ਕੈਪਟਨ ਸਰਕਾਰ ਦੀਆਂ ਗ਼ਲਤ ਨੀਤੀਆਂ ਕਾਰਨ ਬੇਰੁਜ਼ਗਾਰੀ 'ਚ ਹੋ ਰਿਹੈ ਭਾਰੀ ਵਾਧਾ : ਮੀਤ ਹੇਅਰ
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸੂਬੇ ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰੀ ਪ੍ਰਤੀ ਕੋਈ ਠੋਸ ਨੀਤੀ ਨਾ ਲਿਆਉਣ 'ਤੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ...
ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਸੂਬੇ ਕਾਂਗਰਸ ਸਰਕਾਰ ਵੱਲੋਂ ਬੇਰੁਜ਼ਗਾਰੀ ਪ੍ਰਤੀ ਕੋਈ ਠੋਸ ਨੀਤੀ ਨਾ ਲਿਆਉਣ 'ਤੇ ਸਰਕਾਰ ਦੀ ਨਿਖੇਧੀ ਕਰਦਿਆਂ ਕਿਹਾ ਕਿ ਸਰਕਾਰ ਚੋਣਾਂ ਤੋਂ ਪਹਿਲਾਂ ਨੌਜਵਾਨਾਂ ਅਤੇ ਹੋਰ ਵਰਗਾਂ ਨਾਲ ਕੀਤੇ ਵਾਅਦਿਆਂ ਨੂੰ ਭੁੱਲ ਗਈ ਹੈ ਜਿਸ ਦਾ ਖ਼ਮਿਆਜ਼ਾ ਸੂਬੇ ਦੇ ਨੌਜਵਾਨਾਂ ਨੂੰ ਭੁਗਤਣਾ ਪੈ ਰਿਹਾ ਹੈ।
ਪਾਰਟੀ ਦੇ ਚੰਡੀਗੜ੍ਹ ਸਥਿਤ ਹੈੱਡਕੁਆਟਰ ਤੋਂ ਜਾਰੀ ਬਿਆਨ ਰਾਹੀਂ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ (ਮੀਤ ਹੇਅਰ), ਬਠਿੰਡਾ ਦਿਹਾਤੀ ਤੋਂ ਵਿਧਾਇਕ ਰੁਪਿੰਦਰ ਕੌਰ ਰੂਬੀ ਅਤੇ ਯੂਥ ਵਿੰਗ ਦੇ ਸੂਬਾ ਪ੍ਰਧਾਨ ਮਨਜਿੰਦਰ ਸਿੰਘ ਸਿੱਧੂ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਹਰ ਘਰ ਰੁਜ਼ਗਾਰ ਦਾ ਵਾਅਦਾ ਕਰ ਕੇ ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਸਰਕਾਰ ਹੁਣ ਆਪਣੇ ਕੀਤੇ ਵਾਅਦੇ ਤੋਂ ਭੱਜ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਕਾਂਗਰਸ ਸਰਕਾਰ ਨੌਜਵਾਨਾਂ ਨਾਲ ਝੂਠੇ ਵਾਅਦੇ ਕਰਕੇ ਸੱਤਾ ਵਿੱਚ ਆਈ ਹੈ।
'ਆਪ' ਆਗੂਆਂ ਨੇ ਕਿਹਾ ਕਿ ਸੂਬਾ ਸਰਕਾਰ ਨਾ ਸਿਰਫ਼ ਆਪਣੇ ਕੀਤੇ ਵਾਅਦੇ ਤੋਂ ਮੁੱਕਰੀ ਹੈ ਬਲਕਿ ਉਸ ਨੇ ਨੌਜਵਾਨਾਂ ਨਾਲ ਧੋਖਾ ਕਰ ਕੇ ਉਨ੍ਹਾਂ ਨੂੰ ਪੰਜਾਬ ਛੱਡਣ ਲਈ ਮਜਬੂਰ ਕੀਤਾ ਹੈ। ਮੀਤ ਹੇਅਰ ਨੇ ਕਿਹਾ ਕਿ ਰੁਜ਼ਗਾਰ ਦੀ ਅਣਹੋਂਦ ਕਾਰਨ ਪੰਜਾਬ ਵਿਚੋਂ ਹਰ ਰੋਜ਼ ਹਜ਼ਾਰਾਂ ਨੌਜਵਾਨ ਹਰ ਸਹੀ ਗ਼ਲਤ ਰਸਤਾ ਅਪਣਾ ਕੇ ਵਿਦੇਸ਼ ਜਾਣ ਲਈ ਮਜਬੂਰ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਨੌਜਵਾਨ ਦਾ ਵਿਦੇਸ਼ਾਂ ਵਿੱਚ ਜਾਣ ਨਾਲ ਸੂਬੇ ਦਾ ਅਣਮੁੱਲਾ ਖ਼ਜ਼ਾਨਾ ਤਾਂ ਜਾ ਹੀ ਰਿਹਾ ਹੈ ਇਸ ਨਾਲ ਸੂਬੇ ਨੂੰ ਮਾਲੀਏ ਦਾ ਵੀ ਨੁਕਸਾਨ ਹੋ ਰਿਹਾ ਹੈ।
ਹੇਅਰ ਨੇ ਕਿਹਾ ਕਿ ਫ਼ਰਵਰੀ 2018 ਦੀ 5.9 ਦੇ ਮੁਕਾਬਲੇ ਫ਼ਰਵਰੀ 2019 ਵਿੱਚ ਦੇਸ਼ ਦੀ ਬੇਰੁਜ਼ਗਾਰੀ ਦੀ ਦਰ 7.2 % ਹੋ ਗਈ ਹੈ ਜੋ ਕਿ ਸਤੰਬਰ 2016 ਤੋਂ ਹੁਣ ਤੱਕ ਦੀ ਸਭ ਤੋਂ ਉੱਚੀ ਦਰ ਹੈ। ਹੇਅਰ ਨੇ ਕਿਹਾ ਕਿ ਪੰਜਾਬ ਵਿੱਚ ਵੀ ਬੇਰੁਜ਼ਗਾਰੀ ਦੀ ਸਥਿਤੀ ਬਹੁਤ ਬਦਤਰ ਹੈ।