ਪੰਜਾਬ ’ਚ ਕਿਸਾਨਾਂ ਵੱਲੋਂ ਵੱਖ-ਵੱਖ ਥਾਈਂ ਚੱਕਾ ਜਾਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਵਿਰੁੱਧ ਖੇਤੀ ਕਾਨੂੰਨ ਵਾਪਸ ਲਏ ਤਾਂ ਜੋ ਕਿਸਾਨਾਂ ਨੂੰ ਉੱਜੜਨ ਤੋਂ ਬਚਾਇਆ ਜਾ ਸਕੇ।

protest

ਚੰਡੀਗੜ੍ਹ - ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰੀ ਖੇਤੀ ਕਾਨੂੰਨਾਂ ਖਿਲਾਫ  ਪਹਿਲਾ ਐਕਸ਼ਨ ਦੇਸ਼ ਭਰ ਵਿੱਚ ਹੋਣ ਜਾ ਰਿਹਾ ਹੈ। ਇਸ ਦੇ ਤਹਿਤ ਅੱਜ  ਪੰਜਾਬ ਦੇ ਵੱਖ ਵੱਖ ਥਾਵਾਂ ਤੇ ਕਿਸਾਨਾਂ ਵਲੋਂ ਟੋਲ ਪਲਾਜ਼ੇ, ਪੰਜਾਬ ਦੀਆਂ ਸਾਰੀਆਂ ਮੁੱਖ ਸੜਕਾਂ  ਪੂਰੀ ਤਰ੍ਹਾਂ ਬੰਦ ਹੈ। ਬੇਸ਼ੱਕ ਇਹ ਐਕਸ਼ਨ ਪੂਰੇ ਦੇਸ਼ ਵਿੱਚ ਹੈ ਪਰ ਇਸ ਦਾ ਸਭ ਤੋਂ ਵੱਧ ਅਸਰ ਪੰਜਾਬ ਤੇ ਹਰਿਆਣਾ ਵਿੱਚ ਵੇਖਿਆ ਜਾ ਰਿਹਾ ਹੈ। ਇਸ ਦੇ ਚਲਦੇ ਅੱਜ ਆਵਾਜਾਈ ਠੱਪ ਰਹੇਗੀ।

ਸੂਬੇ ਦੀਆਂ ਵੱਖ-ਵੱਖ ਜਥੇਬੰਦੀਆਂ ਨੇ ਰਲ ਕੇ ਦੇਸ਼ ਭਰ 'ਚ ਚੱਕਾ ਜਾਮ ਦੇ ਮੱਦੇਨਜ਼ਰ 67 ਟੀਮਾਂ ਬਣਾਈਆਂ ਹਨ। ਇਹ ਟੀਮਾਂ ਪੰਜਾਬ ਦੇ ਵੱਖ-ਵੱਖ ਮੌਲ, ਟੋਲ ਪਲਾਜ਼ਿਆਂ, ਸਟੇਟ ਤੇ ਕੌਮੀ ਰਾਜ ਮਾਰਗਾਂ 'ਤੇ ਤਾਇਨਾਤ ਰਹਿਣਗੀਆਂ ਤੇ ਆਉਣ ਜਾਣ ਵਾਲੇ ਵਾਹਨਾਂ ਨੂੰ ਰੋਕਣਗੀਆਂ।

ਬਹਿਰਾਮ ਟੋਲ ਪਲਾਜ਼ੇ 'ਤੇ ਧਰਨਾ 
ਬਹਿਰਾਮ ਟੋਲ ਪਲਾਜ਼ੇ 'ਤੇ ਬੰਗਾ ਬਹਿਰਾਮ ਮੁੱਖ ਮਾਰਗ ਤੇ 23 ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਜ਼ਬਰਦਸਤ ਜਾਮ ਲਗਾਇਆ ਗਿਆ ਹੈ। ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਆਖਿਆ ਕਿ ਜਦੋਂ ਤੱਕ ਕੇਂਦਰ ਸਰਕਾਰ ਸਾਡੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ।

ਚੰਡੀਗੜ੍ਹ-ਬਠਿੰਡਾ ਮੁੱਖ ਸੜਕ ਨੂੰ ਕੀਤਾ ਜਾਮ
 ਕੁੱਲ ਹਿੰਦ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਵਲੋਂ ਜ਼ਿਲ੍ਹਾ ਸੰਗਰੂਰ ਦੇ ਭਵਾਨੀਗੜ੍ਹ ਵਿਖੇ ਕਿਸਾਨਾਂ ਨੇ ਚੰਡੀਗੜ੍ਹ-ਬਠਿੰਡਾ ਮੁੱਖ ਸੜਕ ਨੂੰ ਧਰਨਾ ਲਗਾ ਕੇ ਜਾਮ ਕਰ ਦਿੱਤਾ ਹੈ। ਇੱਥੇ ਵੱਡੀ ਗਿਣਤੀ 'ਚ ਕਿਸਾਨ ਟਰੈਕਟਰਾਂ 'ਤੇ ਪਹੁੰਚੇ ਹੋਏ ਹਨ।

ਹਰੀਕੇ ਪੱਤਣ ਰਾਸ਼ਟਰੀ ਮਾਰਗ 54 'ਤੇ ਆਵਾਜਾਈ ਕੀਤੀ ਠੱਪ
ਖੇਤੀ ਕਾਨੂੰਨਾਂ ਵਿਰੁੱਧ ਕਿਸਾਨ ਜਥੇਬੰਦੀਆਂ ਨੇ ਕਸਬਾ ਹਰੀਕੇ ਪੱਤਣ ਨਜ਼ਦੀਕ ਰਾਸ਼ਟਰੀ ਮਾਰਗ 54 'ਤੇ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਧਰਨਾ ਲਗਾ ਕੇ ਆਵਾਜਾਈ ਠੱਪ ਕੀਤੀ ਗਈ ਹੈ। ਇਸ ਮੌਕੇ ਭਾਰੀ ਗਿਣਤੀ 'ਚ ਕਿਸਾਨ ਇਕੱਠੇ ਹੋਏ ਕਿਸਾਨ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਰਾਸ਼ਟਰੀ ਮਾਰਗ 54 'ਤੇ ਆਵਾਜਾਈ ਠੱਪ ਹੋਣ ਕਰਕੇ ਵਾਹਨਾਂ ਦੀਆਂ ਲੰਬੀਆਂ ਲਾਈਨਾਂ ਲੱਗ ਗਈਆਂ ਹਨ।

ਕਿਸਾਨਾਂ ਨੇ ਚੋਲਾਂਗ ਟੋਲ ਪਲਾਜ਼ੇ 'ਤੇ ਆਵਾਜਾਈ ਕੀਤੀ ਠੱਪ
ਜਲੰਧਰ-ਪਠਾਨਕੋਟ ਰਾਸ਼ਟਰੀ ਰਾਜ ਮਾਰਗ 'ਤੇ ਟੋਲ ਪਲਾਜ਼ਾ ਚੋਲਾਂਗ ਨਜ਼ਦੀਕ ਟਾਂਡਾ ਵਿਖੇ ਕਿਸਾਨ ਜਥੇਬੰਦੀਆਂ, ਮਜ਼ਦੂਰਾਂ, ਆੜ੍ਹਤੀਆਂ, ਸਮਾਜਿਕ ਜਥੇਬੰਦੀਆਂ ਵਲੋਂ ਜਾਮ ਲਗਾ ਦਿੱਤਾ ਗਿਆ ਹੈ। ਇਸ ਕਾਰਨ ਪਠਾਨਕੋਟ ਅਤੇ ਜਲੰਧਰ ਨੂੰ ਜਾਣ ਵਾਲੀ ਆਵਾਜਾਈ ਠੱਪ ਹੋ ਕੇ ਰਹਿ ਗਈ ਹੈ। ਧਰਨੇ ਤੇ ਬੈਠੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਜਦੋਂ ਖੇਤੀ ਕਾਨੂੰਨ ਨੂੰ ਵਾਪਸ ਨਹੀਂ ਲੈਂਦੀ, ਉਨ੍ਹਾਂ ਵਲੋਂ ਸੰਘਰਸ਼ ਜਾਰੀ ਰਹੇਗਾ। ਉਨ੍ਹਾਂ ਕੇਂਦਰ ਦੀ ਮੋਦੀ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਆਪਣਾ ਅੜੀਅਲ ਵਤੀਰਾ ਛੱਡ ਕੇ ਜਾਰੀ ਕੀਤੇ ਕਿਸਾਨਾਂ ਵਿਰੁੱਧ ਖੇਤੀ ਕਾਨੂੰਨ ਵਾਪਸ ਲਏ ਤਾਂ ਜੋ ਕਿਸਾਨਾਂ ਨੂੰ ਉੱਜੜਨ ਤੋਂ ਬਚਾਇਆ ਜਾ ਸਕੇ।