ਸ਼੍ਰੋਮਣੀ ਕਮੇਟੀ ਗੁਰੂ ਘਰਾਂ ਦੀਆਂ ਜ਼ਮੀਨਾਂ ਵੇਚਣ ਵਾਲਿਆਂ ਖਿਲਾਫ ਅਪਰਾਧਿਕ ਮਾਮਲੇ ਦਰਜ ਕਰਾਵੇ : ਗਿਆਨੀ ਹਰਪ੍ਰੀਤ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਦੋਂ ਤੱਕ ਪ੍ਰਧਾਨ ਸੁਖਬੀਰ ਬਾਦਲ ਉਦੋਂ ਤੱਕ ਸਮਝੌਤਾ ਸੰਭਵ ਨਹੀਂ- ਗਿਆਨੀ ਹਰਪ੍ਰੀਤ ਸਿੰਘ

SGPC should register criminal cases against those selling Guru Ghar lands: Giani Harpreet Singh

ਅੰਮ੍ਰਿਤਸਰ: ਅਕਾਲੀ ਦਲ ਪੁਨਰ ਸੁਰਜੀਤ ਦੇ ਪ੍ਰਧਾਨ ਤੇ ਸਾਬਕਾ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਅੱਜ ਇੱਥੇ ਪਾਰਟੀ ਮੁੱਖ ਦਫਤਰ ਵਿਖੇ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਸਰਕਾਰ ਸਰਕਾਰੀ ਜ਼ਮੀਨਾਂ ਵੇਚ ਰਹੀ ਸੀ ਅਤੇ ਪੈਸਾ ਇਕੱਠਾ ਕਰਨ ਦੀ ਕੋਸ਼ਿਸ਼ ਕਰ ਰਹੀ ਸੀ ਪਰ ਹੁਣ ਸਿੱਖ ਵੀ ਚਿੰਤਤ ਹਨ ਕਿਉਂਕਿ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਵਲੋਂ ਹਾਲ ਹੀ ਵਿਚ ਗੁਰਦੁਆਰਾ ਅੰਬ ਸਾਹਿਬ ਦੀ ਜ਼ਮੀਨ ਮਾਮੂਲੀ ਦਰਾਂ 'ਤੇ ਵੇਚੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਪਰ ਕੋਈ ਢੁੱਕਵੀਂ ਕਾਰਵਾਈ ਨਹੀਂ ਕੀਤੀ ਗਈ।

ਉਨ੍ਹਾਂ ਕਿਹਾ ਕਿ ਇਸ ਸੰਬੰਧੀ ਸ਼੍ਰੋਮਣੀ ਕਮੇਟੀ ਵਲੋਂ ਇਕ ਜਾਂਚ ਕਮੇਟੀ ਬਣਾਈ ਗਈ ਹੈ ਪਰ ਬੀਬੀ ਪਰਮਜੀਤ ਕੌਰ ਲਾਂਡਰਾਂ, ਜੋ ਕਿ ਉਸ ਹਲਕੇ ਤੋਂ ਮੈਂਬਰ ਹਨ, ਨੂੰ ਜਾਂਚ ਕਮੇਟੀ ਵਿਚ ਸ਼ਾਮਲ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਅਜਿਹੇ ਮੁਲਾਜ਼ਮਾਂ ਖਿਲਾਫ ਪੁਲਿਸ ਕੋਲ ਅਪਰਾਧਕ ਮਾਮਲਾ ਦਰਜ ਕਰਵਾਉਣਾ ਚਾਹੀਦਾ ਹੈ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਉਹ ਇਸ ਤੱਥ ਤੋਂ ਚੰਗੀ ਤਰ੍ਹਾਂ ਜਾਣੂ ਹਨ ਕਿ ਕੋਈ ਵੀ ਆਪਣੇ ਆਪ ਇੰਨਾ ਵੱਡਾ ਫੈਸਲਾ ਨਹੀਂ ਲੈ ਸਕਦਾ। ਬਿਕਰਮ ਸਿੰਘ ਮਜੀਠੀਆ ਵਲੋਂ ਪੰਥਕ ਏਕਤਾ ਦੀ ਕੀਤੀ ਰਾਜਨੀਤਿਕ ਅਪੀਲ ਦਾ ਸਵਾਗਤ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੱਕ ਸੁਖਬੀਰ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਅਤੇ 328 ਪਾਵਨ ਸਰੂਪ ਮਾਮਲੇ ਵਿਚ ਉਨਾਂ ਦੀ ਭੂਮਿਕਾ ਸੰਬੰਧੀ ਸੱਚ ਸਾਹਮਣੇ ਨਹੀਂ ਆਉਂਦਾ, ਉਦੋਂ ਤੱਕ ਇਹ ਸਮਝੌਤਾ ਸੰਭਵ ਨਹੀਂ ਹੋ ਸਕਦਾ। ਇਸ ਮੌਕੇ ਪਾਰਟੀ ਆਗੂ ਮਨਿੰਦਰ ਸਿੰਘ ਧੁੰਨਾ ਤੇ ਅਜੇਪਾਲ ਸਿੰਘ ਮੀਰਾਂਕੋਟ ਆਦਮੀ ਹਾਜ਼ਰ ਸਨ।