ਪੰਜਾਬੀਆਂ ਨੇ BJP ਤੇ ਇਸ ਦੇ ਫੁੱਟ ਪਾਊ ਏਜੰਡੇ ਨੂੰ ਨਕਾਰ ਦਿੱਤਾ ਹੈ - ਮੁੱਖ ਮੰਤਰੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਨੂੰ ਬਰਬਾਦ ਕਰਨ ਲਈ ਅਕਾਲੀਆਂ ਦੀ ਕਰੜੀ ਨਿੰਦਾ

Chief Minister Channi

ਕੇਜਰੀਵਾਲ ਅਤੇ ਉਸ ਦੇ ਸਾਥੀਆਂ ਦੀ ਪੰਜਾਬ ਦੀ ਦੌਲਤ ‘ਤੇ ਅੱਖ

ਦਸੂਹਾ (ਹੁਸ਼ਿਆਰਪੁਰ) - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਕਿਹਾ ਕਿ ਬੁੱਧਵਾਰ ਦੀ ਰੈਲੀ ਦੀ ਅਸਫਲਤਾ ਇਸ ਤੱਥ ਦਾ ਸਬੂਤ ਹੈ ਕਿ ਸੂਝਵਾਨ ਪੰਜਾਬੀਆਂ ਨੇ ਭਾਜਪਾ ਦੇ ਫੁੱਟ ਪਾਊ ਅਤੇ ਨਫਰਤ ਦੇ ਏਜੰਡੇ ਨੂੰ ਪੂਰੀ ਤਰਾਂ ਨਕਾਰ ਦਿੱਤਾ ਹੈ। ਅੱਜ ਇੱਥੇ ਵੱਖ-ਵੱਖ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖਣ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਕੱਲ ਹੋਈ ਭਾਜਪਾ ਦੀ ਰੈਲੀ ਵਿੱਚ ਜਿੱਥੇ 70,000 ਕੁਰਸੀਆਂ ਲਗਾਈਆਂ ਗਈਆਂ ਸਨ, ਸਿਰਫ 700 ਵਿਅਕਤੀ ਹਾਜਰ ਹੋਣ ਦਾ ਤੱਥ ਮੋਦੀ ਸਰਕਾਰ ਵਿਰੁੱਧ ਲੋਕਾਂ ਦੇ ਮਨਾਂ ਵਿਚਲੇ ਰੋਸ ਨੂੰ ਦਰਸਾਉਂਦਾ ਹੈ।

ਉਨਾਂ ਕਿਹਾ ਕਿ ਖਾਲੀ ਪਈਆਂ ਕੁਰਸੀਆਂ ਨੇ ਭਾਜਪਾ ਅਤੇ ਇਸ ਦੀ ਸਮੁੱਚੀ ਲੀਡਰਸਪਿ ਨੂੰ ਜਨਤਾ ਦੀਆਂ ਭਾਵਨਾਵਾਂ ਦਾ ਪਤਾ ਲਗਾਉਣ ਵਿੱਚ ਨਾਕਾਮ ਰਹਿਣ ਦਾ ਸੀਸਾ ਦਿਖਾਇਆ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪੰਜਾਬੀਆਂ ਨੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਭਾਜਪਾ ਦੇ ਹੰਕਾਰੀ ਆਗੂਆਂ ਨੂੰ ਸਬਕ ਸਿਖਾਉਣ ਦਾ ਮਨ ਬਣਾ ਲਿਆ ਹੈ ਅਤੇ ਇਸ ਦਾ ਅੰਦਾਜ ਭਾਜਪਾ ਦੇ ਇਸ ਫਲਾਪ ਸੋਅ ਤੋਂ ਲਗਾਇਆ ਜਾ ਸਕਦਾ ਹੈ। 

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਪੰਜਾਬ ਫੇਰੀ ਦੌਰਾਨ ਸੁਰੱਖਿਆ ਵਿੱਚ ਕੋਈ ਕਮੀ ਨਹੀਂ ਆਈ ਪਰ ਭਾਜਪਾ ਦੀ ਰੈਲੀ ਵਿੱਚ ਲੋਕਾਂ ਦੀ ਘੱਟ ਗਿਣਤੀ ਦੇ ਮੱਦੇਨਜਰ ਪ੍ਰਧਾਨ ਮੰਤਰੀ ਨੇ ਦੌਰਾ ਰੱਦ ਕਰ ਦਿੱਤਾ। ਉਨਾਂ ਕਿਹਾ ਕਿ ਦੌਰੇ ਦੌਰਾਨ ਨਿਰਧਾਰਤ ਪ੍ਰੋਟੋਕੋਲ ਦੀ ਪਾਲਣਾ ਕੀਤੀ ਗਈ ਸੀ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਪ੍ਰਧਾਨ ਮੰਤਰੀ ਦੀ ਫੇਰੀ ਸਬੰਧੀ ਲੋੜੀਂਦੇ ਪ੍ਰਬੰਧਾਂ ਦੀ ਨਿਗਰਾਨੀ ਉਨਾਂ ਨੇ ਖੁਦ ਕੀਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪ੍ਰੋਗਰਾਮ ਅਨੁਸਾਰ ਪ੍ਰਧਾਨ ਮੰਤਰੀ ਨੇ ਬਠਿੰਡਾ ਤੋਂ ਫਿਰੋਜ਼ਪੁਰ ਤੱਕ ਹਵਾਈ ਯਾਤਰਾ ਕਰਨੀ ਸੀ। ਉਨਾਂ ਅੱਗੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਪ੍ਰੋਗਰਾਮ ਵਿੱਚ ਆਖਰੀ ਪਲਾਂ ਵਿੱਚ ਬਦਲਾਅ ਕਰਦਿਆਂ ਅਚਾਨਕ ਸੜਕ ਰਾਹੀਂ ਯਾਤਰਾ ਕਰਨ ਦਾ ਫੈਸਲਾ ਕੀਤਾ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਭਾਵੇਂ ਸੂਬਾ ਸਰਕਾਰ ਨੇ ਇਸ ਦੇ ਵੀ ਪੂਰੇ ਪ੍ਰਬੰਧ ਕੀਤੇ ਹੋਏ ਸਨ ਪਰ ਰੈਲੀ ਵਿੱਚ ਲੋਕਾਂ ਦੀ ਘੱਟ ਹਾਜਰੀ ਨੂੰ ਦੇਖਦਿਆਂ ਪ੍ਰਧਾਨ ਮੰਤਰੀ ਨੇ ਸੜਕ ਜਾਮ ਦਾ ਹਵਾਲਾ ਦਿੰਦਿਆਂ ਆਪਣਾ ਦੌਰਾ ਰੱਦ ਕਰ ਦਿੱਤਾ।

ਅਕਾਲੀਆਂ ‘ਤੇ ਵਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਆਪਣੇ ਇਕ ਦਹਾਕੇ ਦੇ ਸਾਸ਼ਨ ਦੌਰਾਨ ਅਕਾਲੀ ਆਗੂਆਂ ਨੇ ਸੂਬੇ ਨੂੰ ਖੂਬ ਲੁੱਟਿਆ ਹੈ। ਉਨਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਵਿੱਚ ਨਸ਼ਿਆਂ ਦਾ ਕਾਰੋਬਾਰ ਫੈਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਿਸ ਕਾਰਨ ਨੌਜਵਾਨਾਂ ਦੀਆਂ ਜ਼ਿੰਦਗੀਆਂ ਬਰਬਾਦ ਹੋ ਰਹੀਆਂ ਹਨ। ਮੁੱਖ ਚੰਨੀ ਨੇ ਕਿਹਾ ਕਿ ਅਕਾਲੀਆਂ ਨੂੰ ਇਨਾਂ ਗੁਨਾਹਾਂ ਲਈ ਪੰਜਾਬ ਵਾਸੀ ਕਦੇ ਮੁਆਫ ਨਹੀਂ ਕਰਨਗੇ।

‘ਆਪ‘ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਆੜੇ ਹੱਥੀਂ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਹ ਅਫਵਾਹਾਂ ਫੈਲਾਉਣ ਵਾਲੇ ਹਨ ਜੋ ਸੂਬੇ ਨੂੰ ਲੁੱਟਣਾ ਚਾਹੁੰਦੇ ਹਨ। ਉਨਾਂ ਕਿਹਾ ਕਿ ਕੇਜਰੀਵਾਲ ਸੂਬੇ ਅਤੇ ਇੱਥੋਂ ਦੇ ਲੋਕਾਂ ਲਈ ਨੁਕਸਾਨਦੇਹ ਹੈ। ਮੁੱਖ ਮੰਤਰੀ ਚੰਨੀ ਨੇ ਲੋਕਾਂ ਨੂੰ ਕੇਜਰੀਵਾਲ ਅਤੇ ਉਸ ਦੇ ਸਾਥੀਆਂ ਦੇ ਨਾਪਾਕ ਮਨਸੂਬਿਆਂ ਤੋਂ ਸੁਚੇਤ ਰਹਿਣ ਦੀ ਚੇਤਾਵਨੀ ਦਿੱਤੀ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਪੰਜਾਬ ਵਿੱਚ ਕ੍ਰਾਂਤੀਕਾਰੀ ਤਬਦੀਲੀ ਦੇਖੀ ਹੈ ਕਿਉਂਕਿ ਪਹਿਲੀ ਵਾਰ ਸੱਤਾ ਕਿਸੇ ਜਿਮੀਂਦਾਰ ਜਾਂ ਸ਼ਾਹੀ ਵਿਅਕਤੀ ਦੀ ਬਜਾਏ ਆਮ ਆਦਮੀ ਨੂੰ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਉਹਨਾਂ ਦੀ ਸਰਕਾਰ ਦਾ ਟੀਚਾ ਸਾਰਿਆਂ ਲਈ ਬਰਾਬਰ ਮੌਕੇ ਅਤੇ ਸੂਬੇ ਦੇ ਸਰੋਤਾਂ ਤੱਕ ਹਰ ਕਿਸੇ ਦੀ ਪਹੁੰਚ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਸੂਬਾ ਸਰਕਾਰ ਦੀਆਂ ਲੋਕ ਪੱਖੀ ਨੀਤੀਆਂ ਦੇ ਹਿੱਸੇ ਵਜੋਂ 1500 ਕਰੋੜ ਰੁਪਏ ਦੇ ਬਿਜਲੀ ਬਿੱਲਾਂ ਦੇ ਬਕਾਏ ਮੁਆਫ ਕੀਤੇ ਗਏ ਹਨ, ਘਰੇਲੂ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ 3 ਰੁਪਏ ਪ੍ਰਤੀ ਯੂਨਿਟ ਦੀ ਕਟੌਤੀ ਕੀਤੀ ਗਈ ਹੈ, ਪੇਂਡੂ ਖੇਤਰਾਂ ਵਿੱਚ ਮੋਟਰਾਂ ਦੇ 1200 ਕਰੋੜ ਰੁਪਏ ਦੇ ਬਿੱਲਾਂ ਦੀ ਛੋਟ ਦਿੱਤੀ ਗਈ ਹੈ, ਪਾਣੀ ਦੇ ਖਰਚੇ ਨੂੰ 50 ਰੁਪਏ ਤੱਕ ਘਟਾ ਦਿੱਤਾ ਗਿਆ ਹੈ ਅਤੇ ਰੇਤ ਦੇ ਰੇਟਾਂ ਵਿਚ ਵੀ ਕਟੌਤੀ ਕੀਤੀ ਗਈ ਹੈ। 

ਮੁੱਖ ਮੰਤਰੀ ਨੇ ਲੋਕਾਂ ਦੀ ਭਲਾਈ ਲਈ ਮਿਸਾਲੀ ਕੰਮ ਕਰਨ ਲਈ ਸਥਾਨਕ ਵਿਧਾਇਕ ਸ੍ਰੀ ਅਰੁਣ ਡੋਗਰਾ ਦੀ ਵੀ ਸਲਾਘਾ ਕੀਤੀ। ਉਨਾਂ ਕਿਹਾ ਕਿ ਇਨਾਂ ਕੰਮਾਂ ਦਾ ਉਦੇਸ ਲੋਕਾਂ ਦੀ ਭਲਾਈ ਅਤੇ ਇਲਾਕੇ ਦੇ ਵਿਕਾਸ ਨੂੰ ਯਕੀਨੀ ਬਣਾਉਣਾ ਹੈ। ਮੁੱਖ ਮੰਤਰੀ ਨੇ ਇਸ ਖੇਤਰ ਵਿੱਚ ਕਈ ਵਿਕਾਸ ਕਾਰਜਾਂ ਦਾ ਨੀਂਹ ਪੱਥਰ ਵੀ ਰੱਖਿਆ। ਇਸ ਤੋਂ ਪਹਿਲਾਂ ਵਿਧਾਇਕ ਸ੍ਰੀ ਡੋਗਰਾ ਨੇ ਮੁੱਖ ਮੰਤਰੀ ਅਤੇ ਹੋਰ ਪਤਵੰਤਿਆਂ ਦਾ ਸਵਾਗਤ ਕੀਤਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਿਧਾਇਕ ਸ੍ਰੀਮਤੀ ਇੰਦੂ ਬਾਲਾ, ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ, ਐਸਐਸਪੀ ਸ੍ਰੀ ਕੇ.ਐਸ. ਹੀਰ ਹਾਜਰ ਸਨ।