ਕਿਸਾਨਾਂ ਨੇ ਮੰਗਾਂ ਨਾ ਮੰਗਣ 'ਤੇ ਬ੍ਰਹਮ ਸ਼ੰਕਰ ਜਿੰਪਾ ਦੀ ਕੋਠੀ ਦਾ ਘਿਰਾਓ ਕਰਨ ਦੀ ਦਿੱਤੀ ਚਿਤਾਵਨੀ

ਏਜੰਸੀ

ਖ਼ਬਰਾਂ, ਪੰਜਾਬ

ਕਿਸਾਨਾਂ ਨੇ ਲੰਪੀ ਸਕਿਨ ਬਿਮਾਰੀ ਨੂੰ ਲੈ ਕੇ ਵੀ ਰੱਖੀਆਂ ਆਪਣੀਆਂ ਮੰਗਾਂ

Farmers warned to surround the house of Brahm Shankar Jimpa

 

ਹੁਸ਼ਿਆਰਪੁਰ: ਅੱਜ ਕਿਸਾਨ ਜਥੇਬੰਦੀਆਂ ਨੇ ਹੁਸ਼ਿਆਰਪੁਰ ਦੇ ਸਦਰ ਚੌਕ ਵਿਚ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਖ਼ਿਲਾਫ਼ ਧਰਨਾ ਲਗਾਇਆ ਹੈ। ਇਸ ਮੌਕੇ 'ਤੇ ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਵਿਚ ਭਿਆਨਕ ਬਿਮਾਰੀ ਲੰਪੀ ਸਕਿਨ ਚੱਲ ਰਹੀ ਹੈ ਪਰ ਉਸ ਨੂੰ ਕਾਬੂ ਕਰਨ ਵਿਚ ਪੰਜਾਬ ਸਰਕਾਰ ਫੇਲ੍ਹ ਹੋਈ ਹੈ।
ਕਿਸਾਨ ਆਗੂ ਮਨਜੀਤ ਸਿੰਘ ਰਾਏ ਨੇ ਕਿਹਾ ਕਿ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਇਲੈਕਸ਼ਨ ਤੋਂ ਪਹਿਲਾਂ ਵੱਡੇ-ਵੱਡੇ ਵਾਅਦੇ ਕਰਦੀ ਸੀ ਸਰਕਾਰ ਬਣਨ ਤੋਂ ਬਾਅਦ ਉਹ ਸਭ ਭੁੱਲ ਚੁੱਕੀ ਹੈ। ਕਿਸਾਨ ਆਗੂ ਪਰਮਜੀਤ ਸਿੰਘ ਰਾਏ ਦਾ ਕਹਿਣਾ ਹੈ ਕਿ ਇਕ ਡਾਕਟਰ ਕੋਲ ਸੱਤ-ਸੱਤ ਹਸਪਤਾਲ ਹਨ ਅਤੇ ਲੰਪੀ ਸਕਿਨ ਬਿਮਾਰੀ ਦੀ ਰੋਕਥਾਮ ਲਈ ਉਸ ਨੂੰ ਇੰਨ੍ਹਾਂ ਵੱਡਾ ਏਰੀਆ ਕਵਰ ਕਰਨ 'ਚ ਬਹੁਤ ਸਮਾਂ ਲੱਗਦਾ ਹੈ। ਉਨ੍ਹਾਂ ਨੇ ਸਰਕਾਰ ਨੂੰ ਸਲਾਹ ਦਿੱਤੀ ਕਿ ਸਰਕਾਰ ਨੂੰ ਵੈਟਨਰੀ ਡਾਕਟਰ ਹੋਰ ਭਰਤੀ ਕਰਨੇ ਚਾਹੀਦੇ ਹਨ।

ਗੰਨੇ ਦੀ ਬਕਾਇਆ ਰਾਸ਼ੀ ਨੂੰ ਲੈ ਕੇ ਕਿਸਾਨਾਂ ਨੇ ਪੰਜਾਬ ਸਰਕਾਰ ਉੱਤੇ ਨਿਸ਼ਾਨੇ ਸਾਧਦੇ ਕਿਹਾ ਕਿ ਜੇਕਰ ਹੁਣ ਵੀ ਸਰਕਾਰ ਨੇ ਗੰਨੇ ਦੀ ਬਕਾਇਆ ਰਾਸ਼ੀ ਜਾਰੀ ਨਾ ਕੀਤੀ ਤਾਂ ਮਜਬੂਰਨ ਉਨ੍ਹਾਂ ਨੂੰ ਚੰਡੀਗੜ੍ਹ ਘੇਰਨਾ ਪਵੇਗਾ। ਇਸ ਮੌਕੇ ’ਤੇ ਕਿਸਾਨ ਆਗੂ ਜਗਤਾਰ ਸਿੰਘ ਨੇ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ’ਤੇ ਨਿਸ਼ਾਨੇ ਸਾਧਦੇ ਹੋਏ ਕਿਹਾ ਕਿ ਜਿੰਪਾ ਚੋਣ ਤੋਂ ਪਹਿਲਾਂ ਤਾਂ ਕਿਸਾਨਾਂ ਦੇ ਧਰਨਿਆਂ ਵਿਚ ਆ ਕੇ ਬੈਠਦਾ ਸੀ ਪਰ ਸੱਤਾ ਮਿਲਣ ਤੋਂ ਬਾਅਦ ਹੁਣ ਕਿਸਾਨਾਂ ਦੀ ਬਿਲਕੁਲ ਵੀ ਸਾਰ ਨਹੀਂ ਲੈਂਦੇ। 

ਕਿਸਾਨਾਂ ਨੇ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਜੇਕਰ ਸਾਡੀਆਂ ਮੰਗਾਂ ਨਹੀਂ ਮੰਨਣਗੇ ਤਾਂ ਅਸੀਂ ਆਉਣ ਵਾਲੇ ਦਿਨਾਂ ਵਿਚ ਉਨ੍ਹਾਂ ਦੀ ਕੋਠੀ ਦਾ ਘਿਰਾਓ ਕਰਾਂਗੇ।