ਸੁਖਵਿੰਦਰ ਸਿੰਘ ਕਲਕੱਤਾ ਹੱਤਿਆ ਮਾਮਲੇ ’ਚ ਪੁਲਿਸ ਨੇ 3 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ
ਨਾਜਾਇਜ਼ ਪਿਸਤੌਲ 30 ਬੋਰ ਅਤੇ ਇੱਕ ਕਾਰ ਵੀ ਬਰਾਮਦ
ਬਰਨਾਲਾ: ਬਰਨਾਲਾ ਦੇ ਪਿੰਡ ਸ਼ਹਿਣਾ ਦੀ ਸਾਬਕਾ ਸਰਪੰਚ ਮਲਕੀਤ ਕੌਰ ਦੇ ਪੁੱਤਰ ਸੁਖਵਿੰਦਰ ਸਿੰਘ ਕਲਕੱਤਾ ਦੇ ਕਤਲ ਦੇ ਮਾਮਲੇ ’ਚ ਪੁਲਿਸ ਨੇ ਮੁੱਖ ਮੁਲਜ਼ਮ ਸਣੇ 3 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਬਰਨਾਲਾ ਵਿਖੇ ਡੀ.ਆਈ.ਜੀ. ਪਟਿਆਲਾ ਰੇਂਜ ਕੁਲਦੀਪ ਸਿੰਘ ਚਹਿਲ ਨੇ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਕਿਹਾ ਕਿ ਥਾਣਾ ਸ਼ਹਿਣਾ ਵਿਖੇ ਮ੍ਰਿਤਕ ਸੁਖਵਿੰਦਰ ਸਿੰਘ ਕਲਕੱਤਾ ਦੇ ਭਰਾ ਸੁਖਜੀਤ ਸਿੰਘ ਧਾਲੀਵਾਲ ਦੇ ਬਿਆਨਾਂ ਦੇ ਅਧਾਰ 'ਤੇ ਹਰਜਿੰਦਰ ਸਿੰਘ ਉਰਫ਼ ਜਿੰਦਰ ਪੁੱਤਰ ਬਹਾਦਰ ਸਿੰਘ ਵਾਸੀ ਸ਼ਹਿਣਾ ਅਤੇ ਗੁਰਦੀਪ ਦਾਸ ਉਰਫ਼ ਦੀਪੀ ਬਾਬਾ ਪੁੱਤਰ ਬਲਵੰਤ ਦਾਸ ਵਾਸੀ ਸ਼ਹਿਣਾ ਖਿਲਾਫ਼ ਮੁਕਦਮਾ ਦਰਜ ਕੀਤਾ ਗਿਆ ਸੀ। ਜ਼ਿਲ੍ਹਾ ਬਰਨਾਲਾ ਪੁਲਿਸ ਵਲੋਂ ਉਕਤ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਤਕਨੀਕੀ ਅਤੇ ਫੋਰੈਂਸਿਕ ਮਾਹਰਾਂ ਸਮੇਤ ਵੱਖ-ਵੱਖ ਟੀਮਾਂ ਬਣਾ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਸੀ। ਪੁਲਿਸ ਵਲੋਂ ਹਰਜਿੰਦਰ ਸਿੰਘ ਤੇ ਗੁਰਦੀਪ ਦਾਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰਜਿੰਦਰ ਸਿੰਘ ਵਲੋਂ ਵਾਰਦਾਤ ਵਿਚ ਵਰਤਿਆ ਗਿਆ ਨਾਜਾਇਜ਼ ਪਿਸਟਲ 30 ਬੋਰ ਅਤੇ ਇਕ ਆਈ-20 ਕਾਰ ਵੀ ਬਰਾਮਦ ਕੀਤੀ ਗਈ ਹੈ।
ਡੀ.ਆਈ.ਜੀ. ਚਹਿਲ ਨੇ ਦੱਸਿਆ ਕਿ ਮੁੱਢਲੀ ਤਫਤੀਸ਼ ਵਿਚ ਸਾਹਮਣੇ ਆਇਆ ਹੈ ਕਿ ਹਰਜਿੰਦਰ ਸਿੰਘ ਪਿਛਲੇ ਕੁਝ ਸਮੇਂ ਤੋਂ ਮ੍ਰਿਤਕ ਸੁਖਵਿੰਦਰ ਸਿੰਘ ਕਲਕੱਤਾ ਪਾਸੋਂ ਪੈਸਿਆਂ ਦੀ ਮੰਗ ਕਰ ਰਿਹਾ ਸੀ। ਮ੍ਰਿਤਕ ਵਲੋਂ ਉਸ ਦਾ ਫੋਨ ਚੁੱਕਣਾ ਬੰਦ ਕਰ ਦਿੱਤਾ ਗਿਆ ਸੀ। ਇਹ ਵੀ ਸਾਹਮਣੇ ਆਇਆ ਹੈ ਕਿ ਹਰਜਿੰਦਰ ਸਿੰਘ ਨੂੰ ਪੈਸਿਆਂ ਦੀ ਲੋੜ ਰਹਿੰਦੀ ਸੀ। ਹਰਜਿੰਦਰ ਸਿੰਘ ਵਲੋਂ ਵਾਰਦਾਤ ਤੋਂ ਬਾਅਦ ਸੋਸ਼ਲ ਮੀਡੀਆ ਉੱਪਰ ਲਾਈਵ ਹੋ ਕੇ ਪਾਈ ਗਈ ਇਕ ਵੀਡੀਓ ਤੋਂ ਵੀ ਇਸ ਗੱਲ ਦੀ ਪੁਸ਼ਟੀ ਹੋਈ ਹੈ।