ਅਧਿਆਪਕਾਂ ਖਿਲਾਫ਼ ਕਾਰਵਾਈ ਸਬੰਧੀ ਵਿਰੋਧੀਆਂ ਨੇ ਘੇਰੀ AAP ਸਰਕਾਰ, ਕਿਹਾ- ਇਹ ਕਿਹੋ ਜਿਹਾ ਬਦਲਾਅ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਇਹ ਕਿਹੋ ਜਿਹਾ ਬਦਲਾਅ ਹੈ, ਜਿੱਥੇ ਆਪਣੇ ਹੱਕਾਂ ਲਈ ਲੜਨਾ ਵੀ ਗੁਨਾਹ ਹੈ?

Teachers protest

 

ਚੰਡੀਗੜ੍ਹ: ਪੰਜਾਬ ਦੇ ਸਿੱਖਿਆ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਰਿਹਾਇਸ਼ ਦੇ ਬਾਹਰ ਅਧਿਆਪਕਾਂ ਵੱਲੋਂ ਕੀਤੇ ਗਏ ਪ੍ਰਦਰਸ਼ਨ ਨੂੰ ਲੈ ਕੇ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਸਾਰੇ ਅਧਿਆਪਕਾਂ ਦੀਆਂ ਛੁੱਟੀਆਂ ਰੱਦ ਕਰਨ ਦੇ ਹੁਕਮ ਦਿੱਤੇ ਹਨ। ਉਹਨਾਂ ਸੂਬੇ ਦੇ ਸਮੂਹ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਤੁਰੰਤ ਅਧਿਆਪਕਾਂ ਖਿਲਾਫ਼ ਅਨੁਸ਼ਾਸਨੀ ਕਾਰਵਾਈ ਕਰਨ ਲਈ ਕਿਹਾ ਹੈ। ਇਸ ਦੀ ਰਿਪੋਰਟ ਵੀ ਤਲਬ ਕੀਤੀ ਗਈ ਹੈ।


Photo

ਇਸ ਹੁਕਮ ਵਿਚ ਕਿਹਾ ਗਿਆ ਕਿ 4 ਅਪ੍ਰੈਲ ਨੂੰ ਅਧਿਆਪਕ ਘਰੇਲੂ ਜਾਂ ਜ਼ਰੂਰੀ ਕੰਮਾਂ ਲਈ ਛੁੱਟੀ ਲੈ ਕੇ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨੇ ਵਿਚ ਸ਼ਾਮਲ ਹੋਏ। ਉਹਨਾਂ ਦੀ ਛੁੱਟੀ ਰੱਦ ਕਰਦਿਆਂ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਵੇ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਇਸ ਦੀ ਜ਼ਿੰਮੇਵਾਰੀ ਜ਼ਿਲ੍ਹਾ ਸਿੱਖਿਆ ਅਫ਼ਸਰਾਂ ਦੀ ਹੋਵੇਗੀ। ਇਸ ਦੇ ਨਾਲ ਹੀ ਕਾਂਗਰਸੀ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੂੰ ਸਵਾਲ ਕੀਤਾ ਕਿ ਇਹ ਕਿਹੋ ਜਿਹਾ ਬਦਲਾਅ ਹੈ, ਜਿੱਥੇ ਆਪਣੇ ਹੱਕਾਂ ਲਈ ਲੜਨਾ ਵੀ ਗੁਨਾਹ ਹੈ?

Teachers protest in front of Education Minister's residence

ਐਲੀਮੈਂਟਰੀ ਟੀਚਰ ਟਰੇਨਿੰਗ (ਈਟੀਟੀ) ਅਧਿਆਪਕਾਂ ਨੇ ਸਿੱਖਿਆ ਮੰਤਰੀ ਗੁਰਮੀਤ ਮੀਤ ਹੇਅਰ ਦੀ ਰਿਹਾਇਸ਼ ਦੇ ਬਾਹਰ ਧਰਨਾ ਦਿੱਤਾ ਸੀ। ਉਹ ਸਰਕਾਰ ਤੋਂ ਡੈਪੂਟੇਸ਼ਨ ਰੱਦ ਕਰਨ ਦੀ ਮੰਗ ਕਰ ਰਹੇ ਹਨ। ਉਹਨਾਂ ਦੀ ਸਰਕਾਰ ਤੋਂ ਮੰਗ ਹੈ ਕਿ ਡੈਪੂਟੇਸ਼ਨ ’ਤੇ ਤਬਾਦਲੇ ਦੀ ਨੀਤੀ ਰੱਦ ਕੀਤੀ ਜਾਵੇ। ਇਸ ਕਾਰਨ ਅਧਿਆਪਕ ਆਪਣੀ ਅਸਲ ਪੋਸਟਾਂ ਤੋਂ ਦੂਰ ਹੋ ਕੇ ਕਿਤੇ ਹੋਰ ਡੈਪੂਟੇਸ਼ਨ ’ਤੇ ਕੰਮ ਕਰਨ ਲਈ ਮਜਬੂਰ ਹਨ। ਹਾਲਾਂਕਿ ਅਧਿਆਪਕਾਂ ਦਾ ਇਹ ਪ੍ਰਦਰਸ਼ਨ ਹੁਣ ਖਤਮ ਹੋ ਚੁੱਕਾ ਹੈ।

Tweet

ਡੈਮੋਕ੍ਰੇਟਿਕ ਟੀਚਰਜ਼ ਫਰੰਟ ਦੇ ਪੰਜਾਬ ਪ੍ਰਧਾਨ ਵਿਕਰਮ ਦੇਵ ਨੇ ਕਿਹਾ ਕਿ ਇਹ ਗੈਰ-ਜਮਹੂਰੀ ਫੈਸਲਾ ਹੈ। ਆਮ ਆਦਮੀ ਪਾਰਟੀ ਨੇ ਚੋਣਾਂ ਵਿਚ ਹੋਰਨਾਂ ਪਾਰਟੀਆਂ ਦੇ ਮੁਕਾਬਲੇ ਨਰਮੀ ਦਿਖਾਉਣ ਦਾ ਐਲਾਨ ਕੀਤਾ ਸੀ। ਉਲਟਾ ਅਜਿਹੀ ਸਖ਼ਤੀ ਕੀਤੀ ਜਾ ਰਹੀ ਹੈ। ਸਰਕਾਰ ਨੂੰ ਤੁਰੰਤ ਅਧਿਆਪਕਾਂ ਨਾਲ ਮੁਲਾਕਾਤ ਕਰਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣਨੀਆਂ ਚਾਹੀਦੀਆਂ ਸਨ। ਉਹਨਾਂ ਨੇ ਇਸ ਹੁਕਮ ਨੂੰ ਵਾਪਸ ਲੈਣ ਦੀ ਮੰਗ ਕੀਤੀ।

Tweet

ਇਸ ਦੇ ਨਾਲ ਹੀ ਭਾਜਪਾ ਆਗੂ ਸੁਭਾਸ਼ ਸ਼ਰਮਾ ਨੇ ਕਿਹਾ, “ਪੰਜਾਬ 'ਚ ਬਦਲਾਅ ਦੀ ਸ਼ੁਰੂਆਤ। 'ਆਪ' ਪੰਜਾਬ ਸਰਕਾਰ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਦੇ ਸਿੱਖਿਆ ਮੰਤਰੀ ਦੇ ਘਰ ਦੇ ਬਾਹਰ ਧਰਨਾ ਦੇ ਰਹੇ ਅਧਿਆਪਕਾਂ ਖਿਲਾਫ ਵਿਭਾਗੀ ਕਾਰਵਾਈ ਦੇ ਹੁਕਮ ਦਿੱਤੇ ਹਨ। ਪੱਗ ਭਗਤ ਸਿੰਘ ਵਾਲੀ ਤੇ ਕੰਮ ਅੰਗਰੇਜ਼ਾਂ ਵਾਲੇ। ਬੱਲੇ ਓਏ ਭਗਵੰਤ ਮਾਨ ਸਾਬ੍ਹ”।