ਪੋਸਟ ਮੈਟ੍ਰਿਕ ਸਕਾਲਰਸ਼ਿਪ ਅਧੀਨ ਹੁਣ ਤੱਕ 1.66 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਕੀਤਾ ਅਪਲਾਈ: ਡਾ. ਬਲਜੀਤ ਕੌਰ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਡਾ. ਬੀ.ਆਰ. ਅੰਬੇਡਕਰ ਪੋਰਟਲ 2025-26 ਲਈ ਖੁੱਲਾ — ਪ੍ਰਕਿਰਿਆ ਪੂਰੀ ਤਰ੍ਹਾਂ ਆਨਲਾਈਨ ਅਤੇ ਪਾਰਦਰਸ਼ੀ

More than 1.66 lakh students have applied under Post Matric Scholarship till now: Dr. Baljit Kaur

ਚੰਡੀਗੜ੍ਹ: ਮੁੱਖ ਮੰਤਰੀ  ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਦੇ ਖੇਤਰ ਵਿੱਚ ਬਰਾਬਰੀ ਦੇ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ। ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀਆਂ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਕਿ ਸੂਬੇ ਦੇ ਹੁਣ ਤੱਕ 1,66,958 ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਵੱਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਅਧੀਨ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ 'ਤੇ ਅਪਲਾਈ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਇਸ ਸਕਾਲਰਸ਼ਿਪ ਸਕੀਮ ਦਾ ਮੁੱਖ ਉਦੇਸ਼ ਆਰਥਿਕ ਤੌਰ 'ਤੇ ਕਮਜ਼ੋਰ ਪਰ ਯੋਗ ਵਿਦਿਆਰਥੀਆਂ ਨੂੰ ਉੱਚ ਸਿੱਖਿਆ ਜਾਰੀ ਰੱਖਣ ਲਈ ਵਿੱਤੀ ਸਹਾਇਤਾ ਮੁਹੱਈਆ ਕਰਵਾਉਣਾ ਹੈ, ਤਾਂ ਜੋ ਕੋਈ ਵੀ ਵਿਦਿਆਰਥੀ ਪੈਸੇ ਦੀ ਕਮੀ ਕਾਰਨ ਆਪਣੀ ਸਿੱਖਿਆ ਵਿਚ ਰੁਕਾਵਟ ਮਹਿਸੂਸ ਨਾ ਕਰੇ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਪਲਾਈ ਕੀਤੇ ਗਏ ਵਿਦਿਆਰਥੀਆਂ ਵਿੱਚੋਂ 20,773 ਵਿਦਿਆਰਥੀਆਂ ਦੀਆਂ ਐਪਲੀਕੇਸ਼ਨਾਂ ਵੈਰੀਫਾਈ ਕੀਤੀਆਂ ਜਾ ਚੁੱਕੀਆਂ ਹਨ। ਚਾਲੂ ਵਿੱਤੀ ਸਾਲ ਦੌਰਾਨ ਹੁਣ ਤੱਕ 627 ਵਿਦਿਆਰਥੀਆਂ ਲਈ ₹14.95 ਲੱਖ ਰੁਪਏ ਜਾਰੀ ਕੀਤੇ ਜਾ ਚੁੱਕੇ ਹਨ, ਜਦਕਿ 19,244 ਵਿਦਿਆਰਥੀਆਂ ਲਈ  4.62 ਕਰੋੜ ਦੀ ਰਕਮ ਜਲਦ ਹੀ ਜਾਰੀ ਕੀਤੀ ਜਾ ਰਹੀ ਹੈ।

ਮੰਤਰੀ ਨੇ ਦੱਸਿਆ ਕਿ ਵਿੱਤੀ ਸਾਲ 2024-25 ਦੌਰਾਨ ਸੂਬਾ ਸਰਕਾਰ ਵੱਲੋਂ 2,37,456 ਵਿਦਿਆਰਥੀਆਂ ਲਈ ₹267.54 ਕਰੋੜ ਰੁਪਏ ਦੀ ਰਕਮ ਜਾਰੀ ਕੀਤੀ ਗਈ ਸੀ, ਜੋ ਕਿ ਵਿਦਿਆਰਥੀ ਭਲਾਈ ਲਈ ਸਰਕਾਰ ਦੀ ਗੰਭੀਰਤਾ ਦਾ ਪ੍ਰਮਾਣ ਹੈ।

ਉਨ੍ਹਾਂ ਕਿਹਾ ਕਿ ਡਾ. ਬੀ.ਆਰ. ਅੰਬੇਡਕਰ ਸਕਾਲਰਸ਼ਿਪ ਪੋਰਟਲ ਰਾਹੀਂ ਪੂਰੀ ਪ੍ਰਕਿਰਿਆ ਡਿਜਿਟਲ ਅਤੇ ਪਾਰਦਰਸ਼ੀ ਢੰਗ ਨਾਲ ਕੀਤੀ ਜਾ ਰਹੀ ਹੈ, ਜਿਸ ਨਾਲ ਵਿਦਿਆਰਥੀਆਂ ਨੂੰ ਕਿਸੇ ਵੀ ਤਰ੍ਹਾਂ ਦੀ ਦਫ਼ਤਰੀ ਦੌੜ-ਭੱਜ ਤੋਂ ਰਾਹਤ ਮਿਲੀ ਹੈ।

ਡਾ. ਬਲਜੀਤ ਕੌਰ ਨੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗ ਵਿਦਿਆਰਥੀ ਆਪਣੇ ਸਥਾਨਕ ਕਾਲਜਾਂ ਰਾਹੀਂ ਇਸ ਯੋਜਨਾ ਲਈ ਅਪਲਾਈ ਕਰਕੇ ਇਸਦਾ ਲਾਭ ਲੈਣ ਅਤੇ ਆਪਣੀ ਸਿੱਖਿਆ ਜਾਰੀ ਰੱਖਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਹਰ ਯੋਗ ਵਿਦਿਆਰਥੀ ਤੱਕ ਸਕਾਲਰਸ਼ਿਪ ਦੇ ਲਾਭ ਪਹੁੰਚਾਉਣ ਅਤੇ ਸਿੱਖਿਆ ਨੂੰ ਬਰਾਬਰੀ ਦੇ ਮੌਕੇ ਦੇਣ ਲਈ ਵਚਨਬੱਧ ਹੈ।