ਸਵਾਰੀਆਂ ਨਾਲ ਭਰੀ ਬੱਸ ਤੇ ਟਰੈਕਟਰ ਟਰਾਲੀ ਦੀ ਹੋਈ ਭਿਆਨਕ ਟੱਕਰ, ਦੋ ਲੋਕਾਂ ਦੀ ਹੋਈ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅੰਮ੍ਰਿਤਸਰ ਜਲੰਧਰ ਮੁੱਖ ਮਾਰਗ 'ਤੇ ਵਾਪਰਿਆ ਹਾਦਸਾ

Amritsar Jalandhar main road Accident

ਅੰਮ੍ਰਿਤਸਰ ਦੇ ਬਿਆਸ ਪੁਲ 'ਤੇ ਅੱਜ ਇੱਕ ਭਿਆਨਕ ਹਾਦਸਾ ਵਾਪਰਿਆ। ਸਵਾਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਟਰੈਕਟਰ ਟਰਾਲੀ ਨਾਲ ਟਕਰਾ ਗਈ। ਇਸ ਹਾਦਸੇ 'ਚ ਦੋ ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਲੋਕ ਜ਼ਖ਼ਮੀ ਹੋ ਗਏ। ਮਾਮਲੇ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਪਹੁੰਚਾ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਬਿਆਸ ਪੁਲ 'ਤੇ ਦੁਪਹਿਰ 12 ਵਜੇ ਇਕ ਟਰੈਕਟਰ ਟਰਾਲੀ ਅਤੇ ਬੱਸ ਦੀ ਟੱਕਰ ਹੋ ਗਈ। ਜਿਸ ਵਿਚ ਬੱਸ ਪੂਰੀ ਤਰ੍ਹਾਂ ਨੁਕਸਾਨੀ ਗਈ। ਟਰਾਲੀ ਇੱਟਾਂ ਨਾਲ ਭਰੀ ਹੋਈ ਸੀ। ਬੱਸ ਅੰਮ੍ਰਿਤਸਰ ਤੋਂ ਜਲੰਧਰ ਜਾ ਰਹੀ ਸੀ।

ਟਰੈਕਟਰ ਟਰਾਲੀ ਵੀ ਅੰਮ੍ਰਿਤਸਰ ਤੋਂ ਜਲੰਧਰ ਵੱਲ ਜਾ ਰਹੀ ਸੀ। ਹਾਦਸਾ ਇੰਨਾ ਭਿਆਨਕ ਸੀ ਦੋ ਵਿਅਕਤੀਆਂ ਦੀ ਮੌਤ ਹੋ ਗਈ। ਹਾਦਸੇ ਦੀ ਸੂਚਨਾ ਮਿਲਦੇ ਹੀ ਵੱਡੀ ਗਿਣਤੀ 'ਚ ਲੋਕ ਮੌਕੇ 'ਤੇ ਇਕੱਠੇ ਹੋ ਗਏ ਅਤੇ ਬੱਸ ਤੋੜ ਕੇ ਲੋਕਾਂ ਨੂੰ ਬੱਸ 'ਚੋਂ ਬਾਹਰ ਕੱਢਿਆ ਗਿਆ।

ਹਾਦਸੇ ਵਿਚ ਮਰਨ ਵਾਲੇ ਦੋ ਵਿਅਕਤੀਆਂ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਇਸ ਹਾਦਸੇ 'ਚ ਕਈ ਯਾਤਰੀ ਗੰਭੀਰ ਜ਼ਖ਼ਮੀ ਹੋ ਗਏ। ਜਿਨ੍ਹਾਂ ਵਿੱਚੋਂ ਅੱਧੇ ਲੋਕਾਂ ਨੂੰ ਬਿਆਸ ਹਸਪਤਾਲ ਅਤੇ ਅੱਧੇ ਨੂੰ ਬਾਬਾ ਬਕਾਲਾ ਸਾਹਿਬ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਹਾਦਸੇ ਕਾਰਨ ਪੂਰੀ ਸੜਕ ਜਾਮ ਹੋ ਗਈ ਹੈ।