ਪਾਵਨ ਸਰੂਪ ਗਾਇਬ ਮਾਮਲੇ 'ਚ ਸ਼੍ਰੋਮਣੀ ਕਮੇਟੀ ਦਾ ਯੂ-ਟਰਨ, ਕਾਨੂੰਨੀ ਕਾਰਵਾਈ ਤੋਂ ਹੱਥ ਪਿੱਛੇ ਖਿੱਚਿਆ!

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਅਚਾਨਕ ਮੌਤ 'ਤੇ ਵੀ ਉਠਣ ਲੱਗੇ ਸਵਾਲ

Gobind Singh Longowal

ਅੰਮ੍ਰਿਤਸਰ : ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਯੂ-ਟਰਨ ਲੈਂਦਿਆਂ ਕਾਨੂੰਨੀ ਕਾਰਵਾਈ ਤੋਂ ਹੱਥ ਪਿੱਛੇ ਖਿੱਚ ਲਏ ਹਨ। ਅੱਜ ਹੋਈ ਅੰਤਰਿਗ ਕਮੇਟੀ ਦੀ ਮੀਟਿੰਗ ਦੌਰਾਨ ਇਸ ਗੱਲ ਦਾ ਖੁਲਾਸਾ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਖੁਦ ਕਾਰਵਾਈ ਕਰਨ ਦੇ ਸਮਰੱਥ ਹੈ, ਇਸ ਕਰ ਕੇ ਕੋਈ ਵੀ ਕਾਨੂੰਨੀ ਕਾਰਵਾਈ ਨਹੀਂ ਕੀਤੀ ਜਾਵੇਗੀ।

ਉਨ੍ਹਾਂ ਕਿਹਾ ਕਿ ਇਸ ਮਾਮਲੇ 'ਚ ਜੋ ਵੀ ਬਣਦੀ ਕਾਰਵਾਈ ਕਰਨ ਦੀ ਜ਼ਰੂਰਤ ਹੋਵੇਗੀ, ਉਹ ਸ਼੍ਰੋਮਣੀ ਕਮੇਟੀ ਖੁਦ ਕਰੇਗੀ। ਉਨ੍ਹਾਂ ਕਿਹਾ ਕਿ ਪਾਵਨ ਸਰੂਪ ਗਾਇਬ ਹੋਣ ਦੀ ਰਿਪੋਰਟ ਨੂੰ ਪਹਿਲਾਂ ਹੀ ਜਨਤਕ ਕਰ ਦਿਤਾ ਗਿਆ ਹੈ। ਛੇਤੀ ਹੀ ਇਸ ਰਿਪੋਰਟ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਵੈੱਬਸਾਈਟ 'ਤੇ ਵੀ ਪਾ ਦਿਤਾ ਜਾਵੇਗਾ।  ਭਾਈ ਲੌਂਗੋਵਾਲ ਨੇ ਇਸ ਮਾਮਲੇ 'ਚ ਪੁਖਤਾ ਕਾਰਵਾਈ ਦਾ ਭਰੋਸਾ ਦਿਵਾਉਂਦਿਆਂ ਕਿਹਾ ਕਿ ਜਾਂਚ ਕਮਿਸ਼ਨ ਦੀ ਰਿਪੋਰਟ 'ਚ ਜੋ ਵੀ ਖਾਮੀਆਂ ਸਾਹਮਣੇ ਆਈਆਂ ਹਨ, ਉਨ੍ਹਾਂ ਨੂੰ ਦੂਰ ਕੀਤਾ ਜਾਵੇਗਾ ਅਤੇ ਜੋ ਜੋ ਵੀ ਦੋਸ਼ੀ ਪਾਇਆ ਗਿਆ, ਉਸ ਨੂੰ ਬਖਸ਼ਿਆ ਨਹੀਂ ਜਾਵੇਗਾ।

ਭਾਈ ਲੌਂਗੋਵਾਲ ਨੇ ਕਿਹਾ ਕਿ ਪਾਵਨ ਸਰੂਪ ਕਿਤੇ ਵੀ ਨਹੀਂ ਗਏ ਸਗੋਂ ਸ਼੍ਰੋਮਣੀ ਕਮੇਟੀ ਦੇ ਕੁਝ ਮੁਲਾਜ਼ਮਾਂ ਦੀਆਂ ਬੇਨਿਯਮੀਆਂ ਅਤੇ ਲਾਲਚਵੱਸ ਇਨ੍ਹਾਂ ਤੋਂ ਮਿਲੀ ਭੇਟਾ ਰਾਸ਼ੀ ਨੂੰ ਰਿਕਾਰਡ ਵਿਚ ਨਹੀਂ ਚੜ੍ਹਾਇਆ ਗਿਆ। ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਇਸ ਮਾਮਲੇ 'ਚ ਸਿੱਖ ਸੰਗਤਾਂ ਤੋਂ ਮੁਆਫ਼ੀ ਮੰਗਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਮੂਹ ਕਾਰਜਕਾਰੀ ਕਮੇਟੀ ਵਲੋਂ 18 ਸਤੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਜਾ ਕੇ ਖਿਮਾ ਯਾਚਨਾ ਮੰਗੀ ਜਾਵੇਗੀ।

ਕਾਬਲੇਗੌਰ ਹੈ ਕਿ ਗੁਰੂ ਗ੍ਰੰਥ ਸਾਹਿਬ ਜੀ ਦੇ 328 ਪਾਵਨ ਸਰੂਪ ਗਾਇਬ ਹੋਣ ਦੇ ਮਾਮਲੇ 'ਚ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਨੇ ਵੱਡੀ ਕਾਰਵਾਈ ਕਰਦਿਆਂ ਮੁੱਖ ਸਕੱਤਰ ਤੋਂ ਲੈ ਕੇ ਕਈ ਅਹੁਦੇਦਾਰਾਂ ਖਿਲਾਫ਼ ਐਕਸ਼ਨ ਲਿਆ ਸੀ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਰੂਪ ਸਿੰਘ ਨੇ ਅਸਤੀਫਾ ਦੇ ਦਿਤਾ ਸੀ। ਇਸੇ ਤਰ੍ਹਾਂ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਖਿਲਾਫ਼ ਵੀ ਕਾਨੂੰਨੀ ਕਾਰਵਾਈ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ, ਜਿਨ੍ਹਾਂ ਦਾ ਅੱਜ ਦਿਹਾਂਤ ਹੋ ਗਿਆ ਹੈ।

ਇਸੇ ਦੌਰਾਨ ਸਾਬਕਾ ਮੁੱਖ ਸਕੱਤਰ ਹਰਚਰਨ ਸਿੰਘ ਦੀ ਅਚਾਨਕ ਹੋਈ ਮੌਤ 'ਤੇ ਵੀ ਸਵਾਲ ਉਠਣੇ ਸ਼ੁਰੂ ਹੋ ਗਏ ਹਨ। ਖਾਸ ਕਰ ਕੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਆਗੂਆਂ ਨੇ ਇਸ ਮੁੱਦੇ 'ਤੇ ਬਿਆਨ ਜਾਰੀ ਕਰਦਿਆਂ ਹਰਚਰਨ ਸਿੰਘ ਦੀ ਮੌਤ ਦੀ ਉੱਚ ਪੱਧਰੀ ਜਾਂਚ ਮੰਗੀ ਹੈ। ਆਲ ਇੰਡੀਆ ਸਿੱਖ ਸਟੂਡੈਂਟਸ ਫ਼ੈਡਰੇਸ਼ਨ ਦੇ ਸਰਪ੍ਰਸਤ ਅਤੇ ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਜਨਰਲ ਸਕੱਤਰ ਅਤੇ ਮੁੱਖ ਬੁਲਾਰੇ ਕਰਨੈਲ ਸਿੰਘ ਪੀਰ ਮੁਹੰਮਦ ਅਤੇ ਫ਼ੈਡਰੇਸ਼ਨ ਪ੍ਰਧਾਨ ਜਗਰੂਪ ਸਿੰਘ ਚੀਮਾ ਨੇ ਬਿਆਨ ਜਾਰੀ ਕਰਦਿਆਂ ਹਰਚਰਨ ਸਿੰਘ ਦੀ ਮੌਤ 'ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਇਸ ਤੋਂ ਬਾਅਦ ਪੰਥਕ ਹਲਕਿਆਂ ਅੰਦਰ ਇਕ ਨਵੀਂ ਚਰਚਾ ਛਿੜ ਗਈ ਹੈ, ਜਿਸ ਦੇ ਆਉਂਦੇ ਦਿਨਾਂ ਦੌਰਾਨ ਹੋਰ ਪ੍ਰਚੰਡ ਹੋਣ ਦੇ ਅਸਾਰ ਹਨ।