ਨੱਢਾ ਨਾਲ ਦਿੱਲੀ ’ਚ ਮੁਲਾਕਾਤ ਮਗਰੋਂ ਬੋਲੇ ਜਾਖੜ : ਪੰਜਾਬ ’ਚ ਭਾਜਪਾ ਨੂੰ ਹੀ ਬਦਲ ਵਜੋਂ ਸਥਾਪਿਤ ਕਰਨਾ ਮੇਰੀ ਤਰਜੀਹ

ਏਜੰਸੀ

ਖ਼ਬਰਾਂ, ਪੰਜਾਬ

ਅਕਾਲੀ ਦਲ ਨਾਲ ਗਠਜੋੜ ’ਤੇ ਕਿਹਾ - ਹੁਣ ਭਾਜਪਾ ਵੱਡੇ ਭਰਾ ਵਜੋਂ ਗੱਲ ਕਰਨ ਦੀ ਸਥਿਤੀ ’ਚ ਆ ਗਈ ਹੈ

photo

 

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੂਬਾ ਇਕਾਈ ਦੇ ਨਵੇਂ ਬਣੇ ਪ੍ਰਧਾਨ ਸੁਨੀਲ ਜਾਖੜ ਨੇ ਬੁਧਵਾਰ ਨੂੰ ਕਿਹਾ ਕਿ ਲੋਕਤੰਤਰ ਵਿਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨਾ ਅਤੇ ਭਾਜਪਾ ਨੂੰ ਪੰਜਾਬ ਵਿਚ ਇਕੋ-ਇਕ ਬਦਲ ਵਜੋਂ ਸਥਾਪਤ ਕਰਨਾ ਉਨ੍ਹਾਂ ਦਾ ਮੁੱਖ ਟੀਚਾ ਹੋਵੇਗਾ।

ਇਥੇ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨਾਲ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਖੜ ਨੇ ਦਾਅਵਾ ਕੀਤਾ, ‘‘ਪੰਜਾਬ ਅੱਜ ਕਰਜ਼ਿਆਂ ਦੇ ਵਧਦੇ ਬੋਝ ਅਤੇ ਨਿਘਰਦੀ ਅਮਨ-ਕਾਨੂੰਨ ਦੀ ਸਥਿਤੀ ਕਾਰਨ ਬਹੁਤ ਤਰਸਯੋਗ ਹਾਲਤ ਵਿਚ ਹੈ।’’ ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਭਰ ਵਿਚ ਡਰ ਦਾ ਮਾਹੌਲ ਹੈ ਅਤੇ ਕਿਹਾ ਕਿ ਸੂਬੇ ਵਿਚ ਕੋਈ ਵੀ ਸੁਰਖਿਅਤ ਮਹਿਸੂਸ ਨਹੀਂ ਕਰ ਰਿਹਾ।

ਪਿਛਲੇ ਸਾਲ ਕਾਂਗਰਸ ਛੱਡ ਕੇ ਭਾਜਪਾ ’ਚ ਸ਼ਾਮਲ ਹੋਣ ਵਾਲੇ ਜਾਖੜ ਨੇ ਕਿਹਾ, ‘‘ਆਮ ਆਦਮੀ ਪਾਰਟੀ ਨੂੰ ਵੋਟ ਦੇਣ ਵਾਲੇ ਲੋਕ ਅੱਜ ਆਪਣੇ ਆਪ ਨੂੰ ਠੱਗਿਆ ਮਹਿਸੂਸ ਕਰ ਰਹੇ ਹਨ।’’

ਉਨ੍ਹਾਂ ਕਿਹਾ ਕਿ ਅਜਿਹੀ ਸਥਿਤੀ ਵਿਚ ਪੰਜਾਬ ਅੰਦਰ ਭਾਜਪਾ ਹੀ ਇਕੋ-ਇਕ ‘ਭਰੋਸੇਯੋਗ ਬਦਲ’ ਹੈ ਕਿਉਂਕਿ ਕਾਂਗਰਸ ਸਮੇਤ ਬਾਕੀ ਸਾਰੀਆਂ ਵਿਰੋਧੀ ਪਾਰਟੀਆਂ ਕੋਲ ਲੋਕਾਂ ਦੀ ਆਵਾਜ਼ ਬੁਲੰਦ ਕਰਨ ਦੀ ਨਾ ਤਾਂ ‘ਸਮਰੱਥਾ’ ਹੈ ਅਤੇ ਨਾ ਹੀ ‘ਵਿਸ਼ਵਾਸ’।

ਜਾਖੜ ਨੇ ਦੋਸ਼ ਲਾਇਆ, ‘‘ਅਖੌਤੀ ਮਾਨਤਾ ਪ੍ਰਾਪਤ ਵਿਰੋਧੀ ਪਾਰਟੀ ਕਾਂਗਰਸ ਨੇ ‘ਆਪ’ ਸਰਕਾਰ ਅੱਗੇ ਗੋਡੇ ਟੇਕ ਦਿਤੇ ਹਨ।’’ ਭਾਜਪਾ ਆਗੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਆਗੂਆਂ ਨੂੰ ਉਨ੍ਹਾਂ ਦੀਆਂ ਅੱਖਾਂ ਵਿਚ ਝਾਕਣ ਅਤੇ ਗੱਲ ਕਰਨ ਦੀ ਚੁਨੌਤੀ ਦਿਤੀ ਸੀ ਪਰ ਉਹ ਅਜਿਹਾ ਨਹੀਂ ਕਰ ਸਕਦੇ ਕਿਉਂਕਿ ਮਾਨ ਨੇ ਉਨ੍ਹਾਂ ਸਾਰਿਆਂ ਦਾ ਹਿਸਾਬ ਰਖਿਆ ਹੋਇਆ ਹੈ ਅਤੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕ ਦੇਣਗੇ।

ਜਾਖੜ ਨੇ ਭਾਜਪਾ ਦੀ ਪੰਜਾਬ ਇਕਾਈ ਦਾ ਪ੍ਰਧਾਨ ਬਣਨ ਤੋਂ ਬਾਅਦ ਅੱਜ ਪਹਿਲੀ ਵਾਰ ਨੱਢਾ ਨਾਲ ਮੁਲਾਕਾਤ ਕੀਤੀ।

ਜਾਖੜ ਨੇ ਕਿਹਾ, ‘‘ਮੇਰੀ ਪਹਿਲੀ ਤਰਜੀਹ ਪੰਜਾਬ ਵਿਚ ਲੋਕਤੰਤਰ ਅਤੇ ਰਾਜਨੀਤੀ ਵਿਚ ਲੋਕਾਂ ਦਾ ਵਿਸ਼ਵਾਸ ਬਹਾਲ ਕਰਨਾ ਹੈ, ਜਿੱਥੇ ਅਰਾਜਕਤਾ ਦਾ ਮਾਹੌਲ ਹੈ ਅਤੇ ਲੋਕਾਂ ਨੂੰ ਇਹ ਦੱਸਣਾ ਹੈ ਕਿ ਭਾਜਪਾ ਉਨ੍ਹਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੇ ਹਿੱਤ ਵਿਚ ਕੰਮ ਕਰੇਗੀ।’’

‘‘ਅਕਾਲੀ ਦਲ ਨਾਲ ਗਠਜੋੜ ਬਾਰੇ ਫੈਸਲਾ ਹਾਈਕਮਾਨ ਕਰੇਗੀ’’
ਅਕਾਲੀ ਦਲ ਨਾਲ ਗਠਜੋੜ ਬਾਰੇ ਪੁੱਛੇ ਇਕ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਦਾ ਫੈਸਲਾ ਪਾਰਟੀ ਹਾਈਕਮਾਨ ਕਰੇਗੀ।

ਉਨ੍ਹਾਂ ਇਹ ਵੀ ਕਿਹਾ ਕਿ ਅਕਾਲੀ ਦਲ ਨਾਲ ਗਠਜੋੜ ਕਾਰਨ ਸੀਟਾਂ ਘੱਟ ਰਹਿਣ ਕਾਰਨ ਭਾਜਪਾ ਨੂੰ ਕਾਫ਼ੀ ਨੁਕਸਾਨ ਚੁਕਣਾ ਪੈਂਦਾ ਹੈ ਅਤੇ ਸੂਬੇ ਦੇ ਕਈ ਇਲਾਕੇ, ਖ਼ਾਸ ਤੌਰ ’ਤੇ ਪੰਜਾਬ ਦੇ ਪੇਂਡੂ ਇਲਾਕਿਆਂ ’ਚ, ਭਾਜਪਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਜ਼ਿੰਮੇਵਾਰੀ ਮਿਲੀ ਹੈ ਕਿ ਉਹ ਪਾਰਟੀ ਨੂੰ ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ਤਕ ਲੈ ਕੇ ਜਾਣ। 

ਉਨ੍ਹਾਂ ਕਿਹਾ, ‘‘ਹੁਣ ਅਕਾਲੀ ਦੀ ਹਾਲਤ ਖ਼ਰਾਬ ਹੈ ਅਤੇ ਭਾਜਪਾ ਵੱਡੇ ਭਰਾ ਦੀ ਭੂਮਿਕਾ ’ਚ ਗੱਲ ਕਰਨ ਦੀ ਸਥਿਤੀ ’ਚ ਆ ਗਈ ਹੈ। ਹੁਣ ਸਾਨੂੰ ਵੱਡੇ ਭਰਾ ਦੀ ਭੂਮਿਕਾ ’ਚ ਹੀ ਗੱਲ ਕਰਨੀ ਚਾਹੀਦੀ ਹੈ।’’