ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਸਮਾਗਮ ਸਬੰਧੀ ਪਾਕਿਸਤਾਨ ਪਹੁੰਚਿਆ SGPC ਦਾ ਪੰਜ ਮੈਂਬਰੀ ਵਫ਼ਦ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ਼ਤਾਬਦੀ ਦੇ ਸਮਾਗਮਾਂ ਸਬੰਧੀ ਔਕਾਫ਼ ਬੋਰਡ ਦੇ ਨੁਮਾਇੰਦਿਆਂ ਨਾਲ ਕਰੇਗਾ ਬੈਠਕ 

A five-member delegation of SGPC arrived in Pakistan for the Saka Sri Panja Sahib centenary event

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪੰਜ ਮੈਂਬਰੀ ਵਫ਼ਦ 'ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ' ਦੀ 100 ਸਾਲਾ ਸ਼ਤਾਬਦੀ ਸਮਾਗਮਾਂ ਦੇ ਸਬੰਧ ਵਿੱਚ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਨਾਲ ਵਿਚਾਰ ਵਟਾਂਦਰਾ ਕਰਨ ਲਈ ਅੱਜ ਵਾਹਗਾ ਬਾਰਡਰ ਰਾਹੀਂ ਪਾਕਿਸਤਾਨ ਲਈ ਰਵਾਨਾ ਹੋਇਆ। ਇਸ ਵਫ਼ਦ ਦੀ ਅਗਵਾਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰ ਰਹੇ ਹਨ ਅਤੇ ਉਨ੍ਹਾਂ ਨਾਲ ਜਨਰਲ ਸਕੱਤਰ ਜਥੇਦਾਰ ਕਰਨੈਲ ਸਿੰਘ ਪੰਜੋਲੀ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਧਰਮ ਪ੍ਰਚਾਰ ਕਮੇਟੀ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਅਤੇ ਯਾਤਰਾ ਵਿਭਾਗ ਦੇ ਇੰਚਾਰਜ ਰਜਿੰਦਰ ਸਿੰਘ ਰੂਬੀ ਸ਼ਾਮਲ ਹਨ।

ਪਾਕਿਸਤਾਨ ਪੁੱਜਣ ਉੱਤੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਨੁਮਾਇੰਦਿਆਂ ਅਤੇ ਅਧਿਕਾਰੀਆਂ ਵੱਲੋਂ ਇਸ ਵਫ਼ਦ ਦਾ ਫੁੱਲਾਂ ਦੇ ਹਾਰਾਂ ਅਤੇ ਗੁਲਦਸਤਿਆਂ ਨਾਲ ਭਰਵਾਂ ਸਵਾਗਤ ਕੀਤਾ ਗਿਆ। ਇਹ ਵਫ਼ਦ ਲਾਹੌਰ ਵਿਖੇ ਪਾਕਿਸਤਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਔਕਾਫ਼ ਬੋਰਡ ਦੇ ਅਧਿਕਾਰੀਆਂ ਅਤੇ ਅਹੁਦੇਦਾਰਾਂ ਨਾਲ ਸਾਕਾ ਸ੍ਰੀ ਪੰਜਾ ਸਾਹਿਬ ਸ਼ਤਾਬਦੀ ਦੇ ਸਮਾਗਮਾਂ ਸਬੰਧੀ ਬੈਠਕ ਕਰੇਗਾ।

ਬੈਠਕ ਵਿੱਚ ਵਿਚਾਰ ਕੀਤਾ ਜਾਵੇਗਾ ਕਿ ਸ਼ਤਾਬਦੀ ਸਮਾਗਮ ਕਿਸ ਪੱਧਰ ਦੇ ਕੀਤੇ ਜਾਣੇ ਹਨ, ਉਸ ਦੀ ਰੂਪ ਰੇਖਾ ਕਿਵੇਂ ਦੀ ਹੋਵੇਗੀ ਅਤੇ ਪਾਕਿਸਤਾਨ ਵਿਖੇ ਸ਼੍ਰੋਮਣੀ ਕਮੇਟੀ ਵੱਲੋਂ ਕੀ-ਕੀ ਪ੍ਰਬੰਧ ਕੀਤੇ ਜਾਣੇ ਹਨ। ਇਸ ਤੋਂ ਇਲਾਵਾ ਇਹ ਵੀ ਵਿਚਾਰ ਕੀਤਾ ਜਾਵੇਗਾ ਕਿ ਸ਼ਤਾਬਦੀ ਸਮਾਗਮਾਂ ਮੌਕੇ ਪਾਕਿਸਤਾਨ ਦੀਆਂ ਵਿਸ਼ਵ ਪ੍ਰਸਿੱਧ ਸ਼ਖ਼ਸੀਅਤਾਂ ਨੂੰ ਸ਼ਾਮਲ ਕਰਵਾਉਣ ਲਈ ਸੱਦਾ-ਪੱਤਰ ਕਿਸ ਪੱਧਰ ਉੱਤੇ ਦਿੱਤੇ ਜਾਣੇ ਹਨ।