Punjab News : ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

Punjab News : ਨਿਰਧਾਰਤ ਸਮੇਂ ਵਿੱਚ ਰਿਪੋਰਟ ਦੇਵੇਗੀ ਕਮੇਟੀ, ਕਮੇਟੀ ਦੀਆਂ ਸਿਫਾਰਸ਼ਾਂ 'ਤੇ ਸਰਕਾਰ ਕਰੇਗੀ ਕਾਰਵਾਈ

ਮੁੱਖ ਮੰਤਰੀ ਵੱਲੋਂ ਅਖਾੜਾ ਪਿੰਡ ਦੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਹੱਲ ਲਈ ਸਾਂਝੀ ਕਮੇਟੀ ਬਣਾਉਣ ਦਾ ਐਲਾਨ

Punjab News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਜ਼ਿਲ੍ਹੇ ਦੇ ਪਿੰਡ ਅਖਾੜਾ ਵਿੱਚ ਲਾਏ ਜਾ ਰਹੇ ਬਾਇਓਗੈਸ ਪਲਾਂਟ ਦੇ ਮਸਲੇ ਦੇ ਸਥਾਈ ਹੱਲ ਲਈ ਪਿੰਡ ਵਾਸੀਆਂ ਅਤੇ ਮਾਹਿਰਾਂ ਦੀ ਸਾਂਝੀ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ। ਅੱਜ ਇੱਥੇ ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ ਵਿਖੇ ਤਾਲਮੇਲ ਸੰਘਰਸ਼ ਕਮੇਟੀ ਦੇ ਆਗੂ ਗੁਰਤੇਜ ਸਿੰਘ ਤੇ ਹੋਰ ਨੁਮਾਇੰਦਿਆਂ ਦੇ ਵਫ਼ਦ ਨਾਲ ਮੁਲਾਕਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਪਿੰਡ ਵਾਸੀਆਂ ਵੱਲੋਂ ਕੀਤੇ ਜਾ ਰਹੇ ਇਤਰਾਜ਼ ਅਤੇ ਖ਼ਦਸ਼ਿਆਂ ਦੇ ਇਕ-ਇਕ ਨੁਕਤੇ ਨੂੰ ਗੰਭੀਰਤਾ ਨਾਲ ਵਿਚਾਰੇਗੀ। ਇਹ ਕਮੇਟੀ ਪੂਰੀ ਪੜਤਾਲ ਤੋਂ ਬਾਅਦ ਆਪਣੀਆਂ ਸਿਫਾਰਸ਼ਾਂ ਦੇਵੇਗੀ ਜਿਸ ਤੋਂ ਬਾਅਦ ਸਰਕਾਰ ਲੋੜੀਂਦੇ ਕਦਮ ਚੁੱਕੇਗੀ। ਮੁੱਖ ਮੰਤਰੀ ਨੇ ਕਿਹਾ ਕਿ ਇਹ ਕਮੇਟੀ ਨਿਰਧਾਰਤ ਸਮੇਂ ਵਿੱਚ ਆਪਣੀ ਰਿਪੋਰਟ ਦੇਵੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨਹੀਂ ਹੋਣ ਦਿੱਤੀ ਜਾਵੇਗੀ ਅਤੇ ਪਿੰਡ ਵਾਸੀਆਂ ਦੇ ਹਿੱਤ ਮਹਿਫੂਜ਼ ਰੱਖਣ ਤੋਂ ਬਾਅਦ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਿੱਚ ਪ੍ਰਦੂਸ਼ਣ ਨੂੰ ਰੋਕਣ ਲਈ ਵਚਨਬੱਧ ਹੈ ਅਤੇ ਪ੍ਰਦੂਸ਼ਣ ਨਾਲ ਬਿਲਕੁਲ ਲਿਹਾਜ਼ ਨਾ ਵਰਤਣ ਦੀ ਨੀਤੀ ਅਪਣਾਈ ਗਈ ਹੈ। ਉਨ੍ਹਾਂ ਨੇ ਪਿੰਡ ਵਾਸੀਆਂ ਨੂੰ ਸਪੱਸ਼ਟ ਤੌਰ 'ਤੇ ਜਾਣੂੰ ਕਰਵਾਇਆ ਕਿ ਪਲਾਂਟ ਪੂਰੀ ਤਰ੍ਹਾਂ ਪ੍ਰਦੂਸ਼ਣ ਮੁਕਤ ਹੋਵੇਗਾ ਅਤੇ ਕਿਸੇ ਨੂੰ ਵੀ ਨਿਯਮਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ ਕਿ  ਉਲੰਘਣ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਸ ਮੌਕੇ ਮੁੱਖ ਮੰਤਰੀ ਨੇ ਘੁੰਗਰਾਲੀ ਪਿੰਡ ਦੇ ਬਾਇਓਗੈਸ ਪਲਾਂਟ ਦੀ ਵੀ ਮਿਸਾਲ ਦਿੱਤੀ ਜਿਸ ਨੂੰ ਪਿੰਡ ਦੀ ਸਹਿਮਤੀ ਨਾਲ ਚਾਲੂ ਕੀਤਾ ਗਿਆ ਸੀ। ਮੀਟਿੰਗ ਦੌਰਾਨ ਘੁੰਗਰਾਲੀ ਪਿੰਡ ਦੇ ਨੁਮਾਇੰਦੇ ਨੇ ਆਪਣਾ ਤਜਰਬਾ ਸਾਂਝਾ ਕੀਤਾ। ਪਿੰਡ ਅਖਾੜਾ ਦੇ ਨੁਮਾਇੰਦਿਆਂ ਨੇ ਮੁੱਖ ਮੰਤਰੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿੰਡ ਵਾਸੀ ਕਮੇਟੀ ਨੂੰ ਪੂਰਾ ਸਹਿਯੋਗ ਦੇਣਗੇ ਤਾਂ ਕਿ ਇਸ ਮਸਲੇ ਦਾ ਸੁਖਾਵਾਂ ਹੱਲ ਕੱਢਿਆ ਜਾ ਸਕੇ।

(For more news apart from Chief Minister announces formation joint committee to resolve issue biogas plant in Akhara village News in Punjabi, stay tuned to Rozana Spokesman)