ਵਿਸ਼ਵ ਵਾਤਾਵਰਨ ਦਿਵਸ: ਵਧਦੇ ਪ੍ਰਦੂਸ਼ਣ ਨੂੰ ਲੈ ਕੇ ਕੈਪਟਨ ਨੇ ਜਤਾਈ ਚਿੰਤਾ, ਦਿਤਾ ਖ਼ਾਸ ਸੁਨੇਹਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੈਪਟਨ ਅਮਰਿੰਦਰ ਸਿੰਘ ਆਈਆਈਟੀ ਰੋਪੜ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਹੋਏ ਸ਼ਾਮਲ

World Environment Day 2019

ਰੂਪਨਗਰ: ਅੱਜ ਵਿਸ਼ਵ ਵਾਤਾਵਰਨ ਦਿਵਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਈਆਈਟੀ ਰੋਪੜ ਵਿਖੇ ਕਰਵਾਏ ਗਏ ਰਾਜ ਪੱਧਰੀ ਸਮਾਗਮ ’ਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇਪੀ ਸਿੰਘ, ਟੈਕਨੀਕਲ ਐਜੂਕੇਸ਼ਨ ਮੰਤਰੀ ਚਰਨਜੀਤ ਸਿੰਘ ਚੰਨੀ, ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ, ਇੰਡਸਟਰੀ ਮੰਤਰੀ ਸ਼ਾਮ ਸੁੰਦਰ ਅਰੋੜਾ,  ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ ਵਿਸ਼ੇਸ਼ ਤੌਰ ’ਤੇ ਸ਼ਾਮਲ ਹੋਏ। ਇਹ ਰਾਜ ਪੱਧਰੀ ਸਮਾਗਮ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਪ੍ਰਕਾਸ਼ ਉਤਸਵ ਨੂੰ ਸਮਰਪਿਤ ਕੀਤਾ ਗਿਆ।

 ਇਸ ਦੌਰਾਨ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਅੱਜ ਅਸੀਂ ਅਜਿਹਾ ਦਿਵਸ ਮਨਾ ਰਹੇ ਹਾਂ ਜੋ ਪੂਰੀ ਦੁਨੀਆ ਵਿਚ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ‌ਹੈ। ਉਨ੍ਹਾਂ ਕਿਹਾ ਕਿ ਅੱਜ ਸਭ ਤੋਂ ਵੱਧ ਲੋੜ ਹੈ ਸਾਨੂੰ ਅਪਣੇ ਵਾਤਾਵਰਨ ਨੂੰ ਬਚਾਉਣ ਦੀ ਤੇ ਵੱਧ ਤੋਂ ਵੱਧ ਪੌਦੇ ਲਗਾਉਣ ਦੀ। ਵਾਤਾਵਰਨ ਦੀ ਸੰਭਾਲ ਲਈ ਸਾਨੂੰ ਖ਼ੁਦ ਅੱਗੇ ਆਉਣਾ ਚਾਹੀਦਾ ਹੈ। ਨਦੀਆਂ-ਨਾਲਿਆਂ ਦਾ ਪਾਣੀ ਪ੍ਰਦੂਸ਼ਿਤ ਹੋ ਰਿਹਾ ਹੈ ਤੇ ਪੀਣ ਵਾਲਾ ਪਾਣੀ ਦੂਸ਼ਿਤ ਹੋਣਾ ਚਿੰਤਾ ਦਾ ਸਭ ਤੋਂ ਵੱਡਾ ਵਿਸ਼ਾ ਹੈ।

ਇਸ ਤੋਂ ਇਲਾਵਾ ਪਾਣੀ ਦਾ ਜ਼ਮੀਨੀ ਪੱਧਰ ਦਿਨੋਂ-ਦਿਨ ਹੇਠਾਂ ਜਾ ਰਿਹਾ ਹੈ। ਜੇਕਰ ਸਾਡਾ ਵਾਤਾਵਰਨ ਠੀਕ ਹੋਵੇਗਾ ਤਾਂ ਸਾਡੀ ਸਿਹਤ ਵੀ ਠੀਕ ਰਹੇਗੀ। ਬੱਚਿਆਂ ਨੂੰ ਫੇਫੜਿਆਂ ਦੀਆਂ ਬਿਮਾਰੀਆਂ ਲੱਗ ਰਹੀਆਂ ਹਨ ਜੋ ਕਿ ਵੱਧ ਰਹੇ ਪ੍ਰਦੂਸ਼ਣ ਨਾਲ ਹੋ ਰਿਹਾ ਹੈ। ਫੈਕਟਰੀਆਂ ਵਿਚੋਂ ਨਿਕਲਣ ਵਾਲੇ ਪ੍ਰਦੂਸ਼ਣ ’ਤੇ ਸਖ਼ਤੀ ਵਰਤਣ ਦੀ ਬਹੁਤ ਜ਼ਿਆਦਾ ਜ਼ਰੂਰਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਵੱਧ ਤੋਂ ਵੱਧ ਰੁੱਖ ਲਗਾਉਣ ਦੀ ਬਹੁਤ ਜ਼ਰੂਰਤ ਹੈ। ਖੇਤੀਬਾੜੀ ਦੇ ਨਾਲ-ਨਾਲ ਕਿਸਾਨਾਂ ਨੂੰ ਰੁੱਖ ਲਗਾਉਣ ਦੀ ਵੀ ਜ਼ਰੂਰਤ ਹੈ।

ਕੈਪਟਨ ਨੇ ਕਿਹਾ ਕਿ ਕਿਸਾਨਾਂ ਨੂੰ ਝੋਨਾ ਲਾਉਣ ਦੀ ਜ਼ਰੂਰਤ ਨਹੀਂ। ਹੁਣ ਸਬਜ਼ੀਆਂ ਲਗਾਉਣ ਦੀ ਲੋੜ ਹੈ। ਪੀਣ ਵਾਲੇ ਪਾਣੀ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਉਣਾ ਚਾਹੀਦਾ ਹੈ। ਇਸ ਮੌਕੇ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਡਾਇਰੈਕਟਰ ਕਾਹਨ ਸਿੰਘ ਪੰਨੂੰ, ਆਈਆਈਟੀ ਰੋਪੜ ਦੇ ਡਾਇਰੈਕਟਰ ਐਸ.ਕੇ. ਦਾਸ, ਬਾਬਾ ਸੇਵਾ ਸਿੰਘ ਕਾਰਸੇਵਾ ਵਾਲੇ, ਡੀਸੀ ਡਾ. ਸੁਮੀਤ ਜਾਰੰਗਲ, ਐਸਐਸਪੀ ਸਵਪਨ ਸ਼ਰਮਾ, ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬਰਿੰਦਰ ਸਿੰਘ ਢਿੱਲੋਂ ਆਦਿ ਮੌਜੂਦ ਸਨ।