ਯੂਕਰੇਨ ਤੋਂ 225 ਵਿਦਿਆਰਥੀਆਂ ਦੀ ਸੁਰੱਖਿਅਤ ਵਤਨ ਵਾਪਸੀ ਹੋਈ : ਮੁੱਖ ਸਕੱਤਰ
ਯੂਕਰੇਨ ਤੋਂ 225 ਵਿਦਿਆਰਥੀਆਂ ਦੀ ਸੁਰੱਖਿਅਤ ਵਤਨ ਵਾਪਸੀ ਹੋਈ : ਮੁੱਖ ਸਕੱਤਰ
ਚੰਡੀਗੜ੍ਹ, 4 ਮਾਰਚ (ਪਪ) : ਯੂਕਰੇਨ ਤੋਂ ਹੁਣ ਤੱਕ 225 ਵਿਦਿਆਰਥੀ ਸਹੀ ਸਲਾਮਤ ਪੰਜਾਬ ਪਰਤ ਚੁੱਕੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਮੁੱਖ ਸਕੱਤਰ ਸ੍ਰੀ ਅਨਿਰੁਧ ਤਿਵਾੜੀ ਦੀ ਪ੍ਰਧਾਨਗੀ ਵਿੱਚ ਸੁੱਕਰਵਾਰ ਨੂੰ ਉਨ੍ਹਾਂ ਦੇ ਦਫਤਰ ਵਿਖੇ ਹੋਈ ਮੀਟਿੰਗ ਦੌਰਾਨ ਕੀਤਾ ਗਿਆ।
ਸਬੰਧਤ ਅਧਿਕਾਰੀਆਂ ਨੂੰ ਯੂਕਰੇਨ ਵਿੱਚ ਫਸੇ ਬਾਕੀ ਵਿਦਿਆਰਥੀਆਂ ਅਤੇ ਹੋਰ ਵਿਅਕਤੀਆਂ ਦੀ ਸੁਰੱਖਿਅਤ ਵਾਪਸੀ ਨੂੰ ਯਕੀਨੀ ਬਣਾਉਣ ਦੇ ਮੱਦੇਨਜਰ ਉੁਨ੍ਹਾਂ ਕਿਹਾ ਕਿ ਸੰਕਟ ਦੀ ਇਸ ਘੜੀ ਵਿੱਚ ਦੁਖੀ ਪਰਿਵਾਰਾਂ ਦੀ ਮਦਦ ਲਈ ਸੂਬਾ ਸਰਕਾਰ ਵਲੋਂ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ ।
ਸੂਬਾ ਸਰਕਾਰ ਵੱਲੋਂ 24 ਘੰਟੇ ਸੇਵਾ ਮੁਹੱਈਆ ਕਰਵਾਉਣ ਲਈ ਵਿਸੇਸ ਤੌਰ ਉੱਤੇ ਸਥਾਪਿਤ ਕੀਤੇ ਕੰਟਰੋਲ ਰੂਮ ਦੇ ਸੰਪਰਕ ਨੰਬਰ 1100 (ਪੰਜਾਬ ਵਿੱਚੋਂ ਕਾਲ ਕਰਨ ਲਈ) ਅਤੇ +91-172-4111905 (ਭਾਰਤ ਤੋਂ ਬਾਹਰੋਂ ਕਾਲ ਕਰਨ ਲਈ) ’ਤੇ ਆਈਆਂ ਕਾਲਾਂ ਦੀ ਸਥਿਤੀ ਦਾ ਜਾਇਜਾ ਲੈਣ ਦੌਰਾਨ ਮੁੱਖ ਸਕੱਤਰ ਨੂੰ ਦੱਸਿਆ ਗਿਆ ਕਿ ਹੁਣ ਤੱਕ ਕੰਟਰੋਲ ਰੂਮ ਨੰਬਰਾਂ ’ਤੇ ਕੁੱਲ 476 ਕਾਲਾਂ ਪ੍ਰਾਪਤ ਹੋਈਆਂ ਹਨ ਅਤੇ ਇਹ ਕਾਲਾਂ ਤੁਰੰਤ ਭਾਰਤ ਸਰਕਾਰ ਦੇ ਵਿਦੇਸ ਮੰਤਰਾਲੇ ਨੂੰ ਭੇਜੀਆਂ ਜਾ ਰਹੀਆਂ ਹਨ ਤਾਂ ਜੋ ਯੂਕਰੇਨ ਵਿੱਚ ਫਸੇ ਲੋਕਾਂ ਦੀ ਸੁਰੱਖਿਅਤ ਵਤਨ ਵਾਪਸੀ ਨੂੰ ਯਕੀਨੀ ਬਣਾਇਆ ਜਾ ਸਕੇੇ।ਉਨ੍ਹਾਂ ਨੂੰ ਇਹ ਵੀ ਦੱਸਿਆ ਗਿਆ ਕਿ ਸੂਬਾ ਸਰਕਾਰ ਦੇ ਅਧਿਕਾਰੀਆਂ ਵੱਲੋਂ ਵੀ 326 ਪ੍ਰਭਾਵਿਤ ਪਰਿਵਾਰਾਂ ਤੱਕ ਪਹੁੰਚ ਕੀਤੀ ਗਈ।
ਤਿਵਾੜੀ ਨੇ ਪ੍ਰਭਾਵਿਤ ਵਿਅਕਤੀਆਂ ਅਤੇ ਉਨ੍ਹਾਂ ਦੇ ਰਿਸਤੇਦਾਰਾਂ ਨੂੰ ਅਪੀਲ ਕੀਤੀ ਕਿ ਉਹ ਤੁਰੰਤ ਪੰਜਾਬ ਸਰਕਾਰ ਦੇ ਹੈਲਪਲਾਈਨ ਨੰਬਰਾਂ ’ਤੇ ਸੰਪਰਕ ਕਰਨ ਤਾਂ ਜੋ ਉਨ੍ਹਾਂ ਦੀ ਮਦਦ ਕੀਤੀ ਜਾ ਸਕੇ। ਉਨ੍ਹਾਂ ਯੂਕਰੇਨ ’ਚ ਫਸੇ ਹੋਏ ਵਿਅਕਤੀਆਂ ਦੇ ਮਾਪਿਆਂ ਅਤੇ ਰਿਸਤੇਦਾਰਾਂ ਨੂੰ ਇਹ ਅਪੀਲ ਵੀ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਰਹੱਦੀ ਚੌਕੀਆਂ ’ਤੇ ਸਫਾਰਤਖਾਨਾ (ਅੰਬੈਸੀ) ਅਤੇ ਭਾਰਤ ਸਰਕਾਰ ਦੇ ਅਧਿਕਾਰੀਆਂ ਨਾਲ ਸੰਪਰਕ ਕਰਨ ਅਤੇ ਭਾਰਤ ਸਰਕਾਰ ਦੇ ਵਿਦੇਸ ਮੰਤਰਾਲੇ ਵਲੋਂ ਜਾਰੀ ਦਿਸਾ-ਨਿਰਦੇਸਾਂ ਦੀ ਸਖਤੀ ਨਾਲ ਪਾਲਣਾ ਕਰਨ ਲਈ ਕਹਿਣ।
ਰੈਜੀਡੈਂਟ ਕਮਿਸਨਰ, ਪੰਜਾਬ ਸ੍ਰੀਮਤੀ ਰਾਖੀ ਗੁਪਤਾ ਭੰਡਾਰੀ ਨੇ ਮੁੱਖ ਸਕੱਤਰ ਨੂੰ ਦੱਸਿਆ ਕਿ ਯੂਕਰੇਨ ’ਚ ਫਸੇ ਵਿਦਿਆਰਥੀਆਂ ਅਤੇ ਵਿਅਕਤੀਆਂ ਦੀ ਸੁਰੱਖਿਅਤ ਵਤਨ ਵਾਪਸੀ ਲਈ ਸਾਰੇ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਉਹ ਭਾਰਤੀ ਸਫਾਰਤਖਾਨੇ ਨਾਲ ਲਗਾਤਾਰ ਸੰਪਰਕ ਵਿੱਚ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬ ਦੇ ਕਿਸੇ ਵੀ ਵਸਨੀਕ ਨੂੰ ਆਪਣੇ ਘਰ ਪਰਤਣ ਵਿੱਚ ਕਿਸੇ ਕਿਸਮ ਦੀ ਕੋਈ ਪਰੇਸਾਨੀ ਦਾ ਸਾਹਮਣਾ ਨਾ ਕਰਨਾ ਪਵੇ। ਏ.ਡੀ.ਜੀ.ਪੀ. (ਲੋਕ ਸਿਕਾਇਤਾਂ) ਅਤੇ 24 ਘੰਟੇ ਡੈਡੀਕੇਟਡ ਕੰਟਰੋਲ ਰੂਮ ਦੇ ਸਟੇਟ ਨੋਡਲ ਅਫਸਰ ਸ੍ਰੀ ਐਮ.ਐਫ. ਫਾਰੂਕੀ ਨੇ ਦੱਸਿਆ ਕਿ ਯੂਕਰੇਨ ਤੋਂ ਵਾਪਸ ਪਰਤੇ ਵਿਦਿਆਰਥੀਆਂ ਨੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਕੀਤੇ ਯਤਨਾਂ ਲਈ ਸੂਬਾ ਸਰਕਾਰ ਦਾ ਧੰਨਵਾਦ ਕੀਤਾ।
ਮੀਟਿੰਗ ਵਿੱਚ ਗ੍ਰਹਿ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਅਨੁਰਾਗ ਵਰਮਾ, ਆਮ ਪ੍ਰਸਾਸਨ ਤੇੇ ਤਾਲਮੇਲ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਵਿਵੇਕ ਪ੍ਰਤਾਪ ਸਿੰਘ, ਏ.ਡੀ.ਜੀ.ਪੀ. ਕਾਨੂੰਨ ਤੇ ਵਿਵਸਥਾ ਸ੍ਰੀ ਨਰੇਸ ਅਰੋੜਾ, ਸਟੇਟ ਟਰਾਂਸਪੋਰਟ ਕਮਿਸਨਰ ਸ੍ਰੀ ਵਿਮਲ ਸੇਤੀਆ ਅਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਵੀ ਸਾਮਲ ਹੋਏ।