ਬਾਦਲ ਹੀ ਹਨ ਖੇਤੀ ਕਾਨੂੰਨਾਂ ਦੀ ਸਾਰੀ ਸਮੱਸਿਆ ਦੀ ਜੜ੍ਹ : ਕੈਪਟਨ
ਬਾਦਲ ਹੀ ਹਨ ਖੇਤੀ ਕਾਨੂੰਨਾਂ ਦੀ ਸਾਰੀ ਸਮੱਸਿਆ ਦੀ ਜੜ੍ਹ : ਕੈਪਟਨ
ਚੰਡੀਗੜ੍ਹ, 4 ਸਤੰਬਰ (ਸਪੋਕਸਮੈਨ ਸਮਾਚਾਰ ਸੇਵਾ): ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਵਲੋਂ ਸੂਬੇ ਦੇ ਨਾਰਾਜ਼ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਬਣਾਏ ਗਏ ਪੈਨਲ ਦੀ ਖਿੱਲੀ ਉਡਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਕੋਈ ਵੀ ਗੱਲਬਾਤ ਬਾਦਲਾਂ ਨੂੰ ਕਿਸਾਨ ਭਾਈਚਾਰੇ ਉਤੇ ਘਿਨਾਉਣੇ ਅਤੇ ਗ਼ੈਰ-ਜਮਹੂਰੀ ਖੇਤੀ ਕਾਨੂੰਨ ਥੋਪਣ ਵਿਚ ਨਿਭਾਈ ਜ਼ਿੰਮੇਵਾਰੀ ਤੋਂ ਮੁਕਤ ਨਹੀਂ ਕਰ ਸਕਦੀ | ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਜਿਥੇ ਇਸ ਸਾਰੀ ਸਮੱਸਿਆ ਦੀ ਜੜ੍ਹ ਹਨ, ਉਥੇ ਹੀ ਕੇਂਦਰ ਸਰਕਾਰ ਦੇ ਕਿਸਾਨ ਵਿਰੋਧੀ ਏਜੰਡੇ ਦੀ ਸਾਜ਼ਸ਼ ਵਿਚ ਵੀ ਇਨ੍ਹਾਂ ਦੀ ਮਿਲੀਭੁਗਤ ਸੀ ਜਿਸ ਕਰ ਕੇ ਅਕਾਲੀ ਨਾ ਤਾਂ ਕਿਸਾਨਾਂ ਨਾਲ ਸਮਝ ਪੈਦਾ ਕਰਨ ਜਾਂ ਮਾਫ਼ੀ ਦੇ ਲਾਇਕ ਹਨ ਅਤੇ ਨਾ ਹੀ ਇਸ ਦੀ ਕੋਈ ਆਸ ਰੱਖ ਸਕਦੇ ਹਨ |
ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਅਕਾਲੀਆਂ ਦੇ ਰਵਈਏ ਦੀ ਮਿਸਾਲ ਤਾਂ ਇਸ ਗੱਲ ਤੋਂ ਮਿਲ ਜਾਂਦੀ ਹੈ ਕਿ ਹੁਣ ਵੀ ਕਿਸਾਨਾਂ ਦੀ ਪੀੜਾ ਤੇ ਵੇਦਨਾ ਦਾ ਅਹਿਸਾਸ ਕਰਨ ਦੀ ਬਜਾਏ ਸੁਖਬੀਰ ਪ੍ਰਦਰਸ਼ਨਕਾਰੀਆਂ ਨੂੰ ਕਿਸਾਨ ਮੰਨਣ ਤੋਂ ਹੀ ਇਨਕਾਰੀ ਹੋ ਰਿਹਾ ਹੈ ਅਤੇ ਇਥੋਂ ਤਕ ਕਿ ਕਿਸਾਨਾਂ ਦੀ ਕਾਂਗਰਸ ਸਮੇਤ ਹੋਰ ਸਿਆਸੀ ਪਾਰਟੀਆਂ ਪ੍ਰਤੀ ਵਫ਼ਾਦਾਰੀ ਹੋਣ ਦੇ ਦੋਸ਼ ਲਾ ਕੇ ਸਗੋਂ ਉਨ੍ਹਾਂ ਨੂੰ ਬੇਇੱਜ਼ਤ ਕਰ ਰਿਹਾ ਹੈ |
ਮੁੱਖ ਮੰਤਰੀ ਨੇ ਕਿਹਾ, Tਜੇਕਰ ਤੁਸੀਂ (ਸੁਖਬੀਰ) ਇਕ ਕਿਸਾਨ ਨੂੰ ਪਛਾਣ ਤਕ ਨਹੀਂ ਸਕਦੇ ਤਾਂ ਫੇਰ ਤੁਸੀਂ ਕਿਸਾਨਾਂ ਦਾ ਭਰੋਸਾ ਅਤੇ ਵਿਸ਼ਵਾਸ ਹਾਸਲ ਕਰਨ ਦੀ ਉਮੀਦ ਕਿਵੇਂ ਰੱਖ ਸਕਦੇ ਹੋ |U ਉਨ੍ਹਾਂ ਕਿਹਾ ਕਿ ਸਿਰਫ਼ ਪੰਜਾਬ ਦੀ ਧਰਤੀ ਦਾ ਸੱਚਾ ਪੁੱਤਰ ਹੀ ਅਪਣੇ ਲੋਕਾਂ ਅਤੇ ਉਨ੍ਹਾਂ ਦੀਆਂ ਦੁੱਖ-ਤਕਲੀਫ਼ਾਂ ਦਾ ਅਸਲ ਹਮਦਰਦ ਹੋ ਸਕਦਾ ਹੈ | ਕੈਪਟਨ ਅਮਰਿੰਦਰ ਸਿੰਘ ਨੇ ਸੁਖਬੀਰ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਚੁਣਾਵੀ ਪ੍ਰੋਗਰਾਮਾਂ ਨੂੰ ਮੁਲਤਵੀ ਕਰ ਦੇਣ ਅਤੇ ਕਿਸਾਨਾਂ ਨਾਲ ਗੱਲਬਾਤ ਚਲਾਉਣ ਲਈ ਪੈਨਲ ਦਾ ਗਠਨ ਕੀਤੇ ਜਾਣ ਨੂੰ ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਵੋਟਰਾਂ ਨੂੰ ਰਿਝਾਉਣ ਦਾ ਬੁਖਲਾਹਟ ਭਰਿਆ ਕਦਮ ਦਸਿਆ |