ਅਪ੍ਰੈਲ ਮਹੀਨੇ 'ਚ ਹੀ ਰਿਕਾਰਡ ਤੋੜ ਗਰਮੀ, 43 ਡਿਗਰੀ 'ਤੇ ਪੁਜਿਆ ਤਾਪਮਾਨ
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਦਿਨਾਂ ਵਿਚ ਪੰਜਾਬ ਵਿਚ ਗਰਮੀ ਆਪਣਾ ਭਿਆਨਕ ਰੂਪ ਦਿਖਾਏਗੀ।
ਚੰਡੀਗੜ੍ਹ: ਪੰਜਾਬ ਵਿਚ ਇਸ ਵਾਰ ਗਰਮੀ ਨੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਸੂਬੇ ਦੇ ਕਈ ਜ਼ਿਲ੍ਹਿਆਂ ਵਿਚ ਵੀ ਗਰਮੀ ਦਾ ਕਹਿਰ ਸ਼ੁਰੂ ਹੋ ਗਿਆ ਹੈ। ਜਿਸ ਕਾਰਨ ਲੋਕਾਂ ਦੀ ਬੇਚੈਨੀ ਵਧ ਗਈ ਹੈ। ਮੰਗਲਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਪਾਰਾ 43 ਡਿਗਰੀ ਸੈਲਸੀਅਸ ਦੇ ਨੇੜੇ ਪਹੁੰਚ ਗਿਆ। ਇੰਡੀਆ ਮੈਟਰੋਲਾਜੀਕਲ ਸੈਂਟਰ ਚੰਡੀਗੜ੍ਹ ਦੇ ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 10 ਦਿਨਾਂ ਵਿਚ ਪੰਜਾਬ ਵਿਚ ਗਰਮੀ ਆਪਣਾ ਭਿਆਨਕ ਰੂਪ ਦਿਖਾਏਗੀ।
ਅੰਮ੍ਰਿਤਸਰ ‘ਚ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 37 ਅਤੇ ਘੱਟੋ-ਘੱਟ ਤਾਪਮਾਨ 18 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਮੌਸਮ ਸਾਫ਼ ਰਹੇਗਾ। ਜਲੰਧਰ ਵਿੱਚ ਵੱਧ ਤੋਂ ਵੱਧ ਤਾਪਮਾਨ 37 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 16 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਇੱਥੇ ਵੀ ਮੌਸਮ ਸਾਫ਼ ਰਹੇਗਾ।
ਲੁਧਿਆਣਾ ਵਿੱਚ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਹੈ। ਅਸਮਾਨ ਸਾਫ਼ ਹੋ ਜਾਵੇਗਾ। ਪਟਿਆਲਾ ਵਿੱਚ ਵੱਧ ਤੋਂ ਵੱਧ ਤਾਪਮਾਨ 39 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 19 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਮੌਸਮ ਸਾਫ਼ ਰਹੇਗਾ।
ਵਿਭਾਗ ਮੁਤਾਬਕ ਅਪ੍ਰੈਲ ਵਿਚ ਦਿਨ ਦਾ ਤਾਪਮਾਨ ਆਮ ਨਾਲੋਂ ਪੰਜ ਤੋਂ ਛੇ ਡਿਗਰੀ ਸੈਲਸੀਅਸ ਵੱਧ ਚੱਲ ਰਿਹਾ ਹੈ। ਅਪ੍ਰੈਲ ਵਿਚ ਪਾਰਾ ਆਮ ਤੌਰ 'ਤੇ 35 ਤੋਂ 37 ਡਿਗਰੀ ਸੈਲਸੀਅਸ ਦੇ ਵਿਚਕਾਰ ਰਹਿੰਦਾ ਹੈ। ਜਦਕਿ ਇਸ ਸਮੇਂ ਪਾਰਾ 40 ਤੋਂ ਪਾਰ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਵੀ ਗਰਮੀ ਦਾ ਕਹਿਰ ਵਧਣਾ ਸ਼ੁਰੂ ਹੋ ਗਿਆ ਹੈ। ਵਿਸਾਖੀ ਤੱਕ ਪੰਜਾਬ ਵਿਚ ਮੀਂਹ ਪੈਣ ਦੀ ਕੋਈ ਸੰਭਾਵਨਾ ਨਹੀਂ ਹੈ। ਮੌਸਮ ਖੁਸ਼ਕ ਰਹੇਗਾ। ਇਸ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਸਾਲ ਮੀਂਹ ਘੱਟ ਪੈਣ ਕਾਰਨ ਫ਼ਸਲਾਂ ਸੁੱਕ ਰਹੀਆਂ ਹਨ।