ਬਰਗਾੜੀ ਗੋਲੀਕਾਂਡ ਮਾਮਲੇ ’ਚ ਇਨ੍ਹਾਂ 2 ਪੁਲਿਸ ਮੁਲਾਜ਼ਮਾਂ ਵਲੋਂ FIR ਰੱਦ ਕਰਨ ਦੀ ਮੰਗ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਦਾਇਰ ਕੀਤੀ ਪਟੀਸ਼ਨ

Punjab and Haryana High Court

ਚੰਡੀਗੜ੍ਹ: ਬਰਗਾੜੀ ਗੋਲੀਕਾਂਡ ਮਾਮਲੇ ’ਚ ਮੁਲਜ਼ਮ ਸਬ ਇੰਸਪੈਕਟਰ ਗੁਰਦੀਪ ਸਿੰਘ ਅਤੇ ਹੈੱਡ ਕਾਂਸਟੇਬਲ ਰਛਪਾਲ ਸਿੰਘ ਵਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਪਟੀਸ਼ਨ ਦਾਇਰ ਕਰਕੇ ਐਫ਼.ਆਈ.ਆਰ. ਰੱਦ ਕਰਨ ਦੀ ਮੰਗ ਕੀਤੀ ਗਈ ਹੈ। ਇਸ ਪਟੀਸ਼ਨ ਵਿਚ ਦੋਵਾਂ ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ’ਤੇ ਐਫ਼.ਆਈ.ਆਰ. ਦਰਜ ਹੋਣ ਦੇ 3 ਸਾਲ ਬਾਅਦ ਤੱਕ ਕੋਈ ਕਾਰਵਾਈ ਨਹੀਂ ਕੀਤੀ ਗਈ। ਅਜਿਹੇ ਵਿਚ ਐਫ਼.ਆਈ.ਆਰ. ਰੱਦ ਕੀਤੀ ਜਾਵੇ।

ਪਟੀਸ਼ਨ ’ਚ ਇਹ ਵੀ ਕਿਹਾ ਗਿਆ ਹੈ ਕਿ ਸਾਲ 2015 ਨੂੰ ਐਫ਼.ਆਈ.ਆਰ. ਦਰਜ ਕੀਤੇ ਜਾਣ ਤੋਂ ਬਾਅਦ ਸਾਲ 2018 ’ਚ ਫਿਰ ਤੋਂ ਕੇਸ ਦਰਜ ਕੀਤਾ ਗਿਆ, ਜੋ ਕਿ ਗੈਰ ਕਾਨੂੰਨੀ ਹੈ। ਇਸ ਮਾਮਲੇ ਸਬੰਧੀ ਅਦਾਲਤ ਵਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਪਟੀਸ਼ਨ 'ਚ ਐਸ.ਆਈ.ਟੀ. ਮੁਖੀ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ’ਤੇ ਵੀ ਦੋਸ਼ ਲਾਏ ਗਏ ਹਨ ਅਤੇ ਉਨ੍ਹਾਂ ਨੂੰ ਐਸ.ਆਈ.ਟੀ. ਵਿਚੋਂ ਹਟਾਉਣ ਦੀ ਮੰਗ ਕੀਤੀ ਹੈ। ਅਦਾਲਤ ਵਲੋਂ ਇਸ ਮਾਮਲੇ ਦੀ ਅਗਲੀ ਸੁਣਵਾਈ 8 ਜੁਲਾਈ ਨੂੰ ਤੈਅ ਕੀਤੀ ਗਈ ਹੈ।