ਰਾਜੋਆਣਾ ਬਾਰੇ ਆਈ ਵੱਡੀ ਖ਼ਬਰ, ਭੁੱਖ ਹੜਤਾਲ ਕੀਤੀ ਵਾਪਸ!

ਏਜੰਸੀ

ਖ਼ਬਰਾਂ, ਪੰਜਾਬ

ਸ਼੍ਰੋਮਣੀ ਕਮੇਟੀ ਦੇ ਵਫ਼ਦ ਨਾਲ ਮੁਲਾਕਾਤ ਤੋਂ ਬਾਅਦ ਲਿਆ ਫ਼ੈਸਲਾ

file photo

ਪਟਿਆਲਾ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ 'ਚ ਸਜ਼ਾ ਕੱਟ ਰਹੇ ਭਾਈ ਬਲਵੰਤ ਸਿੰਘ ਰਾਜੋਆਣਾ ਵਲੋਂ 11 ਜਨਵਰੀ ਤੋਂ ਭੁੱਖ ਹੜਤਾਲ 'ਤੇ ਬੈਠਣ ਦਾ ਐਲਾਨ ਕੀਤਾ ਹੋਇਆ ਸੀ। ਇਸ ਨੂੰ ਲੈ ਕੇ ਸਿਆਸੀ ਗਲਿਆਰਿਆਂ ਅੰਦਰ ਬਿਆਨਬਾਜ਼ੀ ਦਾ ਬਾਜ਼ਾਰ ਵੀ ਗਰਮ ਸੀ। ਇਸੇ ਦੌਰਾਨ ਭਾਈ ਰਾਜੋਆਣਾ ਨੇ ਭੁੱਖ ਹੜਤਾਲ ਨੂੰ ਫਿਲਹਾਲ ਮੁਲਤਵੀ ਕਰ ਦਿਤਾ ਹੈ।

ਖ਼ਬਰਾਂ ਮੁਤਾਬਕ ਇਹ ਸਭ ਕੁੱਝ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਜੇਲ੍ਹ ਫੇਰੀ ਤੋਂ ਬਾਅਦ ਹੀ ਮੁਮਕਿਨ ਹੋ ਸਕਿਆ ਹੈ। ਸੋਮਵਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਵਲੋਂ ਪਟਿਆਲਾ ਜੇਲ੍ਹ ਪਹੁੰਚ ਕੇ ਭਾਈ ਰਾਜੋਆਣਾ ਨਾਲ ਮੁਲਾਕਾਤ ਕੀਤੀ ਗਈ। ਮੀਟਿੰਗ ਤੋਂ ਬਾਅਦ ਭਾਈ ਰਾਜੋਆਣਾ ਨੇ ਅਪਣੀ 11 ਤਰੀਕ ਨੂੰ ਕੀਤੀ ਜਾਣ ਵਾਲੀ ਭੁੱਖ ਹੜਤਾਲ ਟਾਲ ਦਿਤੀ ਹੈ।

ਭਾਈ ਰਾਜੋਆਣਾ ਨਾਲ ਮੀਟਿੰਗ ਤੋਂ ਬਾਅਦ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਲੌਂਗੋਵਾਲ ਨੇ ਦਸਿਆ ਕਿ ਸ਼੍ਰੋਮਣੀ ਕਮੇਟੀ ਨੇ ਭਾਈ ਰਾਜੋਆਣਾ ਨਾਲ ਮੁਲਾਕਾਤ ਕਰ ਕੇ ਉਨ੍ਹਾਂ ਨੂੰ 11 ਤਰੀਕ ਦੀ ਹੜਤਾਲ ਵਾਪਸ ਲੈਣ ਦੀ ਅਪੀਲ ਕੀਤੀ ਸੀ, ਜਿਸ ਨੂੰ ਮੰਨਦਿਆਂ ਉਨ੍ਹਾਂ ਨੇ ਹੜਤਾਲ ਵਾਪਸ ਲੈ ਲਈ ਹੈ।

ਉਨ੍ਹਾਂ ਕਿਹਾ ਕਿ ਰਾਜੋਆਣਾ ਦੀ ਫ਼ਾਂਸੀ ਦੀ ਸਜ਼ਾ ਮੁਆਫ਼ ਕਰਵਾਉਣ ਖ਼ਾਤਰ ਸ਼੍ਰੋਮਣੀ ਕਮੇਟੀ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਰਾਜੋਆਣਾ ਨੂੰ 2013 ਵਿਚ ਫ਼ਾਂਸੀ ਦੀ ਸਜ਼ਾ ਸੁਣਾਈ ਗਈ ਸੀ, ਜਿਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਨੇ ਰਾਸ਼ਟਰਪਤੀ ਕੋਲ ਅਪੀਲ ਦਾਇਰ ਕੀਤੀ ਸੀ। ਪਰ 7 ਸਾਲ ਦਾ ਲੰਮਾ ਸਮਾਂ ਬੀਤਣ ਦੇ ਬਾਵਜੂਦ ਇਸ 'ਤੇ ਕੋਈ ਫ਼ੈਸਲਾ ਨਹੀਂ ਆਇਆ ਜੋ ਕਿ ਮੰਦਭਾਗਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਹੋਰ ਸਿੱਖ ਕੈਦੀਆਂ ਦੇ ਨਾਲ ਨਾਲ ਭਾਈ ਰਾਜੋਆਣਾ ਦੀ ਫ਼ਾਂਸੀ ਨੂੰ ਵੀ ਉਮਰ ਕੈਦ ਵਿਚ ਬਦਲਣ ਦਾ ਐਲਾਨ ਕੀਤਾ ਗਿਆ ਸੀ। ਪਰ ਬਾਅਦ ਵਿਚ ਇਸ ਨੂੰ ਬਦਲ ਦਿਤਾ ਗਿਆ ਹੈ।

ਕਾਬਲੇਗੌਰ ਹੈ ਕਿ ਭਾਈ ਰਾਜੋਆਣਾ ਦੀ ਸਜ਼ਾ ਮੁਆਫ਼ੀ ਨੂੰ ਲੈ ਕੇ ਸਿਆਸੀ ਗਲਿਆਰਿਆਂ ਅੰਦਰ ਵੀ ਖਿੱਚੋਤਾਣ ਚੱਲ ਰਹੀ ਹੈ। ਇਸ ਦੌਰਾਨ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਸੁਖਬੀਰ ਸਿੰਘ ਬਾਦਲ ਵਿਚਾਲੇ ਸ਼ਬਦੀ-ਜੰਗ ਵੀ ਜਾਰੀ ਹੈ। ਸਿਆਸੀ ਧਿਰਾਂ ਇਸ ਮੁੱਦੇ 'ਤੇ ਇਕ-ਦੂਜੇ ਨੂੰ ਘੇਰਨ ਲਈ ਕੋਈ ਮੌਕਾ ਹੱਥੋਂ ਨਹੀਂ ਜਾਣ ਦੇਣਾ ਚਾਹੁੰਦੀਆਂ।

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹਿਲਾਂ ਹੀ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਨੂੰ ਉਨ੍ਹਾਂ ਦੇ ਗ੍ਰਹਿ ਵਿਖੇ ਮਿਲ ਚੁੱਕੇ ਹਨ। ਇਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦਾ ਵਫ਼ਦ ਭਾਈ ਰਾਜੋਆਣਾ ਨਾਲ ਮੁਲਾਕਾਤ ਕਰਨ ਲਈ ਪਟਿਆਲਾ ਜੇਲ੍ਹ ਪਹੁੰਚਿਆ, ਜਿਸ ਤੋਂ ਬਾਅਦ ਭਾਈ ਰਾਜੋਆਣਾ ਨੇ ਅਪਣਾ ਭੁੱਖ ਹੜਤਾਲ ਦਾ ਫ਼ੈਸਲਾ ਵਾਪਸ ਲੈ ਲਿਆ ਹੈ।