ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ ਕੇਂਦਰ ਸਰਕਾਰ: ਗਹਿਲੋਤ

ਏਜੰਸੀ

ਖ਼ਬਰਾਂ, ਪੰਜਾਬ

ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲਵੇ ਕੇਂਦਰ ਸਰਕਾਰ: ਗਹਿਲੋਤ

image

ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕਿਸਾਨਾਂ ਦੇ ਹੱਕ 'ਚ ਕੀਤਾ ਟਵੀਟ

ਜੈਪੁਰ, 4 ਦਸੰਬਰ : ਕੇਂਦਰੀ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿਚ ਕੀਤੇ ਜਾ ਰਹੇ ਕਿਸਾਨ ਅੰਦੋਲਨ ਵਿਚਕਾਰ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਸ਼ੁਕਰਵਾਰ ਨੂੰ ਕਿਹਾ ਕਿ ਕੇਂਦਰ ਸਰਕਾਰ ਨੂੰ ਤੁਰਤ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਅੰਨਾਦਾਤਾ ਨਾਲ ਗ਼ਲਤ ਵਿਵਹਾਰ ਕਰਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।
ਗਹਿਲੋਤ ਨੇ ਟਵੀਟ ਕੀਤਾ ਕਿ ਕੇਂਦਰ ਸਰਕਾਰ ਨੂੰ ਤੁਰਤ ਹੀ ਤਿੰਨੋਂ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਚਾਹੀਦਾ ਹੈ ਅਤੇ ਅੰਨਦਾਤਾ ਨਾਲ ਗ਼ਲਤ ਵਿਵਹਾਰ ਕਰਨ ਲਈ ਮੁਆਫ਼ੀ ਮੰਗਣੀ ਚਾਹੀਦੀ ਹੈ।
ਮੁੱਖ ਮੰਤਰੀ ਅਨੁਸਾਰ ਕੇਂਦਰ ਸਰਕਾਰ ਨੇ ਰਾਜ ਸਰਕਾਰਾਂ, ਕਿਸਾਨ ਸੰਗਠਨਾਂ, ਖੇਤੀ ਮਾਹਰਾਂ ਦੀ ਸਲਾਹ ਲਏ ਬਿਨਾਂ ਤਿੰਨੋਂ ਖੇਤੀਬਾੜੀ ਬਿੱਲ ਲਾਗੂ ਕੀਤੇ ਅਤੇ ਸੰਸਦ ਵਿਚ ਬਿਨਾਂ ਵਿਚਾਰ-ਵਟਾਂਦਰੇ ਦੇ ਬਹੁਮਤ ਦੇ ਆਧਾਰ 'ਤੇ ਇਨ੍ਹਾਂ ਬਿਲਾਂ ਨੂੰ ਗ਼ੈਰ ਸੰਵਿਧਾਨਕ ਢੰਗ ਨਾਲ ਪਾਸ ਕਰ ਕਰਵਾਇਆ ਜਦਕਿ ਵਿਰੋਧੀ ਦਲ ਇਨ੍ਹਾਂ ਨੂੰ ਕਮੇਟੀ ਨੂੰ ਭੇਜ ਕੇ ਚਰਚਾ ਦੀ ਮੰਗ ਕਰ ਰਿਹਾ ਹੈ।
ਉਨ੍ਹਾਂ ਕਿਹਾ ਹੈ ਕਿ ਕੇਂਦਰ ਸਰਕਾਰ ਨੇ ਇਨ੍ਹਾਂ ਬਿਲਾਂ ਬਾਰੇ ਕਿਸੇ ਨਾਲ ਵਿਚਾਰ ਵਟਾਂਦਰੇ ਨਹੀਂ ਕੀਤੇ, ਜਿਸ ਕਾਰਨ ਅੱਜ ਪੂਰੇ ਦੇਸ਼ ਦੇ ਕਿਸਾਨ ਸੜਕਾਂ 'ਤੇ ਹਨ। ਬਿਲਾਂ ਦਾ ਵਿਰੋਧ ਕਰਨ ਵਾਲੇ ਮੁੱਖ ਮੰਤਰੀਆਂ ਨੂੰ ਰਾਸ਼ਟਰਪਤੀ ਨੂੰ ਮਿਲਣ ਦਾ ਸਮਾਂ ਨਹੀਂ ਮਿਲਿਆ।
ਕਾਂਗਰਸੀ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਦੀ ਨਹੀਂ ਸੁਣੀ ਜਿਸ ਕਾਰਨ ਕਿਸਾਨ ਅੱਜ ਪੂਰੇ ਦੇਸ਼ ਵਿਚ ਅੰਦੋਲਨ ਕਰ ਰਹੇ ਹਨ।
ਗਹਿਲੋਤ ਨੇ ਕਿਹਾ ਕਿ ਲੋਕਤੰਤਰ ਦੇ ਅੰਦਰ ਸੰਵਾਦ ਨੂੰ ਇਸ ਤਰ੍ਹਾਂ ਸਰਕਾਰ ਨਾਲ ਕਾਇਮ ਰਖਿਆ ਜਾਵੇ ਤਾਂ ਇਹ ਚੱਕਾ ਜਾਮ ਦੇ ਹਾਲਾਤ ਨਹੀਂ ਬਣਦੇ ਅਤੇ ਜਨਤਾ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ। (ਪੀਟੀਆਈ)