ਲੋਕਸਭਾ ਚੋਣਾਂ 2019: ਸੁਖਪਾਲ ਖਹਿਰਾ ਨੇ ਡਾ. ਨਵਜੋਤ ਕੌਰ ਸਿੱਧੂ ਨੂੰ ਕੀਤੀ ਇਹ ਪੇਸ਼ਕਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਬੀਬੀ ਖਾਲੜਾ ਦੇ ਬਰਾਬਰ ਜੇਜੇ ਸਿੰਘ ਨੂੰ ਖੜ੍ਹਾ ਕਰਕੇ ਅਕਾਲੀ ਦਲ ਟਕਸਾਲੀ ਨੇ ਠੀਕ ਨਹੀਂ ਕੀਤਾ: ਖਹਿਰਾ

Sukhpal Khaira

ਮੋਗਾ: ਕਾਂਗਰਸ ਪਾਰਟੀ ਵਲੋਂ ਚੰਡੀਗੜ੍ਹ ਲੋਕਸਭਾ ਸੀਟ ਤੋਂ ਚੋਣ ਲੜਨ ਦੀ ਚਾਹਵਾਨ ਨਵਜੋਤ ਕੌਰ ਸਿੱਧੂ ਨੇ ਪੰਜਾਬ ਏਕਤਾ ਪਾਰਟੀ ਦੇ ਪ੍ਰਧਾਨ ਸੁਖਪਾਲ ਖਹਿਰਾ ਨੇ ਅਪਣੀ ਪਾਰਟੀ ਵਲੋਂ ਚੋਣ ਲੜਨ ਦੀ ਪੇਸ਼ਕਸ਼ ਕੀਤੀ ਹੈ। ਦੱਸ ਦਈਏ ਕਿ ਨਵਜੋਤ ਕੌਰ ਸਿੱਧੂ ਨੇ ਚੰਡੀਗੜ੍ਹ ਸੀਟ ਨੂੰ ਲੈ ਕੇ ਕਈ ਵਾਰ ਐਲਾਨ ਕੀਤਾ ਸੀ ਕਿ ਉਹ ਚੰਡੀਗੜ੍ਹ ਤੋਂ ਇਲਾਵਾ ਕਿਸੇ ਹੋਰ ਸੀਟ ਤੋਂ ਚੋਣ ਨਹੀਂ ਲੜਨਗੇ।

ਇਸ ਲਈ ਖਹਿਰਾ ਨੇ ਨਵਜੋਤ ਕੌਰ ਸਿੱਧੂ ਨੇ ਪੰਜਾਬ ਡੈਮੋਕ੍ਰੇਟਿਕ ਅਲਾਇੰਸ ਵਲੋਂ ਚੰਡੀਗੜ੍ਹ ਲੋਕਸਭਾ ਸੀਟ ਤੋਂ ਟਿਕਟ ਦੀ ਪੇਸ਼ਕਸ਼ ਕੀਤੀ ਹੈ। ਫ਼ਰੀਦਕੋਟ (ਰਾਖਵਾਂ) ਲੋਕਸਭਾ ਹਲਕੇ ਤੋਂ ਪਾਰਟੀ ਉਮੀਦਵਾਰ ਤੇ ਵਿਧਾਇਕ ਮਾਸਟਰ ਬਲਦੇਵ ਸਿੰਘ ਦੇ ਹੱਕ ਵਿਚ ਵਿਧਾਨ ਸਭਾ ਹਲਕਾ ਬਾਘਾ ਪੁਰਾਣਾ ਤੇ ਨਿਹਾਲ ਸਿੰਘ ਵਾਲਾ ਇਲਾਕੇ ਵਿਚ ਚੋਣ ਪ੍ਰਚਾਰ ਲਈ ਪਹੁੰਚੇ ਖਹਿਰਾ ਨੇ ਪ੍ਰੈਸ ਕਾਨਫਰੰਸ ਦੌਰਾਨ ਕਿਹਾ ਕਿ ਨਵਜੋਤ ਕੌਰ ਸਿੱਧੂ ਜੇਕਰ ਚਾਹੁਣ ਤਾਂ ਪੀਡੀਏ ਵਲੋਂ ਚੰਡੀਗੜ੍ਹ ਸੀਟ ਤੋਂ ਚੋਣ ਲੜ ਸਕਦੇ ਹਨ ਤੇ ਉੱਥੋਂ ਵੱਡੇ ਫ਼ਰਕ ਨਾਲ ਜਿੱਤ ਹਾਸਲ ਕਰ ਸਕਦੇ ਹਨ।

ਇਸ ਦੇ ਨਾਲ ਹੀ ਪਾਰਟੀ ਚੋਣਾਂ ਵਿਚ ਉਨ੍ਹਾਂ ਦੀ ਹਰ ਸੰਭਵ ਮਦਦ ਕਰਨ ਲਈ ਵੀ ਤਿਆਰ ਹੈ। ਨਾਲ ਹੀ ਖਹਿਰਾ ਨੇ ਕਿਹਾ ਕਿ ਸਿੱਧੂ ਦੀ ਆਵਾਜ਼ ਕਾਂਗਰਸ ’ਚ ਨਹੀਂ ਚੱਲ ਸਕਦੀ, ਜਿਸ ਕਾਰਨ ਉਨ੍ਹਾਂ ਨੂੰ ਅੱਜ ਨਹੀਂ ਤਾਂ ਕੱਲ੍ਹ ਕਾਂਗਰਸੀਆਂ ਦਾ ਖਹਿੜਾ ਛੱਡਣਾ ਪਵੇਗਾ। ਖਹਿਰਾ ਨੇ ਰਵਾਇਤੀ ਸਿਆਸੀ ਪਾਰਟੀ ਕਾਂਗਰਸ ਤੇ ਅਕਾਲੀ ਦਲ 'ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਏਕਤਾ ਪਾਰਟੀ ਲੋਕ ਸਭਾ ਚੋਣਾਂ ਦੌਰਾਨ ਇਤਿਹਾਸਕ ਜਿੱਤ ਹਾਸਲ ਕਰੇਗੀ।

ਉਨ੍ਹਾਂ ਅਕਾਲੀ ਦਲ ਟਕਸਾਲੀ ਬਾਰੇ ਕਿਹਾ ਕਿ ਬੀਬੀ ਖਾਲੜਾ ਦੇ ਬਰਾਬਰ ਜੇਜੇ ਸਿੰਘ ਨੂੰ ਖਡੂਰ ਸਾਹਿਬ ਤੋਂ ਚੋਣ ਮੈਦਾਨ ਵਿਚ ਉਤਾਰ ਕੇ ਠੀਕ ਨਹੀਂ ਕੀਤਾ ਕਿਉਂਕਿ ਬੀਬੀ ਖਾਲੜਾ ਦੇ ਪਰਿਵਾਰ ਨੇ ਕੌਮ ਲਈ ਵੱਡੀ ਕੁਰਬਾਨੀ ਦਿਤੀ ਹੈ।