ਮੁੱਖ ਮੰਤਰੀ ਵੱਲੋਂ ਰਾਸ਼ਟਰੀ ਲੋਕ ਦਲ ਦੇ ਮੁਖੀ ਚੌਧਰੀ ਅਜੀਤ ਸਿੰਘ ਦੇ ਦੇਹਾਂਤ ਉਤੇ ਦੁੱਖ ਦਾ ਪ੍ਰਗਟਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਮੁੱਖ ਮੰਤਰੀ ਨੇ ਕਿਹਾ ਕਿ ਅਜੀਤ ਸਿੰਘ ਦੇ ਅਕਾਲ ਚਲਾਣੇ ਨਾਲ ਕੌਮੀ ਰਾਜਨੀਤੀ ਵਿੱਚ ਇਕ ਖਲਾਅ ਪੈਦਾ ਹੋ ਗਿਆ

Capt Amarinder Singh

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀਰਵਾਰ ਨੂੰ ਸਾਬਕਾ ਕੇਂਦਰੀ ਮੰਤਰੀ ਅਤੇ ਰਾਸ਼ਟਰੀ ਲੋਕ ਦਲ ਦੇ ਮੁਖੀ ਚੌਧਰੀ ਅਜੀਤ ਸਿੰਘ ਦੇ ਅਕਾਲ ਚਲਾਣੇ ਉਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਜੀਤ ਸਿੰਘ ਜੋ 82 ਵਰ੍ਹਿਆਂ ਦੇ ਸਨ, ਦਾ ਅੱਜ ਸਵੇਰੇ ਗੁਰੂਗ੍ਰਾਮ ਦੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਕੋਵਿਡ-19 ਕਾਰਨ ਦੇਹਾਂਤ ਹੋ ਗਿਆ।

ਆਪਣੇ ਸ਼ੋਕ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਚੌਧਰੀ ਅਜੀਤ ਸਿੰਘ ਨੂੰ ਕਿਸਾਨਾਂ ਦੇ ਮਸੀਹਾ ਦੱਸਿਆ ਜਿਨ੍ਹਾਂ ਆਪਣੀ ਸਾਰੀ ਉਮਰ ਕਿਸਾਨੀ ਲਈ ਵਧ-ਚੜ੍ਹ ਕੇ ਕੰਮ ਕੀਤਾ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ, ''ਕਿਸਾਨੀ ਦੀ ਭਲਾਈ ਲਈ ਉਨ੍ਹਾਂ ਵੱਲੋਂ ਪਾਏ ਅਥਾਹ ਯੋਗਦਾਨ ਸਦਕਾ ਉਨ੍ਹਾਂ ਨੂੰ ਸਦਾ ਯਾਦ ਕੀਤਾ ਜਾਂਦਾ ਰਹੇਗਾ।'' ਮੁੱਖ ਮੰਤਰੀ ਨੇ ਕਿਹਾ ਕਿ ਅਜੀਤ ਸਿੰਘ ਦੇ ਅਕਾਲ ਚਲਾਣੇ ਨਾਲ ਕੌਮੀ ਰਾਜਨੀਤੀ ਵਿੱਚ ਇਕ ਖਲਾਅ ਪੈਦਾ ਹੋ ਗਿਆ ਅਤੇ ਇਸ ਦੀ ਭਰਪਾਈ ਕਰਨੀ ਮੁਸ਼ਕਲ ਹੈ।

ਅਜੀਤ ਸਿੰਘ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰ, ਸਨੇਹੀਆਂ ਤੇ ਦੋਸਤਾਂ ਨਾਲ ਦੁੱਖ ਸਾਂਝਾ ਕਰਦਿਆਂ ਮੁੱਖ ਮੰਤਰੀ ਨੇ ਸਾਰਿਆਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਅਤੇ ਵਿਛੜੀ ਹੋਈ ਰੂਹ ਦੀ ਆਤਮਿਕ ਸ਼ਾਂਤੀ ਲਈ ਵਾਹਿਗੁਰੂ ਅੱਗੇ ਅਰਦਾਸ ਕੀਤੀ।