Punjab Weather Update: ਪੰਜਾਬ ਵਿਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਅਲਰਟ; 50 ਮੀਟਰ ਤੋਂ ਵੀ ਘੱਟ ਹੋਈ ਵਿਜ਼ੀਬਿਲਟੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਅੱਜ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਘੱਟ ਰਹਿਣ ਦਾ ਅਨੁਮਾਨ ਹੈ।

Punjab Weather Update

Punjab Weather Update: ਪੰਜਾਬ ਵਿਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਕੱਲ੍ਹ ਪੰਜਾਬ ਵਿਚ ਧੁੰਦ ਅਤੇ ਸੀਤ ਲਹਿਰ ਨੂੰ ਲੈ ਕੇ ਅਲਰਟ ਜਾਰੀ ਕੀਤਾ ਸੀ। ਇਸ ਦੇ ਨਾਲ ਹੀ ਅੱਜ ਪੂਰਬੀ ਮਾਲਵੇ ਵਿਚ ਸੰਘਣੀ ਧੁੰਦ ਕਾਰਨ ਵਿਜ਼ੀਬਿਲਟੀ 50 ਮੀਟਰ ਤੋਂ ਵੀ ਘੱਟ ਹੋ ਗਈ ਹੈ। ਇਹੀ ਹਾਲ ਅੰਮ੍ਰਿਤਸਰ, ਜਲੰਧਰ ਅਤੇ ਆਸ-ਪਾਸ ਦੇ ਜ਼ਿਲ੍ਹਿਆਂ ਦਾ ਹੈ। ਇਸ ਦੇ ਨਾਲ ਹੀ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿਚ ਅੱਜ ਘੱਟੋ-ਘੱਟ ਤਾਪਮਾਨ 10 ਡਿਗਰੀ ਤੋਂ ਘੱਟ ਰਹਿਣ ਦਾ ਅਨੁਮਾਨ ਹੈ।

ਮੌਸਮ ਵਿਭਾਗ ਅਨੁਸਾਰ ਪੂਰਬੀ ਮਾਲਵੇ ਦੇ ਲੁਧਿਆਣਾ, ਪਟਿਆਲਾ, ਰੂਪਨਗਰ ਅਤੇ ਸੰਗਰੂਰ ਵਿਚ ਅੱਧੀ ਰਾਤ ਤੋਂ ਹੀ ਸੰਘਣੀ ਧੁੰਦ ਛਾਈ ਹੋਈ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਨੇ ਅੰਮ੍ਰਿਤਸਰ, ਤਰਨਤਾਰਨ, ਪਠਾਨਕੋਟ, ਜਲੰਧਰ, ਹੁਸ਼ਿਆਰਪੁਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿਚ ਆਰੇਂਜ ਅਲਰਟ ਜਾਰੀ ਕੀਤਾ ਹੈ। ਪਿਛਲੇ ਇਕ ਹਫ਼ਤੇ ਤੋਂ ਪੰਜਾਬ ਦੇ ਕਈ ਜ਼ਿਲ੍ਹਿਆਂ ਵਿਚ ਧੁੱਪ ਨਹੀਂ ਨਿਕਲੀ ਹੈ, ਜਦਕਿ ਹੁਣ ਤੇਜ਼ ਹਵਾਵਾਂ ਚੱਲਣ ਕਾਰਨ ਕੰਬਣੀ ਵਧ ਗਈ ਹੈ। ਅਜਿਹੇ 'ਚ ਲੁਧਿਆਣਾ ਸਮੇਤ ਪੰਜਾਬ ਦੇ ਕਈ ਜ਼ਿਲਿਆਂ 'ਚ ਕੜਾਕੇ ਦੀ ਠੰਢ ਨੇ ਰਿਕਾਰਡ ਤੋੜ ਦਿਤੇ ਹਨ।

ਅੰਮ੍ਰਿਤਸਰ ਵਿਚ ਧੁੰਦ ਕਾਰਨ ਬਰਮਿੰਘਮ ਤੋਂ ਆਉਣ ਵਾਲੀ ਫਲਾਈਟ ਦੇ 1.40 ਮਿੰਟ ਦੀ ਦੇਰੀ ਨਾਲ ਲੈਂਡ ਹੋਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਦੁਬਈ ਲਈ ਰਵਾਨਾ ਹੋਣ ਵਾਲੀ ਫਲਾਈਟ ਸਵੇਰੇ 8.40 ਦੀ ਬਜਾਏ ਦੁਪਹਿਰ 12 ਵਜੇ ਟੇਕ ਆਫ ਕਰੇਗੀ। ਇੰਨਾ ਹੀ ਨਹੀਂ ਵਿਸਤਾਰਾ ਦੀ ਮੁੰਬਈ-ਅੰਮ੍ਰਿਤਸਰ ਫਲਾਈਟ ਅੱਜ ਸਵੇਰੇ 35 ਮਿੰਟ ਲੇਟ ਹੋਈ। ਇਸ ਤੋਂ ਇਲਾਵਾ ਅੰਮ੍ਰਿਤਸਰ ਤੋਂ ਹੈਦਰਾਬਾਦ ਜਾਣ ਵਾਲੀ ਫਲਾਈਟ ਸਵੇਰੇ 11 ਵਜੇ ਦੀ ਬਜਾਏ ਰਾਤ 11.50 ਵਜੇ ਟੇਕ ਆਫ ਕਰੇਗੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਧੁੰਦ ਕਾਰਨ ਰੇਲ ਗੱਡੀਆਂ 'ਤੇ ਵੀ ਇਸ ਦਾ ਅਸਰ ਦੇਖਣ ਨੂੰ ਮਿਲ ਰਿਹਾ ਹੈ। ਅੰਮ੍ਰਿਤਸਰ ਤੋਂ ਦਿੱਲੀ ਲਈ ਰਵਾਨਾ ਹੋਣ ਵਾਲੀਆਂ ਟਰੇਨਾਂ ਤੈਅ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ। ਰੇਲਵੇ ਨੇ 139 'ਤੇ ਕਾਲ ਕਰਕੇ ਜਾਂ NTES ਦੀ ਅਧਿਕਾਰਤ ਵੈੱਬਸਾਈਟ 'ਤੇ ਜਾਣਕਾਰੀ ਲੈਣ ਤੋਂ ਬਾਅਦ ਹੀ ਰੇਲਵੇ ਸਟੇਸ਼ਨ 'ਤੇ ਆਉਣ ਦਾ ਨਿਰਦੇਸ਼ ਦਿਤਾ ਹੈ। ਅੰਮ੍ਰਿਤਸਰ ਤੋਂ ਸਵੇਰੇ ਰਵਾਨਾ ਹੋਣ ਵਾਲੀਆਂ ਟਰੇਨਾਂ ਨਿਰਧਾਰਤ ਸਮੇਂ ਤੋਂ ਪਿੱਛੇ ਚੱਲ ਰਹੀਆਂ ਹਨ।