ਵਿਜੀਲੈਂਸ ਵਲੋਂ ਮਾਰਕਿਟ ਕਮੇਟੀ ਦਾ ਸਕੱਤਰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਰੰਗੇ ਹੱਥੀਂ ਕਾਬੂ
ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਵਾਂ ਦੋਸ਼ੀਆਂ ਵਿਰੁਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ
ਚੰਡੀਗੜ੍ਹ: ਵਿਜੀਲੈਂਸ ਬਿਊਰੋ ਪੰਜਾਬ ਵਲੋਂ ਅੱਜ ਮਾਰਕਿਟ ਕਮੇਟੀ ਲੁਧਿਆਣਾ ਵਿਖੇ ਤੈਨਾਤ ਸਕੱਤਰ ਅਮਨਦੀਪ ਸਿੰਘ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਕੱਤਰ ਅਮਨਦੀਪ ਸਿੰਘ ਨੂੰ ਸ਼ਿਕਾਇਤਕਰਤਾ ਗੁਰਕਮਲ ਸਿੰਘ, ਵਾਸੀ ਜ਼ਿਲ੍ਹਾ ਲੁਧਿਆਣਾ ਦੀ ਸ਼ਿਕਾਇਤ ਉਤੇ ਵਿਜੀਲੈਂਸ ਬਿਊਰੋ ਵਲੋਂ ਰੰਗੇ ਹੱਥੀਂ ਕਾਬੂ ਕੀਤਾ ਗਿਆ।
ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਨੂੰ ਅਪਣੀ ਸ਼ਿਕਾਇਤ ਵਿਚ ਦੱਸਿਆ ਕਿ ਉਸ ਦੀ ਰਾਜਾ ਲਸ਼ਨ ਨਾਮ ਦੀ ਕੰਪਨੀ ਹੈ ਜੋ ਨਵੀ ਸਬਜ਼ੀ ਮੰਡੀ ਲੁਧਿਆਣਾ ਵਿਖੇ ਸਥਿਤ ਹੈ। ਵਪਾਰ ਸਬੰਧੀ ਰੋਜ਼ਾਨਾ ਮਾਲ ਦੀਆਂ ਗੱਡੀਆ ਆਉਂਦੀਆਂ ਹਨ। ਇਹਨਾਂ ਗੱਡੀਆ ਵਿਚ ਜੋ ਮਾਲ ਆਉਂਦਾ ਹੈ ਇਸ ਸਬੰਧੀ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਅਤੇ ਉਸ ਦਾ ਰੇਟ ਅਤੇ ਭਾਰ ਘੱਟ ਲਿਖਣ ਤੇ ਐਂਟਰੀਆਂ ਵੀ ਘੱਟ ਪਾਉਣ ਬਦਲੇ ਸੈਕਟਰੀ ਮਾਰਕੀਟ ਕਮੇਟੀ ਅਮਨਦੀਪ ਸਿੰਘ ਸੰਧੂ ਨੇ 50,000/ ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਸੌਦਾ 30,000 ਰੁਪਏ ਵਿਚ ਤੈਅ ਹੋਇਆ।
ਵਿਜੀਲੈਂਸ ਵਲੋਂ ਪੜਤਾਲ ਉਪਰੰਤ ਉਕਤ ਸਕੱਤਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿਚ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਦੋਵਾਂ ਦੋਸ਼ੀਆਂ ਵਿਰੁਧ ਵਿਜੀਲੈਂਸ ਬਿਊਰੋ ਦੇ ਥਾਣਾ ਲੁਧਿਆਣਾ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿਤੀ ਗਈ ਹੈ।