ਇਮਰਾਨ ਸਰਕਾਰ ਸਿੱਖਾਂ ਦੀ ਹਿਫ਼ਾਜ਼ਤ ਕਰਨ ਲਈ ਅੱਗੇ ਆਵੇ : ਨਿਰਮਲ ਸਿੰਘ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਪਾਕਿਸਤਾਨ ਵਿਖੇ ਸਥਿਤ ਜਗਤ ਗੁਰੂ ...

File photo

ਅੰਮ੍ਰਿਤਸਰ (ਸੁਖਵਿੰਦਰਜੀਤ ਸਿੰਘ ਬਹੋੜੂ): ਚੀਫ਼ ਖ਼ਾਲਸਾ ਦੀਵਾਨ ਦੇ ਮੁੱਖ ਦਫ਼ਤਰ ਵਿਖੇ ਹੋਈ ਇਕੱਤਰਤਾ ਦੌਰਾਨ ਚੀਫ਼ ਖ਼ਾਲਸਾ ਦੀਵਾਨ ਦੇ ਅਹੁਦੇਦਾਰਾਂ ਵਲੋਂ ਪਾਕਿਸਤਾਨ ਵਿਖੇ ਸਥਿਤ ਜਗਤ ਗੁਰੂ ਸ੍ਰੀ ਗੁਰੂ ਨਾਨਕ ਸਾਹਿਬ ਜੀ ਦੇ ਪਵਿੱਤਰ ਜਨਮ ਅਸਥਾਨ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਉਤੇ ਕੁੱਝ ਸ਼ਰਾਰਤੀ ਅਨਸਰਾਂ ਵਲੋਂ ਪਥਰਾਅ ਕਰ ਕੇ ਬੇਅਦਬੀ ਕਰਨ ਦੀ ਘਟਨਾ ਦੀ ਕਰੜੇ ਸ਼ਬਦਾਂ ਵਿਚ ਨਿੰਦਾ ਕੀਤੀ ਹੈ।

ਇਸ ਮੌਕੇ ਚੀਫ਼ ਖ਼ਾਲਸਾ ਦੀਵਾਨ ਦੇ ਪ੍ਰਧਾਨ ਸ. ਨਿਰਮਲ ਸਿੰਘ ਨੇ ਕਿਹਾ ਕਿ ਪਾਕਿਸਤਾਨ ਵਿਖੇ ਕੁੱਝ ਸ਼ਰਾਰਤੀ ਲੋਕਾਂ ਵਲੋਂ ਇਕ ਗਹਿਰੀ ਸਾਜ਼ਸ਼ ਅਧੀਨ ਗੁਰਦਵਾਰਾ ਸ੍ਰੀ ਨਨਕਾਣਾ ਸਾਹਿਬ ਦੀ ਤੋੜ-ਭੰਨ ਕਰਨਾ, ਸਿੱਖਾਂ ਦੇ ਘਰਾਂ ਉਤੇ ਪੱਥਰਬਾਜ਼ੀ ਕਰਨਾ ਅਤੇ ਸ਼ਰੇਆਮ ਸਿੱਖਾਂ ਵਿਰੁਧ ਨਫ਼ਰਤ ਭਰੀ ਨਾਹਰੇਬਾਜ਼ੀ ਕਰਨਾ ਬਹੁਤ ਹੀ ਮੰਦਭਾਗੀ ਘਟਨਾ ਹੈ ਜਿਸ ਕਾਰਨ ਸਮੁੱਚੇ ਸਿੱਖਾਂ ਵਿਚ ਰੋਸ ਦੀ ਲਹਿਰ ਹੈ। 

ਅਜਿਹੀਆਂ ਘਟਨਾਵਾਂ ਦੇ ਮੱਦੇਨਜ਼ਰ ਪਾਕਿ ਵਿਖੇ ਸਿੱਖਾਂ ਦੀ ਸੁਰੱਖਿਆ ਦੇ ਹਾਲਾਤ ਬਾਰੇ ਅਨੁਮਾਨ ਸਹਿਜੇ ਹੀ ਲਗਾਇਆ ਜਾ ਸਕਦਾ ਹੈ। ਉਨ੍ਹਾਂ ਚੀਫ਼ ਖ਼ਾਲਸਾ ਦੀਵਾਨ ਵਲੋਂ ਪਾਕਿ ਸਰਕਾਰ ਨੂੰ ਅਪੀਲ ਕੀਤੀ ਕਿ ਪਾਕਿਸਤਾਨ ਵਿਖੇ ਵਸਦੇ ਸਿੱਖਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਠੋਸ ਕਦਮ ਚੁਕੇ ਜਾਣ ਅਤੇ ਦੋਸੀਆਂ ਵਿਰੁਧ ਤੁਰਤ ਕਾਨੂੰਨੀ ਕਾਰਵਾਈ ਕਰ ਕੇ ਉਨ੍ਹਾਂ ਨੂੰ ਸਖ਼ਤ ਸਜ਼ਾ ਦਿਤੀ ਜਾਵੇ। 

ਇਸ ਮੋਕੇ ਆਨਰੇਰੀ ਸਕੱਤਰ ਸ: ਸਵਿੰਦਰ ਸਿੰਘ ਕੱਥੂਨੰਗਲ ਅਤੇ ਸ. ਸੁਰਿੰਦਰ ਸਿੰਘ ਰੁਮਾਲਿਆ ਵਾਲੇ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਨਾਗਰਿਕਤਾ ਦੀ ਰਖਿਆ ਕਰਨਾ ਸਰਕਾਰ ਦਾ ਮੁਢਲਾ ਫ਼ਰਜ਼ ਹੁੰਦਾ ਹੈ ਪ੍ਰੰਤੂ ਮੌਜੂਦਾ ਸਮੇਂ ਵਿਚ ਪਾਕਿ ਵਿਖੇ ਵਸਦੇ ਘੱਟ ਗਿਣਤੀ ਸਿੱਖ ਡਰ ਅਤੇ ਸਹਿਮ ਦੇ ਮਾਹੌਲ ਵਿਚ ਰਹਿ ਰਹੇ ਹਨ।

ਉਨ੍ਹਾਂ ਭਾਰਤ ਸਰਕਾਰ ਨੂੰ ਇਸ ਮਸਲੇ 'ਤੇ ਦਖ਼ਲ ਅੰਦਾਜ਼ੀ ਕਰ ਕੇ ਪਾਕਿਸਤਾਨ ਹਕੂਮਤ ਨੂੰ ਗੁਰਦੁਆਰਾ ਸ੍ਰੀ ਨਨਕਾਣਾ ਸਾਹਿਬ ਦੀ ਪਵਿੱਤਰਤਾ ਅਤੇ ਸਤਿਕਾਰ ਬਰਕਰਾਰ ਰੱਖਦਿਆਂ ਉਥੋਂ ਦੇ ਵਸਨੀਕ ਸਿੱਖਾਂ ਨੂੰ ਜਾਨ-ਮਾਲ ਦੀ ਸੁਰੱਖਿਆ ਮੁਹਈਆ ਕਰਵਾਉਣ ਤੇ ਜ਼ੋਰ ਦੇਣ ਦੀ ਅਪੀਲ ਕੀਤੀ।