ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਮੁੱਖ ਮੰਤਰੀ ਸਮੇਤ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪ੍ਰੈੱਸ ਦੀ ਆਜ਼ਾਦੀ ਦੀ ਨਿੱਠ ਕੇ ਪ੍ਰੋੜਤਾ ਕੀਤੀ ਅਤੇ ਪੱਤਰਕਾਰੀ ਦੇ ਪਾਸਾਰ ਤੇ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਇਆ। 

SENIOR JOURNALIST MAJOR SINGH

ਚੰਡੀਗੜ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰੋਜ਼ਾਨਾ ਅਜੀਤ ਅਖ਼ਬਾਰ ਦੇ ਸੀਨੀਅਰ ਸਟਾਫ ਰਿਪੋਰਟਰ ਮੇਜਰ ਸਿੰਘ, ਜਿਨਾਂ ਦਾ ਸੰਖੇਪ ਬਿਮਾਰੀ ਮਗਰੋਂ ਜਲੰਧਰ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਅੱਜ ਸਵੇਰੇ ਦੇਹਾਂਤ ਹੋ ਗਿਆ, ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਹੈ। ਮੇਜਰ ਸਿੰਘ (68) ਆਪਣੇ ਪਿੱਛੇ ਪਤਨੀ, ਤਿੰਨ ਬੇਟੇ ਅਤੇ ਇੱਕ ਧੀ ਛੱਡ ਗਏ ਹਨ। ਆਪਣੇ ਸ਼ੋਕ ਸੰਦੇਸ਼ ਵਿੱਚ ਮੇਜਰ ਸਿੰਘ ਨੂੰ ਉੱਘਾ ਪੱਤਰਕਾਰ ਅਤੇ ਚੰਗੇ ਗੁਣਾਂ ਦਾ ਧਾਰਨੀ ਇੱਕ ਵਧੀਆ ਇਨਸਾਨ ਦੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੇਜਰ ਸਿੰਘ ਨੂੰ ਸੂਬੇ ਦੀ ਸਮਾਜਿਕ-ਆਰਥਿਕ ਅਤੇ ਰਾਜਨੀਤਿਕ ਸੂਝ-ਬੂਝ ਤੋਂ ਇਲਾਵਾ ਪੰਜਾਬੀ ਸਭਿਆਚਾਰ ’ਤੇ ਵੀ ਚੰਗੀ ਪਕੜ ਸੀ, ਜਿਨਾਂ ਨੇ ਹਮੇਸ਼ਾ ਪ੍ਰੈੱਸ ਦੀ ਆਜ਼ਾਦੀ ਦੀ ਨਿੱਠ ਕੇ ਪ੍ਰੋੜਤਾ ਕੀਤੀ ਅਤੇ ਪੱਤਰਕਾਰੀ ਦੇ ਪਾਸਾਰ ਤੇ ਵਿਕਾਸ ਵਿੱਚ ਵੱਡਮੁੱਲਾ ਯੋਗਦਾਨ ਪਾਇਆ। 

ਮੇਜਰ ਸਿੰਘ ਦੇ ਦੇਹਾਂਤ ਨਾਲ ਪੱਤਰਕਾਰੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਪਰਿਵਾਰ ਨਾਲ ਦਿਲੀ ਹਮਦਰਦੀ ਜ਼ਾਹਿਰ ਕਰਦਿਆਂ ਮੁੱਖ ਮੰਤਰੀ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਅਤੇ ਵਿਛੜੀ ਰੂਹ ਨੂੰ ਆਂਤਮਿਕ ਸ਼ਾਂਤੀ ਬਖ਼ਸ਼ਣ। ਇਸ ਦੌਰਾਨ ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ  ਰਵੀਨ ਠੁਕਰਾਲ ਨੇ ਵੀ ਮੇਜਰ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਮੇਜਰ ਸਿੰਘ ਨੂੰ ਨਿੱਡਰ ਤੇ ਨਿਰਪੱਖ ਪੱਤਰਕਾਰੀ ਲਈ ਪਾਠਕ ਹਮੇਸ਼ਾ ਯਾਦ ਰੱਖਣਗੇ। ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਵੱਖ-ਵੱਖ ਸਿਆਸੀ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।

ਆਮ ਆਦਮੀ ਪਾਰਟੀ ਨੇ  'ਅਜੀਤ' ਦੇ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਹੋਈ ਬੇਵਕਤੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪਾਰਟੀ ਹੈੱਡਕੁਆਟਰ ਤੋਂ ਜਾਰੀ ਬਿਆਨ ਵਿੱਚ ਸੂਬਾ ਪ੍ਰਧਾਨ ਤੇ ਸੰਸਦ ਮੈਂਬਰ ਭਗਵੰਤ ਸਿੰਘ ਮਾਨ ਅਤੇ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੀ ਮੌਤ ਨਾਲ ਪੱਤਰਕਾਰੀ ਖੇਤਰ ਨੂੰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਆਗੂਆਂ ਨੇ ਕਿਹਾ ਕਿ ਮੇਜਰ ਸਿੰਘ ਨੇ ਪੰਜਾਬੀ ਪੱਤਰਕਾਰੀ ਦੇ ਖੇਤਰ ਵਿੱਚ ਇਕ ਨਾਮ ਬਣਾਇਆ। ਉਨ੍ਹਾਂ ਹਮੇਸ਼ਾ ਪੰਜਾਬ ਦੇ ਅਤੇ ਲੋਕਾਂ ਦੇ ਮਸਲਿਆਂ ਨੂੰ ਗੰਭੀਰਤਾ ਨਾਲ ਚੁੱਕਿਆ। ਉਨ੍ਹਾਂ ਇਸ ਦੁੱਖ ਦੀ ਘੜੀ ਵਿੱਚ ਮੇਜਰ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਅਤੇ ਪ੍ਰਮਾਤਮਾ ਅੱਗੇ ਅਰਦਾਸ਼ ਕੀਤੀ ਕਿ ਵਿਛੜੇ ਰੂਹ ਨੂੰ ਆਪਣੇ ਚਰਨਾਂ ਵਿੱਚ ਥਾਂ ਬਖਸ਼ਣ।

 ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦਿਹਾਂਤ 'ਤੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਆਗੂ ਬਿਕਰਮ ਸਿੰਘ ਮਜੀਠੀਆ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਟਵੀਟ ਕਰਕੇ ਲਿਖਿਆ, ''ਮੇਜਰ ਸਿੰਘ ਦੇ ਦਿਹਾਂਤ ਬਾਰੇ ਜਾਣ ਕੇ ਹੈਰਾਨ ਹਾਂ, ਜਿਹੜੇ ਕਿ ਖੇਤਰ 'ਚ ਆਪਣੀ ਸੂਝਵਾਨ ਅਤੇ ਗਿਆਨ ਵਰਧਕ ਰਿਪੋਰਟਿੰਗ ਲਈ ਜਾਣੇ ਜਾਂਦੇ ਸਨ। ਮੈਂ ਵਿਧਾਨ ਸਭਾ ਦੀ ਕਾਰਵਾਈ 'ਤੇ ਵਿਚਾਰ-ਵਟਾਂਦਰਾ ਕਰਨ ਲਈ ਸਿਰਫ਼ 3 ਦਿਨ ਪਹਿਲਾਂ ਹੋਈ ਸਾਡੀ ਆਖ਼ਰੀ ਗੱਲਬਾਤ ਨੂੰ ਯਾਦ ਕਰਾਂਗਾ। ਪ੍ਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਦੇਵੇ।''