ਸ਼ਵੇਤ ਮਲਿਕ ਦੇ ਘਰ ਮੂਹਰੇ ਕਿਸਾਨਾਂ ਵਲੋਂ ਲਾਏ ਧਰਨੇ 'ਚ ਸ਼ਾਮਿਲ ਹੋਏ ਗਾਇਕ ਹਰਫ ਚੀਮਾ
ਕਿਸਾਨਾਂ ਦਾ ਧਰਨਾ ਪੰਜਵੇਂ ਦਿਨ ਵੀ ਜਾਰੀ
ਅੰਮ੍ਰਿਤਸਰ - ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਲਗਾਤਾਰ ਘਰਨੇ ਲਗਾ ਰਹੇ ਹਨ ਤੇ ਸਿਆਸੀ ਪਾਰਟੀਆਂ ਨੂੰ ਘੇਰ ਰਹੇ ਹਨ ਤੇ ਅੱਜ ਭਾਜਪਾ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸ਼ਵੇਤ ਮਲਿਕ ਦੇ ਘਰ ਮੂਹਰੇ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਲਗਾਏ ਗਏ ਧਰਨੇ 'ਚ ਗਾਇਕ ਹਰਫ ਚੀਮਾ ਸ਼ਾਮਿਲ ਹੋਏ ਹਨ। ਪੰਜਾਬ ਦੀਆਂ 31 ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਕਿਰਤੀ ਕਿਸਾਨ ਯੂਨੀਅਨ, ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਅਤੇ ਕਿਸਾਨ ਸੰਘਰਸ਼ ਕਮੇਟੀ ਕੰਵਲਪ੍ਰੀਤ ਪੰਨੂੰ ਵਲੋਂ ਪੰਜਵੇਂ ਦਿਨ ਦੇ ਧਰਨੇ 'ਚ ਸ਼ਾਮਿਲ ਕਿਸਾਨ ਮਜ਼ਦੂਰਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਵੀ ਕੀਤੀ।
ਇਸ ਦੌਰਾਨ ਹਰਫ ਚੀਮਾ ਨੇ ਕਿਹਾ ਕਿ ਇਨ੍ਹਾਂ ਕਾਲੇ ਕਾਨੂੰਨਾਂ ਨਾਲ ਕਿਸਾਨ ਹੀ ਨਹੀਂ, ਸਗੋਂ ਦੁਕਾਨਦਾਰ, ਸ਼ੈਲਰ ਮਾਲਕ, ਆੜ੍ਹਤੀਏ ਆਦਿ ਸਭ ਖ਼ਤਮ ਹੋ ਜਾਣਗੇ ਅਤੇ ਮਜ਼ਦੂਰਾਂ ਦੇ ਰੁਜ਼ਗਾਰ ਨੂੰ ਵੀ ਵੱਡੀ ਸੱਟ ਵੱਜੇਗੀ ਤੇ ਮਜ਼ਦੂਰ ਵੱਡੇ ਪੱਧਰ 'ਤੇ ਬੇਰੁਜ਼ਗਾਰ ਹੋ ਜਾਣਗੇ।
ਕਿਸਾਨਾਂ ਨੇ ਪੈਟਰੋਲ ਪੰਪ ਵੀ ਘੇਰਿਆ
ਕਿਸਾਨ ਜਥੇਬੰਦੀਆਂ ਵਲੋਂ ਖੇਤੀ ਕਾਨੂੰਨ ਵਿਰੁੱਧ ਕੀਤੇ ਜਾ ਰਹੇ ਸੰਘਰਸ਼ ਤਹਿਤ ਅੱਜ ਅੰਮ੍ਰਿਤਸਰ-ਜਲੰਧਰ ਜੀ. ਟੀ. ਰੋਡ 'ਤੇ ਮਾਨਾਂਵਾਲਾ (ਅੰਮ੍ਰਿਤਸਰ) ਵਿਖੇ ਸਥਿਤ ਰਿਲਾਇੰਸ ਪੈਟਰੋਲ ਪੰਪ 'ਤੇ ਵੱਖ-ਵੱਖ ਜਥੇਬੰਦੀਆਂ ਨੇ ਧਰਨਾ ਲਾ ਦਿੱਤਾ ਅਤੇ ਪੈਟਰੋਲ ਪੰਪ ਨੂੰ ਬੰਦ ਕਰ ਦਿੱਤਾ।
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਵਲੋਂ ਕਿਸਾਨ ਅੰਦੋਲਨ ਦਾ ਸਮਰਥਨ
ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ ਜ਼ਿਲ੍ਹਾ ਅੰਮ੍ਰਿਤਸਰ ਅਤੇ ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਅੰਮ੍ਰਿਤਸਰ ਨੇ ਜ਼ਿਲ੍ਹਾ ਪ੍ਰਧਾਨ ਗੁਰਦੀਪ ਸਿੰਘ ਬਾਜਵਾ ਅਤੇ ਮੰਗਲ ਸਿੰਘ ਟਾਂਡਾ ਦੀ ਅਗਵਾਈ 'ਚ ਕਿਸਾਨ ਅੰਦੋਲਨ ਦਾ ਭਰਪੂਰ ਸਮਰਥਨ ਕਰਦਿਆਂ ਅੱਜ ਬੁਟਾਰੀ ਸਟੇਸ਼ਨ ਵਿਖੇ ਚੱਲ ਰਹੇ 'ਰੇਲ ਰੋਕੋ ਅੰਦੋਲਨ' 'ਚ ਭਰਵੀਂ ਸ਼ਮੂਲੀਅਤ ਕੀਤੀ। ਇਸ ਮੌਕੇ ਗੁਰਦੀਪ ਸਿੰਘ ਬਾਜਵਾ ਅਤੇ ਮੰਗਲ ਸਿੰਘ ਟਾਂਡਾ ਨੇ ਕਿਹਾ ਕਿ ਕਿਸਾਨ ਨੂੰ ਦੇਸ਼ ਦਾ ਅੰਨਦਾਤਾ ਕਿਹਾ ਜਾਂਦਾ ਹੈ ਪਰ ਕੇਂਦਰ ਅਤੇ ਸੂਬਾ ਸਰਕਾਰ ਦੀਆਂ ਮਾੜੀਆਂ ਨੀਤੀਆਂ ਦੀ ਬਦੌਲਤ ਪੰਜਾਬ ਦਾ ਕਿਸਾਨ ਖੁਦਕੁਸ਼ੀਆਂ ਦੇ ਰਾਹ ਪਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਸੰਘਰਸ਼ ਦੇ ਰਾਹ 'ਤੇ ਪਏ ਕਿਸਾਨਾਂ ਨਾਲ ਗੱਲਬਾਤ ਕਰਕੇ ਸਰਕਾਰ ਵਲੋਂ ਕਿਸਾਨ ਵਿਰੋਧੀ ਬਿੱਲ ਵਾਪਸ ਲਏ ਜਾਣ।