Jalandhar News : ਵਿਜੀਲੈਂਸ ਬਿਊਰੋ ਨੇ ਹੌਲਦਾਰ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਗ੍ਰਿਫਤਾਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਉਕਤ ਪੁਲਿਸ ਕਰਮੀ ਨੇ NRI ਥਾਣੇ ਵਿੱਚ ਦਰਜ ਕਰਵਾਈ ਗਈ ਵਿਆਹ ਦੀ ਸ਼ਿਕਾਇਤ ਵਿੱਚ ਮਦਦ ਕਰਨ ਬਦਲੇ ਮੰਗੀ ਸੀ ਰਿਸ਼ਵਤ

Head Constable Sachin Sharma

Jalandhar News : ਪੰਜਾਬ ਵਿਜੀਲੈਂਸ ਬਿਊਰੋ ਨੇ ਸ਼ੁੱਕਰਵਾਰ ਨੂੰ ਆਪਣੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ, ਐਨ.ਆਰ.ਆਈ ਥਾਣਾ, ਜਲੰਧਰ ਸ਼ਹਿਰ ਵਿਖੇ ਕੰਪਿਊਟਰ ਆਪਰੇਟਰ ਵਜੋਂ ਤਾਇਨਾਤ ਹੌਲਦਾਰ ਸਚਿਨ ਸ਼ਰਮਾ (903/ਜਲੰਧਰ) ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ  ਗ੍ਰਿਫਤਾਰ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਹੌਲਦਾਰ ਨੂੰ, ਸੁਸ਼ੀਲ ਕੁਮਾਰ ਵਾਸੀ ਗੁਰੂ ਨਾਨਕਪੁਰਾ ਮੁਹੱਲਾ, ਜਲੰਧਰ ਸ਼ਹਿਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫਤਾਰ ਕੀਤਾ ਗਿਆ ਹੈ। 

ਇਸ ਬਾਬਤ ਹੋਰ ਜਾਣਕਾਰੀ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਕਤ ਪੁਲਿਸ ਕਰਮੀ ਨੇ ਐਨ.ਆਰ.ਆਈ ਥਾਣੇ ਵਿੱਚ ਦਰਜ ਕਰਵਾਈ ਗਈ ਵਿਆਹ ਦੀ ਸ਼ਿਕਾਇਤ ਵਿੱਚ ਉਸਦੀ ਮਦਦ ਕਰਨ ਬਦਲੇ 55,000 ਰੁਪਏ  ਰਿਸ਼ਵਤ ਦੀ ਮੰਗ ਕੀਤੀ ਹੈ। ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਦੋਸ਼ੀ ਪਹਿਲਾਂ ਹੀ 10,000 ਰੁਪਏ ਰਿਸ਼ਵਤ ਵਜੋਂ ਲੈ ਚੁੱਕਾ ਹੈ ਅਤੇ ਇਸੇ ਇਰਾਦੇ ਨਾਲ 20,000 ਰੁਪਏ ਦੀ ਹੋਰ ਮੰਗ ਕਰ ਰਿਹਾ ਹੈ।

ਬੁਲਾਰੇ ਨੇ ਦੱਸਿਆ ਕਿ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਉਕਤ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਪਾਸੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਹੈ। 

ਇਸ ਸਬੰਧੀ ਦੋਸ਼ੀਆਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਰੇਂਜ ਵਿੱਚ ਮੁਕੱਦਮਾ ਦਰਜ ਕੀਤਾ ਗਿਆ ਹੈ। ਉਸ ਨੂੰ ਭਲਕੇ ਮਾਣਯੋਗ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।