ਅਕਾਲੀ ਦਲ ਨੇ ਬਣਾਈ 3 ਮੈਂਬਰੀ ਤਾਲਮੇਲ ਕਮੇਟੀ, ਕਿਸਾਨ ਜਥੇਬੰਦੀਆਂ ਨਾਲ ਮਿਲ ਕੇ ਵਿੱਢੇਗੀ ਸੰਘਰਸ਼
ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਅਤੇ ਬਲਵਿੰਦਰ ਸਿੰਘ ਭੂੰਦੜ ਨੂੰ ਸ਼ਾਮਲ ਕੀਤਾ ਗਿਆ
ਚੰਡੀਗੜ੍ਹ - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਕਿਸਾਨਾਂ ਨਾਲ ਮਿਲ ਕੇ ਖੇਤੀ ਕਾਨੂੰਨਾਂ ਖਿਲਾਫ਼ ਸੰਘਰਸ਼ ਲੜਨ ਦਾ ਫੈਸਲਾ ਕੀਤਾ ਗਿਆ ਹੈ। ਕੋਰ ਕਮੇਟੀ ਦੀ ਮੀਟਿੰਗ ਵਿਚ ਇਸ ਸਬੰਧੀ ਅਹਿਮ ਫੈਸਲੇ ਲਏ ਗਏ। ਪਾਰਟੀ ਦੇ ਸੀਨੀਅਰ ਆਗੂ ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਅਕਾਲੀ ਦਲ ਨੇ 1 ਮਾਰਚ ਨੂੰ ਕਿਸਾਨੀ ਕਾਨੂੰਨਾਂ ਵਿਰੁੱਧ ਰੋਹ ਦੀ ਸ਼ੁਰੂਆਤ ਕੀਤੀ ਸੀ, ਜਿਸ ਨੂੰ ਭਰਵਾਂ ਹੁੰਗਾਰਾ ਮਿਲਿਆ ਹੈ ਤੇ ਕੋਰ ਕਮੇਟੀ ਵੱਲੋਂ ਸਾਰਿਆਂ ਦੇ ਸਮਰਥਨ ਦਾ ਧੰਨਵਾਦ ਕੀਤਾ ਗਿਆ।
ਅੱਜ ਇਕ ਅਹਿਮ ਫੈਸਲਾ ਲਿਆ ਗਿਆ ਕਿ ਕਿਸਾਨ ਯੂਨੀਅਨਾਂ ਨਾਲ ਤਾਲਮੇਲ ਕਰਕੇ ਅਕਾਲੀਆਂ ਵੱਲੋਂ ਸਹਿਯੋਗ ਅਤੇ ਸਮਰਥਨ ਕੀਤਾ ਜਾਵੇਗਾ। ਇਸ ਸਬੰਧੀ 3 ਮੈਂਬਰੀ ਕਮੇਟੀ ਵੀ ਬਣਾਈ ਗਈ ਹੈ ਜਿਸ ਵਿਚ ਪ੍ਰੇਮ ਸਿੰਘ ਚੰਦੂਮਾਜਰਾ, ਸਿਕੰਦਰ ਸਿੰਘ ਮਲੂਕਾ ਅਤੇ ਬਲਵਿੰਦਰ ਸਿੰਘ ਭੂੰਦੜ ਨੂੰ ਸ਼ਾਮਲ ਕੀਤਾ ਗਿਆ ਹੈ।
ਇਹ ਕਮੇਟੀ ਕਿਸਾਨ ਯੂਨੀਅਨਾਂ ਨਾਲ ਸੰਪਰਕ ਕਰੇਗੀ।
ਇਸ ਤੋਂ ਬਾਅਦ ਕਿਸਾਨਾਂ ਨਾਲ ਸੰਪਰਕ ਬਣਾ ਕੇ ਮਿਲ ਕੇ ਸੰਘਰਸ਼ ਵਿੱਢਿਆ ਜਾਵੇਗਾ। ਦੱਸ ਦਈਏ ਕਿ ਇਸ ਤੋਂ ਪਹਿਲਾਂ ਅਕਾਲੀ ਦਲ ਉੱਤੇ ਦੋਸ਼ ਲੱਗ ਰਹੇ ਸਨ ਕਿ ਪਾਰਟੀ ਸੰਘਰਸ਼ ਦੇ ਨਾਮ ਉਤੇ ਆਪਣਾ ਹੀ ਰਾਜ ਚਲਾ ਰਹੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਇਸ ਨੂੰ ਕਿਸਾਨੀ ਸੰਘਰਸ਼ ਲੀਹੋਂ ਲਾਹੁਣ ਦੀ ਅਕਾਲੀ ਦਲ ਦੀ ਚਾਲ ਦੱਸਿਆ ਜਾ ਰਿਹਾ ਸੀ। ਜਿਸ ਤੋਂ ਬਾਅਦ ਅਕਾਲੀ ਦਲ ਨੇ ਫੈਸਲਾ ਕੀਤਾ ਹੈ ਕਿ ਕਿਸਾਨਾਂ ਨਾਲ ਤਾਲਮੇਲ ਬਣਾ ਕੇ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ।