ਸੰਯੁਕਤ ਕਿਸਾਨ ਮੋਰਚੇ ਨੇ ਚੰਡੀਗੜ੍ਹ ਕੂਚ ਦਾ ਪ੍ਰੋਗਰਾਮ ਲਿਆ ਵਾਪਸ, ਸਾਰੇ ਧਰਨੇ ਚੁਕੇ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਹੁਣ 10 ਮਾਰਚ ਨੂੰ ਮੰਤਰੀਆਂ ਤੇ ਵਿਧਾਇਕਾਂ ਦੇ ਘਿਰਾਉ ਦਾ ਐਲਾਨ

United Kisan Morcha withdraws Chandigarh march program, all sit-ins lifted

ਲੁਧਿਆਣਾ: ਸੰਯੁਕਤ ਕਿਸਾਨ ਮੋਰਚਾ ਨੇ ਅੱਜ ਹੰਗਾਮੀ ਮੀਟਿੰਗ ਕਰ ਕੇ ਚੰਡੀਗੜ੍ਹ ਕੂਚ ਦਾ ਪ੍ਰੋਗਰਾਮ ਵਾਪਸ ਲੈ ਲਿਆ ਹੈ ਅਤੇ ਸੂਬਾ ਵਿਚ ਲੱਗੇ ਸਾਰੇ ਧਰਨੇ ਚੁਕ ਲਏ ਹਨ। ਇਹ ਧਰਨੇ 18 ਥਾਵਾਂ ’ਤੇ ਲੱਗੇ ਸਨ। ਹੁਣ ਅਗਲੇ ਐਕਸ਼ਨ ਪ੍ਰੋਗਰਾਮ ਤਹਿਤ ਮੰਤਰੀਆਂ ਤੇ ‘ਆਪ’ ਦੇ ਵਿਧਾਇਕਾਂ ਦੇ ਘਰਾਂ ਦਾ ਘਿਰਾਉ ਕਰਨ ਦਾ ਐਲਾਨ ਕੀਤਾ ਹੈ।
ਇਹ ਐਲਾਨ ਐਸਕੇਐਮ ਦੀ ਮੀਟਿੰਗ ਤੋਂ ਬਾਅਦ ਹਰਿੰਦਰ ਸਿੰਘ ਲੱਖੋਵਾਲ, ਬੂਟਾ ਸਿੰਘ ਬੁਰਜਗਿੱਲ ਤੇ ਹੋਰ ਕਿਸਾਨ ਆਗੂਆਂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਹੈ। ਕਿਸਾਨ ਆਗੂਆਂ ਨੇ ਐਲਾਨ ਕੀਤਾ ਕਿ ਉਨ੍ਹਾਂ ਵਲੋਂ 10 ਮਾਰਚ ਨੂੰ ਹੁਕਮਰਾਨ ਧਿਰ ਦੇ ਸਾਰੇ ਵਿਧਾਇਕਾਂ ਦੀਆਂ ਰਿਹਾਇਸ਼ਾਂ ਮੂਹਰੇ ਰੋਸ ਮੁਜ਼ਾਹਰੇ ਕੀਤੇ ਜਾਣਗੇ। ਜਿਨ੍ਹਾਂ ਵਿਚ ਮੰਤਰੀ ਵੀ ਸ਼ਾਮਲ ਹਨ। ਇਹ ਮੁਜ਼ਾਹਰੇ ਸਵੇਰੇ 11 ਵਜੇ ਤੋਂ ਸ਼ਾਮ 4 ਵਜੇ ਤਕ ਕੀਤੇ ਜਾਣਗੇ। ਇਸ ਦੌਰਾਨ ਵੱਡੀ ਗਿਣਤੀ ਕਿਸਾਨ ਆਗੂ ਸ਼ਮੂਲੀਅਤ ਕਰਨਗੇ। ਕਿਸਾਨਾਂ ਨੇ ਐਲਾਨ ਕੀਤਾ ਕਿ 15 ਮਾਰਚ ਨੂੰ 11.30 ਵਜੇ ਚੰਡੀਗੜ੍ਹ ਵਿਖੇ ਕਿਸਾਨ ਭਵਨ ਵਿਚ ਮੀਟਿੰਗ ਕੀਤੀ ਜਾਵੇਗੀ ਜਿਸ ਵਿਚ ਸੰਘਰਸ਼ ਦੀ ਅਗਲੀ ਰੂਪ-ਰੇਖਾ ਉਲੀਕੀ ਜਾਵੇਗੀ।
ਜ਼ਿਕਰਯੋਗ ਹੈ ਕਿ ਪਹਿਲਾਂ ਇਹ ਅਮਰਜੈਂਸੀ ਮੀਟਿੰਗ 7 ਮਾਰਚ ਨੂੰ ਲੁਧਿਆਣਾ ਵਿਖੇ ਹੀ ਬੁਲਾਈ ਗਈ ਸੀ, ਪਰ ਅੱਜ ਅਚਨਾਕ ਮੋਰਚੇ ਵਲੋਂ ਕਰਨੈਲ ਸਿੰਘ ਈਸੜੂ ਭਵਨ ਲੁਧਿਆਣਾ ਵਿਖੇ ਮੀਟਿੰਗ ਸੱਦ ਲਈ ਗਈ। ਉਨ੍ਹਾਂ ਦਸਿਆ ਕਿ ਅੱਜ ਦੀ ਮੀਟਿੰਗ ਵਿਚ ਕਿਹਾ ਗਿਆ ਕਿ ਮੁੱਖ ਮੰਤਰੀ ਨੂੰ ਕਿਸਾਨਾਂ ਨਾਲ ਪੰਜਾਬ ਦੀਆਂ ਮੰਗਾਂ ’ਤੇ ਖੁਲ੍ਹੀ ਚਰਚਾ ਕਰਨੀ ਚਾਹੀਦੀ ਹੈ।