ਸੁਖਜਿੰਦਰ ਰੰਧਾਵਾ ਵੱਲੋਂ ਸੀਨੀਅਰ ਪੱਤਰਕਾਰ ਮੇਜਰ ਸਿੰਘ ਦੇ ਦੇਹਾਂਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਰੋਜ਼ਾਨਾ ਅਜੀਤ ਅਖ਼ਬਾਰ...

senior journalist Major Singh

ਚੰਡੀਗੜ: ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਰੋਜ਼ਾਨਾ ਅਜੀਤ ਅਖ਼ਬਾਰ ਦੇ ਸੀਨੀਅਰ ਸਟਾਫ ਰਿਪੋਰਟਰ ਮੇਜਰ ਸਿੰਘ, ਜਿਨ੍ਹਾਂ ਦਾ ਸੰਖੇਪ ਬਿਮਾਰੀ ਤੋਂ ਬਾਅਦ ਜਲੰਧਰ ਦੇ ਇੱਕ ਪ੍ਰਾਈਵੇਟ ਹਸਪਤਾਲ ਵਿੱਚ ਅੱਜ ਸਵੇਰੇ ਦੇਹਾਂਤ ਹੋ ਗਿਆ ਸੀ, ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ 68 ਵਰ੍ਹਿਆਂ ਦੇ ਸਨ। ਮੇਜਰ ਸਿੰਘ ਆਪਣੇ ਪਿੱਛੇ ਪਤਨੀ, ਤਿੰਨ ਬੇਟੇ ਅਤੇ ਇੱਕ ਧੀ ਛੱਡ ਗਏ ਹਨ।

ਉਹ ਪੰਜਾਬ ਪ੍ਰੈੱਸ ਕਲੱਬ, ਜਲੰਧਰ ਦੇ ਜਨਰਲ ਸਕੱਤਰ ਵਜੋਂ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ।ਆਪਣੇ ਸ਼ੋਕ ਸੰਦੇਸ਼ ਵਿੱਚ ਉਘੇ ਪੱਤਰਕਾਰ ਬਾਰੇ ਦੱਸਦਿਆਂ ਸ. ਰੰਧਾਵਾ ਨੇ ਕਿਹਾ ਕਿ ਮੇਜਰ ਸਿੰਘ ਨੇ ਹਮੇਸ਼ਾ ਆਪਣੀਆਂ ਲਿਖ਼ਤਾਂ ਵਿੱਚ ਪ੍ਰੈੱਸ ਦੀ ਆਜ਼ਾਦੀ ਲਈ ਨਿੱਠ ਕੇ ਪ੍ਰੋੜਤਾ ਕੀਤੀ। ਇਸ ਤੋਂ ਤੋਂ ਇਲਾਵਾ ਉਹਨਾਂ ਗਰੀਬਾਂ ਅਤੇ ਸਮਾਜ ਦੇ ਕਮਜ਼ੋਰ ਵਰਗ ਦੀ ਭਲਾਈ ਲਈ ਵੀ ਵੱਡਮੁੱਲਾ ਯੋਗਦਾਨ ਪਾਇਆ।

ਉਹ ਪੰਜਾਬ ਦੀ ਭੂਗੋਲਿਕ, ਰਾਜਨੀਤਿਕ ਤੇ ਸਮਾਜਿਕ ਖੇਤਰ ਦੀ ਡੂੰਘੀ ਪਕੜ ਰੱਖਣ ਵਾਲੇ ਜ਼ਮੀਨ ਨਾਲ ਜੁੜੇ ਹੋਏ ਪੱਤਰਕਾਰ ਸਨ।  ਉਹਨਾਂ ਕਿਹਾ ਕਿ ਮੇਜਰ ਸਿੰਘ ਦੇ ਦੇਹਾਂਤ ਨਾਲ ਪੰਜਾਬੀ ਜ਼ੁਬਾਨ ਤੇ ਪੱਤਰਕਾਰੀ ਜਗਤ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ। ਦੁਖੀ ਪਰਿਵਾਰ ਅਤੇ ਸਕੇ-ਸਬੰਧੀਆਂ  ਨਾਲ ਦਿਲੀ ਹਮਦਰਦੀ ਪ੍ਰਗਟਾਉਂਦਿਆਂ ਮੰਤਰੀ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਅਤੇ ਇਸ ਦੁੱਖ ਦੀ ਘੜੀ ਵਿੱਚ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।