ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਕੁੱਝ ਸ਼ਖਸੀਅਤਾਂ ਦੇ ਬੁੱਤ ਲਾਉਣ ਦੀ ਪ੍ਰਵਾਨਗੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੌਮੀ ਅਤੇ ਸੂਬੇ ਦੀ ਅਮੀਰ ਇਤਿਹਾਸਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਪਰਸ਼ੂ ਰਾਮ ਜੀ ਅਤੇ ਮਹਾਰਾਜਾ

File Photo

ਚੰਡੀਗੜ੍ਹ : ਕੌਮੀ ਅਤੇ ਸੂਬੇ ਦੀ ਅਮੀਰ ਇਤਿਹਾਸਕ ਵਿਰਾਸਤ ਨੂੰ ਪ੍ਰਫੁੱਲਤ ਕਰਨ ਲਈ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਭਗਵਾਨ ਪਰਸ਼ੂ ਰਾਮ ਜੀ ਅਤੇ ਮਹਾਰਾਜਾ ਅਗਰਸੈਨ ਜੀ ਤੋਂ ਇਲਾਵਾ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ, ਉੱਘੇ ਆਜ਼ਾਦੀ ਘੁਲਾਟੀਏ ਬਾਬਾ ਸੋਹਨ ਸਿੰਘ ਭਕਨਾ ਅਤੇ ਬਾਬਾ ਮਹਾਰਾਜ ਸਿੰਘ ਦੇ ਨਾਲ-ਨਾਲ ਭਾਰਤੀ ਸੰਵਿਧਾਨ ਦੇ ਨਿਰਮਾਤਾ ਡਾ. ਬੀ.ਆਰ. ਅੰਬੇਦਕਰ ਦੇ ਬੁੱਤ ਲਾਉਣ ਦੀ ਮਨਜ਼ੂਰੀ ਦੇ ਦਿਤੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਕਦਮ ਸਤਿਕਾਰਯੋਗ ਸੰਤਾਂ, ਮਹਾਨ ਯੋਧਿਆਂ, ਉੱਘੇ ਆਜ਼ਾਦੀ ਘੁਲਾਟੀਆਂ ਤੋਂ ਇਲਾਵਾ ਪ੍ਰਸਿੱਧ ਸ਼ਖਸੀਅਤਾਂ ਪ੍ਰਤੀ ਉਨ੍ਹਾਂ ਦੀ ਸਰਕਾਰ ਦੇ ਸਤਿਕਾਰ ਨੂੰ ਦਰਸਾਉਂਦਾ ਹੈ। ਇੱਥੇ ਸੂਬਾ ਪੱਧਰੀ ਸੰਚਾਲਨ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਲੁਧਿਆਣਾ ਵਿਖੇ ਵਿਸ਼ਨੂੰ ਜੀ ਦੇ ਛੇਵੇਂ ਅਵਤਾਰ ਭਗਵਾਨ ਪਰਸ਼ੂ ਰਾਮ ਜੀ ਦਾ ਕਾਂਸੀ ਦਾ ਬੁੱਤ ਅਤੇ ਬਠਿੰਡਾ ਵਿਖੇ ਅਗਰੋਹਾ ਦੇ ਮਹਾਨ ਭਾਰਤੀ ਰਾਜਾ ਮਹਾਰਾਜਾ ਅਗਰਸੈਨ ਜੀ ਦਾ ਬੁੱਤ ਸਥਾਪਤ ਕਰਨ ਨੂੰ ਪ੍ਰਵਾਨਗੀ ਦੇ ਦਿਤੀ ਹੈ।

ਇਸੇ ਤਰ੍ਹਾਂ ਮਹਾਨ ਸਿੱਖ ਜਰਨੈਲ ਬਾਬਾ ਬੰਦਾ ਸਿੰਘ ਬਹਾਦਰ ਦਾ ਬੁੱਤ ਫਤਿਹਗੜ੍ਹ ਸਾਹਿਬ ਜ਼ਿਲ੍ਹੇ ਵਿਚ ਸਰਹਿੰਦ ਵਿਖੇ ਸਥਾਪਤ ਕੀਤਾ ਜਾਵੇਗਾ। ਮੁੱਖ ਮੰਤਰੀ ਨੇ ਸੱਭਿਆਚਾਰਕ ਮਾਮਲਿਆਂ ਦੇ ਪ੍ਰਮੁੱਖ ਸਕੱਤਰ ਹੁਸਨ ਲਾਲ ਵਲੋਂ ਪੰਜਾਬ ਤਕਨੀਕੀ ਯੂਨੀਵਰਸਿਟੀ ਦੁਆਰਾ ਫਗਵਾੜਾ/ ਜਲੰਧਰ ਵਿਚ ਅਤੇ ਇਸ ਦੇ ਆਸ-ਪਾਸ ਸੰਵਿਧਾਨ ਦੇ ਨਿਰਮਾਤਾ ਤੇ ਉੱਘੇ ਨੀਤੀਵਾਨ ਡਾ. ਬੀ.ਆਰ. ਅੰਬੇਡਕਰ ਦਾ ਬੁੱਤ ਸਥਾਪਤ ਕਰਨ ਲਈ ਰੱਖੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿੱਤੀ।

ਕੈਪਟਨ ਅਮਰਿੰਦਰ ਸਿੰਘ ਨੇ ਉੱਘੇ ਆਜ਼ਾਦੀ ਘੁਲਾਟੀਏ ਬਾਬਾ ਸੋਹਣ ਸਿੰਘ ਭਕਨਾ ਦੇ 150ਵੇਂ ਜਨਮ ਦਿਵਸ ਮੌਕੇ ਉਨ੍ਹਾਂ ਦੀ ਯਾਦ ਵਿਚ ਅੰਮ੍ਰਿਤਸਰ ਜ਼ਿਲ੍ਹੇ ਵਿਚ ਬੁੱਤ ਸਥਾਪਤ ਕਰਨ ਸਬੰਧੀ ਸੰਚਾਲਨ ਕਮੇਟੀ ਦੇ ਪ੍ਰਸਤਾਵ ਨੂੰ ਵੀ ਪ੍ਰਵਾਨਗੀ ਦੇ ਦਿਤੀ ਹੈ। ਮੁੱਖ ਮੰਤਰੀ ਨੇ ਬਾਬਾ ਮਹਾਰਾਜ ਸਿੰਘ ਦਾ ਬੁੱਤ ਲੁਧਿਆਣਾ ਜ਼ਿਲ੍ਹੇ ਵਿੱਚ ਸਥਿਤ ਉਨ੍ਹਾਂ ਦੇ ਜੱਦੀ ਪਿੰਡ ਉੱਚੀ ਰੱਬੋਂ ਵਿਖੇ ਸਥਾਪਤ ਕਰਨ ਨੂੰ ਵੀ ਪ੍ਰਵਾਨਗੀ ਦੇ ਦਿਤੀ ਹੈ।

ਹਾਲਾਂਕਿ, ਉਨ੍ਹਾਂ ਨੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਨੂੰ ਉੱਘੇ ਇਤਿਹਾਸਕਾਰਾਂ, ਵਿਦਵਾਨਾਂ ਅਤੇ ਖੋਜਕਾਰਾਂ ਨਾਲ ਸਲਾਹ-ਮਸ਼ਵਰਾ ਨਾਲ ਇਤਿਹਾਸਕ ਪਰਿਪੇਖ ਤੋਂ ਵਧੇਰੇ ਜਾਣਕਾਰੀ  ਪ੍ਰਾਪਤ ਕਰਨ ਲਈ ਵੀ ਆਖਿਆ। 'ਵਿਕਟੋਰੀਆ ਕਰਾਸ' ਪ੍ਰਾਪਤ ਸਾਰਾਗੜ੍ਹੀ ਜੰਗ ਦੇ ਨਾਇਕ ਸਿਪਾਹੀ ਈਸ਼ਰ ਸਿੰਘ ਦੇ ਬੇਮਿਸਾਲ ਯੋਗਦਾਨ ਨੂੰ ਦੇਖਦਿਆਂ ਮੁੱਖ ਮੰਤਰੀ ਨੇ ਸੰਚਾਲਨ ਕਮੇਟੀ ਨੂੰ ਇਸ ਮਹਾਨ ਸਿੱਖ ਸਿਪਾਹੀ ਪ੍ਰਤੀ ਨਿਮਾਣੀ ਸ਼ਰਧਾਂਜਲੀ ਵਜੋਂ ਲੁਧਿਆਣਾ ਵਿਖੇ ਉਨ੍ਹਾਂ ਦਾ ਬੁੱਤ ਸਥਾਪਤ ਕਰਨ ਲਈ ਵੀ ਕਿਹਾ।  

ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਥਾਨਕ ਸਰਕਾਰ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੰਜੇ ਕੁਮਾਰ, ਵਿੱਤ ਵਿਭਾਗ ਦੇ ਪ੍ਰਮੁੱਖ ਸਕੱਤਰ ਅਨਿਰੁਧ ਤਿਵਾੜੀ, ਪੇਂਡੂ ਵਿਕਾਸ ਤੇ ਪੰਚਾਇਤਾਂ ਦੇ ਪ੍ਰਮੁੱਖ ਸਕੱਤਰ ਸੀਮਾ ਜੈਨ, ਮੁੱਖ ਮੰਤਰੀ ਦੇ ਪ੍ਰਮੁੱਖ ਸਕੱਤਰ ਤੇਜਵੀਰ ਸਿੰਘ, ਸਕੱਤਰ ਆਜ਼ਾਦੀ ਘੁਲਾਟੀਏ ਵੀ.ਕੇ. ਮੀਨਾ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਗੁਰਕਿਰਤ ਕ੍ਰਿਪਾਲ ਸਿੰਘ, ਸਿਹਤ ਵਿਭਾਗ ਦੇ ਵਿਸ਼ੇਸ਼ ਸਕੱਤਰ ਮਨਵੇਸ਼ ਸਿੱਧੂ, ਸੂਚਨਾ ਅਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਅਨਿੰਦਿਤਾ ਮਿੱਤਰਾ ਅਤੇ ਡੀ.ਪੀ.ਆਈ. ਕਾਲਜਾਂ ਇੰਦੂ ਮਲਹੋਤਰਾ ਸ਼ਾਮਲ ਸਨ।