ਪੀਡੀਪੀ ਦੇ ਸੀਨੀਅਰ ਆਗੂ ਸੁਰਿੰਦਰ ਚੌਧਰੀ ਇੱਕ ਦਰਜਨ ਤੋਂ ਵੱਧ ਆਗੂਆਂ ਸਮੇਤ ਭਾਜਪਾ ਵਿਚ ਸ਼ਾਮਲ 

ਏਜੰਸੀ

ਖ਼ਬਰਾਂ, ਪੰਜਾਬ

ਜੰਮੂ-ਕਸ਼ਮੀਰ ਦੇ ਹਿਟਲਰ ਬੇਦਖਲ ਕੀਤੇ ਜਾਣੇ ਚਾਹੀਦੇ ਹਨ- ਤਰੁਣ ਚੁੱਘ

Tarun Chug

 

ਜੰਮੂ/ਚੰਡੀਗੜ੍ਹ - ਪੀਡੀਪੀ ਨੂੰ ਅੱਜ ਜੰਮੂ-ਕਸ਼ਮੀਰ ਵਿਚ ਇੱਕ ਹੋਰ ਝਟਕਾ ਲੱਗਾ ਜਦੋਂ ਪੀਡੀਪੀ ਦੇ ਸੀਨੀਅਰ ਆਗੂ ਸੁਰਿੰਦਰ ਚੌਧਰੀ ਇੱਕ ਦਰਜਨ ਤੋਂ ਵੱਧ ਹੋਰ ਆਗੂਆਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ। ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੇ ਜੰਮੂ ਵਿਚ ਇੱਕ ਸਮਾਗਮ ਵਿਚ ਉਨ੍ਹਾਂ ਦਾ ਪਾਰਟੀ ਵਿਚ ਸਵਾਗਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਕਾਸ ਏਜੰਡੇ ਨੇ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਕੀਤੀ ਹੈ ਜਿਸ ਤੋਂ ਬਾਅਦ ਭਾਜਪਾ ਕੇਂਦਰ ਸ਼ਾਸਤ ਪ੍ਰਦੇਸ਼ ਵਿਚ ਪ੍ਰਸਿੱਧੀ ਹਾਸਲ ਕਰ ਰਹੀ ਹੈ।
 

ਅਬਦੁੱਲਾ ਅਤੇ ਮੁਫ਼ਤੀ ਪਰਿਵਾਰਾਂ 'ਤੇ ਆਪਣੇ ਹਮਲੇ ਨੂੰ ਕੇਂਦਰਿਤ ਕਰਦੇ ਹੋਏ ਚੁੱਘ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਜੰਮੂ-ਕਸ਼ਮੀਰ ਦੇ ਹਿਟਲਰ ਬੇਨਕਾਬ ਹੋਣ ਕਿਉਂਕਿ ਉਨ੍ਹਾਂ ਨੇ ਪਿਛਲੇ ਛੇ ਦਹਾਕਿਆਂ ਵਿਚ ਪਰਿਵਾਰਕ ਕਾਰੋਬਾਰ ਨੂੰ ਅੱਗੇ ਵਧਾਇਆ ਅਤੇ ਰਾਜ ਦੇ ਸਰੋਤਾਂ ਦਾ ਸ਼ੋਸ਼ਣ ਕੀਤਾ।
ਉਨ੍ਹਾਂ ਕਿਹਾ ਕਿ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਾਣ-ਸਨਮਾਨ ਦੇਣ ਲਈ ਸ਼ਿਆਮਾ ਪ੍ਰਸਾਦ ਮੁਖਰਜੀ ਵੱਲੋਂ ਸ਼ੁਰੂ ਕੀਤਾ ਗਿਆ ਸੰਘਰਸ਼ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਕਾਮਯਾਬ ਹੋਇਆ ਹੈ।

ਚੁੱਘ ਨੇ ਕਿਹਾ ਕਿ ਭਾਜਪਾ ਨੇ ਜੰਮੂ-ਕਸ਼ਮੀਰ ਨੂੰ ਅੱਤਵਾਦੀ ਤੋਂ ਸੈਰ-ਸਪਾਟਾ ਰਾਜ ਵਿਚ ਬਦਲ ਦਿੱਤਾ ਹੈ।  ਨੌਜਵਾਨਾਂ ਨੂੰ ਗ੍ਰੇਨੇਡ ਅਤੇ ਪੱਥਰਾਂ ਦੀ ਬਜਾਏ ਲੈਪਟਾਪ ਅਤੇ ਕੰਪਿਊਟਰ ਦਿੱਤੇ ਗਏ ਹਨ। ਚੁੱਘ ਨੇ ਪਾਰਟੀ ਵਰਕਰਾਂ ਨੂੰ ਕਿਹਾ ਕਿ ਪ੍ਰਧਾਨ ਮੰਤਰੀ ਦੇ ਸੁਪਨੇ ਨੂੰ ਸਾਕਾਰ ਕਰਨ ਦੀ ਲੋੜ ਹੈ ਅਤੇ ਸਾਨੂੰ ਸਾਰਿਆਂ ਨੂੰ ਇਸ ਲਈ ਕੰਮ ਕਰਨਾ ਚਾਹੀਦਾ ਹੈ।