Amritsar News : ਮੁੱਖ ਮੰਤਰੀ ਵੱਲੋਂ ਪਵਿੱਤਰ ਨਗਰੀ ਦੇ ਵਸਨੀਕਾਂ ਨੂੰ ਲਗਪਗ 350 ਕਰੋੜ ਰੁਪਏ ਦਾ ਤੋਹਫ਼ਾ
Amritsar News : ਅੰਮ੍ਰਿਤਸਰ ਵਿਖੇ ਨਵੀਆਂ ਬਣੀਆਂ ਸੜਕਾਂ, ਅਪਗ੍ਰੇਡ ਕੀਤੀਆਂ ਸੰਪਰਕ ਸੜਕਾਂ, ਛੇ ਨਵੀਆਂ ਲਾਇਬ੍ਰੇਰੀਆਂ ਲੋਕਾਂ ਨੂੰ ਕੀਤੀਆਂ ਸਮਰਪਿਤ
Amritsar News in Punjabi : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਮੁੱਖ ਪ੍ਰੋਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਦਿਆਂ ਅੰਮ੍ਰਿਤਸਰ ਦੇ ਵਸਨੀਕਾਂ ਨੂੰ ਲਗਭਗ 350 ਕਰੋੜ ਰੁਪਏ ਦਾ ਤੋਹਫ਼ਾ ਦਿੱਤਾ।
ਪਵਿੱਤਰ ਨਗਰੀ ਨੂੰ ਨਤਮਸਤਕ ਹੁੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਵਸਨੀਕਾਂ ਨੂੰ 346.57 ਕਰੋੜ ਰੁਪਏ ਦੇ ਪ੍ਰੋਜੈਕਟ ਸਮਰਪਿਤ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਵੀਆਂ ਸੜਕਾਂ ਦੇ ਨਿਰਮਾਣ 'ਤੇ 56.36 ਕਰੋੜ ਰੁਪਏ ਖਰਚ ਕੀਤੇ ਗਏ ਹਨ ਜਦਕਿ ਸੜਕੀ ਬੁਨਿਆਦੀ ਢਾਂਚੇ ਨੂੰ ਅਪਗ੍ਰੇਡ ਕਰਨ 'ਤੇ 287.01 ਕਰੋੜ ਰੁਪਏ ਅਤੇ ਛੇ ਨਵੀਆਂ ਲਾਇਬ੍ਰੇਰੀਆਂ ਦੇ ਨਿਰਮਾਣ 'ਤੇ 3.20 ਕਰੋੜ ਰੁਪਏ ਖਰਚ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੰਜਾਬ ਮੰਡੀ ਬੋਰਡ ਅਤੇ ਲੋਕ ਨਿਰਮਾਣ ਵਿਭਾਗ ਨੇ 56.36 ਕਰੋੜ ਰੁਪਏ ਦੀ ਲਾਗਤ ਨਾਲ ਨਵੀਆਂ ਬਣੀਆਂ ਸੜਕਾਂ ਦਾ ਉਦਘਾਟਨ ਕੀਤਾ ਗਿਆ ਹੈ ਅਤੇ 287.01 ਕਰੋੜ ਰੁਪਏ ਦੀ ਲਾਗਤ ਨਾਲ ਸੜਕਾਂ ਨੂੰ ਅਪਗ੍ਰੇਡ ਕੀਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਭਰ ਵਿੱਚ ਪੇਂਡੂ ਸੰਪਰਕ ਸੜਕਾਂ ਦੀ ਮੁਰੰਮਤ ਅਤੇ ਅਪਗ੍ਰੇਡ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਕੁੱਲ 64,878 ਕਿਲੋਮੀਟਰ ਸੰਪਰਕ ਸੜਕਾਂ ਹਨ ਅਤੇ ਹੁਣ ਤੱਕ ਹਰ ਛੇ ਸਾਲਾਂ ਵਿੱਚ ਇਨ੍ਹਾਂ ਦੀ ਮੁਰੰਮਤ ਕੀਤੀ ਜਾਂਦੀ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਇਨ੍ਹਾਂ ਲਿੰਕ ਸੜਕਾਂ ਦੀ ਮੁਰੰਮਤ ਦੇ ਨਾਲ ਅਗਲੇ ਪੰਜ ਸਾਲਾਂ ਲਈ ਚੱਲ ਰਹੀ ਸਾਂਭ-ਸੰਭਾਲ ਨੂੰ ਇਸ ਵਿੱਚ ਸ਼ਾਮਲ ਕਰਨ ਦਾ ਇੱਕ ਹੋਰ ਇਤਿਹਾਸਕ ਫੈਸਲਾ ਲਿਆ ਗਿਆ ਹੈ।
ਮੁੱਖ ਮੰਤਰੀ ਨੇ ਅੱਗੇ ਦੱਸਿਆ ਕਿ ਅੰਮ੍ਰਿਤਸਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਛੇ ਲਾਇਬ੍ਰੇਰੀਆਂ ਦਾ ਉਦਘਾਟਨ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਾਇਬ੍ਰੇਰੀਆਂ ਦਾ ਨਿਰਮਾਣ ਨਗਰ ਨਿਗਮ ਵੱਲੋਂ 3.20 ਕਰੋੜ ਦੀ ਲਾਗਤ ਨਾਲ ਕੀਤਾ ਗਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅੰਮ੍ਰਿਤਸਰ ਪੱਛਮੀ ਵਿਧਾਨ ਸਭਾ ਹਲਕੇ ਵਿੱਚ ਦੋ ਮੌਜੂਦਾ ਲਾਇਬ੍ਰੇਰੀਆਂ ਜਿਨ੍ਹਾਂ ਵਿੱਚ ਛੇਹਰਟਾ ਲਾਇਬ੍ਰੇਰੀ ਅਤੇ ਪੁਰਾਣੀ ਡੀ.ਸੀ. ਦਫ਼ਤਰ ਲਾਇਬ੍ਰੇਰੀ ਦਾ ਕ੍ਰਮਵਾਰ 32.58 ਲੱਖ ਰੁਪਏ ਅਤੇ 31.41 ਲੱਖ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਗਿਆ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਅੰਮ੍ਰਿਤਸਰ ਦੇ ਉੱਤਰੀ, ਕੇਂਦਰੀ, ਪੂਰਬੀ ਅਤੇ ਦੱਖਣੀ ਹਲਕਿਆਂ ਵਿੱਚ ਇੱਕ-ਇੱਕ ਲਾਇਬ੍ਰੇਰੀ ਸਥਾਪਤ ਕੀਤੀ ਗਈ ਹੈ ਅਤੇ ਹਰੇਕ ਲਾਇਬ੍ਰੇਰੀ ਦੀ ਲਾਗਤ 64 ਲੱਖ ਰੁਪਏ ਹੈ। ਉਨ੍ਹਾਂ ਕਿਹਾ ਕਿ ਇਹ ਆਧੁਨਿਕ ਬੁਨਿਆਦੀ ਢਾਂਚੇ ਵਾਲੀਆਂ ਲਾਇਬ੍ਰੇਰੀਆਂ ਕੰਪਿਊਟਰ, ਇੰਟਰਨੈੱਟ, ਮਿਆਰੀ ਸਾਹਿਤ ਅਤੇ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਅਧਿਐਨ ਸਮੱਗਰੀ ਨਾਲ ਲੈਸ ਹਨ। ਭਗਵੰਤ ਸਿੰਘ ਮਾਨ ਨੇ ਆਸ ਪ੍ਰਗਟਾਈ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਵਿੱਚ ਆਪਣੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਸ ਦੀ ਨਵੀਂ ਕਿਰਨ ਪੈਦਾ ਕਰਨਗੀਆਂ ਕਿਉਂਕਿ ਹੁਣ ਵਿਦਿਆਰਥੀ ਕਿਤਾਬਾਂ ਰਾਹੀਂ ਵਿਸ਼ਵ ਪੱਧਰੀ ਗਿਆਨ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਇਹ ਲਾਇਬ੍ਰੇਰੀਆਂ ਵਿਦਿਆਰਥੀਆਂ ਦੇ ਬੌਧਿਕ ਪੱਧਰ ਨੂੰ ਉੱਚਾ ਚੁੱਕਣ ਅਤੇ ਉਨ੍ਹਾਂ ਦੇ ਟੀਚਿਆਂ ਨੂੰ ਸਰ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।
(For more news apart from Chief Minister gifts nearly Rs 350 crore to residents of holy city News in Punjabi, stay tuned to Rozana Spokesman)