ਅਕਾਲੀ-ਭਾਜਪਾ ਅਪਣੇ ਸਿਆਸੀ ਹਿੱਤਾਂ ਲਈ ਕਣਕ ਦੀ ਖ਼ਰੀਦ ’ਚ ਪਾ ਰਹੇ ਅੜਿੱਕੇ: ਕੈਪਟਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੋਦੀ ਸਰਕਾਰ ਅਕਾਲੀਆਂ ਦੇ ਕਹਿਣ ’ਤੇ ਸੂਬੇ ਵਿਚ ਬਾਰਦਾਨੇ ਦੀ ਘਾਟ ਪੈਦਾ ਕਰ ਰਹੀ

Captain Amarinder Singh & Narendra Modi

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰ ਵਿਚਲੀ ਮੋਦੀ ਸਰਕਾਰ ’ਤੇ ਵੱਡਾ ਇਲਜ਼ਾਮ ਲਾਇਆ ਹੈ। ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਅਕਾਲੀਆਂ ਦੇ ਇਸ਼ਾਰੇ ’ਤੇ ਸੂਬੇ ਵਿਚ ਬਾਰਦਾਨੇ ਦੀ ਘਾਟ ਪੈਦਾ ਕਰ ਰਹੀ ਹੈ। ਇਹ ਭਾਜਪਾ ਤੇ ਅਕਾਲੀ ਦਲ ਦੀ ਬਹੁਤ ਵੱਡੀ ਸਾਜ਼ਿਸ਼ ਹੈ। ਕੇਂਦਰ ਸਰਕਾਰ ਸਿਰਫ਼ ਅਪਣੇ ਸਿਆਸੀ ਹਿੱਤਾਂ ਲਈ ਪੰਜਾਬ ਨਾਲ ਅਜਿਹਾ ਸਲੂਕ ਕਰ ਰਹੀ ਹਨ। ਕਣਕ ਦੀ ਖ਼ਰੀਦ ਪ੍ਰਕਿਰਿਆ ਵਿਚ ਅੜਿੱਕੇ ਡਾਹ ਕੇ ਚੋਣਾਂ ਦੌਰਾਨ ਅਕਾਲੀ-ਭਾਜਪਾ ਪੰਜਾਬ ਵਿਚ ਕਾਂਗਰਸ ਸਰਕਾਰ ਨੂੰ ਬਦਨਾਮ ਕਰਨਾ ਚਾਹੁੰਦੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕਣਕ ਦੀ ਬਹੁਤ ਚੰਗੀ ਪੈਦਾਵਾਰ ਹੋਈ ਹੈ ਪਰ ਕੇਂਦਰ ਸਰਕਾਰ ਅਪਣੀਆਂ ਸਿਆਸੀ ਰੋਟੀਆਂ ਸੇਕਣ ਲਈ ਸੂਬੇ ਨੂੰ ਬਾਰਦਾਨੇ ਤੋਂ ਵਾਂਝਾ ਰੱਖ ਰਹੀ ਹੈ ਜਦਕਿ ਦੂਜੇ ਪਾਸੇ ਕੇਂਦਰ ਸਰਕਾਰ ਵਲੋਂ ਹਰਿਆਣਾ ਵਿਚ 12 ਮਈ ਨੂੰ ਹੋਣ ਜਾ ਰਹੀਆਂ ਚੋਣਾਂ ਦੇ ਮੱਦੇਨਜ਼ਰ ਬਾਰਦਾਨੇ ਦੀ ਵਧੇਰੇ ਸਪਲਾਈ ਦਿਤੀ ਜਾ ਰਹੀ ਹੈ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ ਅਪਣੇ ਸਿਆਸੀ ਫ਼ਾਇਦੇ ਪੂਰੇ ਕਰਨ ਲਈ ਇਕ ਵਾਰ ਫਿਰ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕੀਤਾ ਹੈ। ਉਨ੍ਹਾਂ ਨੇ ਸਬੰਧਤ ਅਧਿਕਾਰੀਆਂ ਨੂੰ ਅਜਿਹੀਆਂ ਕੋਸ਼ਿਸ਼ਾਂ ਨੂੰ ਰੋਕਣ ਦੇ ਹੁਕਮ ਦਿਤੇ ਹਨ।

ਕੈਪਟਨ ਨੇ ਕਿਹਾ ਕਿ ਪੰਜਾਬ ਵਿਚ ਬਾਰਦਾਨੇ ਦੀ ਵੱਡੀ ਘਾਟ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਨੇ ਕੇਂਦਰ ਸਰਕਾਰ ਤੇ ਐਫ਼ਸੀਆਈ ਕੋਲ ਉਕਤ ਮੁੱਦਾ ਕਈ ਵਾਰ ਉਠਾਇਆ ਪਰ ਐਫ਼ਸੀਆਈ ਕੇਂਦਰੀ ਏਜੰਸੀ ਹੋਣ ਦੇ ਨਾਤੇ ਕੇਂਦਰ ਸਰਕਾਰ ਦੇ ਸਿੱਧੇ ਹੁਕਮਾਂ ਹੇਠ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਭ ਕੇਂਦਰ ਵਿਚਲੀ ਮੋਦੀ ਸਰਕਾਰ ਜਾਣ ਬੁੱਝ ਕੇ ਕਰ ਰਹੀ ਹੈ ਤਾਂ ਜੋ ਉਹ ਚੋਣਾਂ ਦੌਰਾਨ ਕਾਂਗਰਸ ਸਰਕਾਰ ਨੂੰ ਬਦਨਾਮ ਕਰਕੇ ਅਪਣੇ ਸਿਆਸੀ ਫ਼ਾਇਦੇ ਲੈ ਸਕਣ।