ਬ੍ਰਹਮ ਸ਼ੰਕਰ ਜਿੰਪਾ ਵਲੋਂ ਪਾਣੀ ਵਾਲੀਆਂ ਟੈਂਕੀਆਂ ਦੀ ਸਮੇਂ ਸਿਰ ਸਫ਼ਾਈ ਯਕੀਨੀ ਬਣਾਉਣ ਦੇ ਨਿਰਦੇਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਵੱਲੋਂ ਗਰਮੀਆਂ ਦੇ ਮੌਸਮ ਨੂੰ ਦੇਖਦਿਆਂ ਪੀਣ ਵਾਲੇ ਪਾਣੀ ਦੀ ਮੰਗ ਦੀ ਪੂਰਤੀ ਲਈ ਤਿਆਰੀਆਂ ਦੀ ਸਮੀਖਿਆ

Bram Shanker Jimpa reviews preparedness to meet demand of drinking water in summer season

 

ਚੰਡੀਗੜ੍ਹ: ਸੂਬੇ ਦੇ ਪੇਂਡੂ ਖੇਤਰਾਂ ਵਿਚਲੇ ਘਰਾਂ ਨੂੰ ਸਾਫ਼ ਤੇ ਪੀਣ-ਯੋਗ ਪਾਣੀ ਦੀ ਸਪਲਾਈ ਮੁਹੱਈਆ ਕਰਵਾਉਣ ਲਈ ਪੰਜਾਬ ਦੇ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦੂਸ਼ਿਤ ਪਾਣੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਾਅ ਲਈ ਸਾਰੀਆਂ ਪਾਣੀ ਵਾਲੀਆਂ ਟੈਂਕੀਆਂ ਦੀ ਸਮੇਂ ਸਿਰ ਸਫਾਈ ਯਕੀਨੀ ਬਣਾਈ ਜਾਵੇ।


Bram Shanker Jimpa

ਅੱਜ ਇੱਥੇ ਮਗਸੀਪਾ, ਸੈਕਟਰ-26, ਵਿਖੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਘਰ ਨੂੰ ਟੂਟੀ ਵਾਲਾ ਸਾਫ ਤੇ ਪੀਣ-ਯੋਗ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਹਰ ਘਰ ਵਿੱਚ ਪੀਣ ਵਾਲੇ ਸਾਫ਼ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਨੇ ਅਧਿਕਾਰੀਆਂ ਨੂੰ ਜਲ ਸਪਲਾਈ ਦੇ ਸਾਰੇ ਚੱਲ ਰਹੇ ਪ੍ਰਾਜੈਕਟਾਂ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਪ੍ਰਾਜੈਕਟਾਂ ਨੂੰ ਤਿਆਰ ਕਰਨ ਅਤੇ ਲਾਗੂਕਰਨ ਸਮੇਂ ਸਥਾਨਕ ਵਿਧਾਇਕਾਂ ਨਾਲ ਮਿਲ ਕੇ ਕੰਮ ਕਰਨ ਲਈ ਵੀ ਕਿਹਾ।

water

ਗਰਮੀਆਂ ਦੇ ਮੌਸਮ ਦੌਰਾਨ ਪੀਣ ਵਾਲੇ ਪਾਣੀ ਦੀ ਵੱਧ ਮੰਗ ਦੀ ਪੂਰਤੀ ਦੇ ਮੱਦੇਨਜ਼ਰ ਵਿਭਾਗ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਂਦਿਆਂ ਮੰਤਰੀ ਨੇ ਅਧਿਕਾਰੀਆਂ ਨੂੰ ਗਰਮੀ ਦੇ ਦਿਨਾਂ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਦੀ ਕਮੀ ਨਾਲ ਨਜਿੱਠਣ ਲਈ ਵਾਧੂ ਮਸ਼ੀਨਰੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਇਸ ਗੱਲ ਨੂੰ ਗੰਭੀਰਤਾ ਨਾਲ ਯਕੀਨੀ ਬਣਾਇਆ ਜਾਵੇ ਕਿ ਪੇਂਡੂ ਖੇਤਰਾਂ ਵਿੱਚ ਪਾਣੀ ਦੀ ਸਪਲਾਈ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਪਾਣੀ ਦਾ ਪ੍ਰੈੱਸ਼ਰ ਵੀ ਪੂਰਾ ਰੱਖਿਆ ਜਾਵੇ। ਉਨ੍ਹਾਂ ਕਿਹਾ ਕਿ ਜਲ ਸਪਲਾਈ ਸਬੰਧੀ ਲੀਕੇਜ ਅਤੇ ਹੋਰ ਸ਼ਿਕਾਇਤਾਂ ਦਾ ਵੀ ਬਿਨਾਂ ਦੇਰੀ ਨਿਪਟਾਰਾ ਕੀਤਾ ਜਾਵੇ।

Bram Shanker Jimpa

ਵਿਭਾਗ ਦੇ ਅਧਿਕਾਰੀਆਂ ਨੂੰ ਪੀਣ ਵਾਲੇ ਪਾਣੀ ਦੀ ਸ਼ੁੱਧਤਾ ਅਤੇ ਸੰਭਾਲ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਦੇ ਨਿਰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਪਾਣੀ ਦੀ ਕਮੀ ਪ੍ਰਤੀ ਜਾਗਰੂਕ ਕੀਤਾ ਜਾਣਾ ਚਾਹੀਦਾ ਹੈ ਅਤੇ ਇਸ ਬੇਸ਼ਕੀਮਤੀ ਕੁਦਰਤੀ ਸੋਮੇ ਨੂੰ ਬਚਾਉਣ ਲਈ ਇਸ ਦਿਸ਼ਾ ਵਿੱਚ ਗੰਭੀਰਤਾ ਨਾਲ ਕਦਮ ਚੁੱਕੇ ਜਾਣੇ ਚਾਹੀਦੇ ਹਨ।


Bram Shanker Jimpa

ਮੰਤਰੀ ਦਾ ਸਵਾਗਤ ਕਰਦਿਆਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀ ਪ੍ਰਮੁੱਖ ਸਕੱਤਰ ਸ੍ਰੀਮਤੀ ਜਸਪ੍ਰੀਤ ਤਲਵਾੜ ਨੇ ਮੰਤਰੀ ਨੂੰ ਸੂਬੇ ਵਿੱਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੀਆਂ ਮੁੱਖ ਗਤੀਵਿਧੀਆਂ, ਪਹਿਲਕਦਮੀਆਂ ਅਤੇ ਚੱਲ ਰਹੇ ਪ੍ਰਾਜੈਕਟਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਜਲ ਸਪਲਾਈ ਅਤੇ ਸੈਨੀਟੇਸ਼ਨ ਮੰਤਰੀ ਨੂੰ ਇਹ ਵੀ ਭਰੋਸਾ ਦਿੱਤਾ ਕਿ ਸਾਰੇ ਪ੍ਰਾਜੈਕਟਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਦਿਆਂ ਪਾਰਦਰਸ਼ੀ ਢੰਗ ਨਾਲ ਸਮੇਂ ਸਿਰ ਨੇਪਰੇ ਚਾੜ੍ਹਿਆ ਜਾਵੇਗਾ। ਮੀਟਿੰਗ ਵਿੱਚ ਮੁੱਖ ਇੰਜੀਨੀਅਰਾਂ, ਸੁਪਰਡੈਂਟ ਇੰਜੀਨੀਅਰਾਂ ਤੇ ਸੀਨੀਅਰ ਸਲਾਹਕਾਰ (ਵਾਟਰ ਕੁਆਲਿਟੀ) ਤੋਂ ਇਲਾਵਾ ਹੋਰ ਅਧਿਕਾਰੀ ਵੀ ਹਾਜ਼ਰ ਸਨ।