ਉਪਰ ਕਾਤਲਾਨਾ ਹਮਲਾ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇਹ ਸਭ ਕੁਝ ਸਾਬਕਾ ਕਾਂਗਰਸੀ ਵਿਧਾਇਕ ਪਵਨ ਕੁਮਾਰ ਆਦੀਆ ਦੀ ਸੈਅ ’ਤੇ ਹੋ ਰਿਹਾ ਹੈ। ਦੂਜੇ ਪਾਸੇ ਪੁਲਿਸ ਵੱਲੋਂ ਇਰਾਦਾ ਕਤਲ ਦਾ ਮਾਮਲਾ ਦਰਜ ਕਰਕੇ ਮਾਮਲੇ ਦੀ ਪੜਤਾਲ ਸ਼ੁਰੂ ਕਰ ਦਿੱਤੀ ਗਈ ਹੈ।