ਸੀ.ਆਈ.ਐਸ.ਐਫ਼. ਨੂੰ ਛੇ ਜੇਲਾਂ ਦੀ ਸੁਰੱਖਿਆ ਦਾ ਜ਼ਿੰਮਾ ਇਕ ਹਫ਼ਤੇ 'ਚ : ਰੰਧਾਵਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਪੰਜਾਬ ਦੇ ਜੇਲ ਅਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਛੇ ਕੇਂਦਰੀ ਜੇਲਾਂ ਦੀ ਅੰਦਰੂਨੀ ਸੁਰੱਖਿਆ..........

Sukhjinder Singh Randhawa Talks with Press

ਖੰਨਾ: ਪੰਜਾਬ ਦੇ ਜੇਲ ਅਤੇ ਸਹਿਕਾਰਤਾ ਵਿਭਾਗ ਦੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਕਿ ਸੂਬੇ ਦੀਆਂ ਛੇ ਕੇਂਦਰੀ ਜੇਲਾਂ ਦੀ ਅੰਦਰੂਨੀ ਸੁਰੱਖਿਆ ਦਾ ਜ਼ਿੰਮਾ ਇੱਕ ਹਫ਼ਤੇ ਵਿਚ ਸੀ.ਆਈ.ਐਸ.ਐਫ. ਨੂੰ ਸੌਂਪ ਦਿੱਤਾ ਜਾਵੇਗਾ। ਇਸ ਸੰਬੰਧੀ ਕੇਂਦਰੀ ਗ੍ਰਹਿ ਮੰਤਰਾਲੇ ਵੱਲੋਂ ਸੂਚਨਾ ਭੇਜੀ ਗਈ ਹੈ ਕਿ ਇੱਕ ਹਫ਼ਤੇ ਵਿੱਚ ਇਹ ਸੁਰੱਖਿਆ ਬਲ ਪੰਜਾਬ ਦੀਆਂ ਇਨ੍ਹਾਂ ਜੇਲਾਂ ਵਿੱਚ ਡਿਊਟੀ ਜੁਆਇਨ ਕਰ ਲੈਣਗੇ। ਅੱਜ ਪੁਲਿਸ ਜ਼ਿਲਾ ਖੰਨਾ ਅਧੀਨ ਪੈਂਦੇ ਪਿੰਡ ਰੱਬੋਂ ਉੱਚੀ ਵਿਖੇ ਅਜ਼ਾਦੀ ਸੰਗਰਾਮ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦੇ 162ਵੇਂ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਵਿੱਚ ਸ਼ਿਰਕਤ ਕਰਨ ਤੋਂ ਬਾਅਦ

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਰੰਧਾਵਾ ਨੇ ਕਿਹਾ ਕਿ ਇਨ੍ਹਾਂ ਜੇਲਾਂ ਵਿੱਚ ਘੋਰ ਖ਼ਤਰਨਾਕ ਅਪਰਾਧੀਆਂ ਅਤੇ ਗੈਂਗਸਟਰਾਂ ਨੂੰ ਰੱਖਿਆ ਹੋਇਆ ਹੈ, ਜਿਨਾਂ ਦੀ ਪੁਖ਼ਤਾ ਸੁਰੱਖਿਆ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ  ਕਿ ਜੇਲ ਦੀ ਬਾਹਰੀ ਸੁਰੱਖਿਆ ਪੰਜਾਬ ਪੁਲਿਸ ਦੇ ਹੱਥ ਹੀ ਰਹੇਗੀ। ਜੇਲ ਵਿੱਚ ਬੰਦ ਵਿਅਕਤੀਆਂ ਵਿੱਚ ਫੈਲੇ ਨਸ਼ੇ ਬਾਰੇ ਪੁੱਛੇ ਜਾਣ 'ਤੇ ਉਨ੍ਹਾਂ ਦੱਸਿਆ ਕਿ ਕੈਦੀਆਂ ਨੂੰ ਨਸ਼ੇ ਦੀ ਆਦਤ ਤੋਂ ਮੁਕਤ ਕਰਾਉਣ ਲਈ ਜੇਲ ਵਿੱਚ ਵਧੇਰੇ ਮਨੋਵਿਗਿਆਨੀਆਂ ਦੀ ਡਿਊਟੀ ਸਮੇਤ ਯੋਗਾ ਕਲਾਸਾਂ ਦਾ ਵਾਧਾ ਕੀਤਾ ਜਾ ਰਿਹਾ ਹੈ। 

ਪੱਤਰਕਾਰਾਂ ਵੱਲੋਂ ਪੁੱਛੇ ਜਾਣ 'ਤੇ ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ, ਜਨ ਜਾਤੀਆਂ ਅਤੇ ਘੱਟ ਗਿਣਤੀਆਂ ਨਾਲ ਸੰਬੰਧਤ 2.5 ਲੱਖ ਬੇਜ਼ਮੀਨੇ ਪਰਿਵਾਰਾਂ ਨੂੰ ਕਰਜ਼ਾ ਰਾਹਤ ਯੋਜਨਾ ਅਧੀਨ ਲਾਭ ਦੇਣ ਦਾ ਪ੍ਰਸਤਾਵ ਹੈ। ਉਨਾਂ ਬਾਬਾ ਮਹਾਰਾਜ ਸਿੰਘ ਜੀ ਦੇ ਨਾਮ 'ਤੇ ਸਥਾਪਤ ਗੁਰਦੁਆਰਾ ਦਮਦਮਾ ਸਾਹਿਬ ਦੇ ਹਾਲ ਦਾ ਕੰਮ ਮੁਕੰਮਲ ਕਰਨ ਲਈ ਪ੍ਰਬੰਧਕ ਕਮੇਟੀ ਨੂੰ 5 ਲੱਖ ਰੁਪਏ, ਸਰਕਾਰੀ ਹਾਈ ਸਕੂਲ ਵਿਖੇ ਪਖ਼ਾਨਿਆਂ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਅਤੇ ਪਿੰਡ ਚੋਮੋਂ ਤੋਂ ਲੈ ਕੇ ਵਾਇਆ ਪਿੰਡ ਰੱਬੋਂ ਤੋਂ 66 ਕੂਕਿਆਂ ਦੇ ਸ਼ਹੀਦੀ ਸਥਾਨ ਨੂੰ ਮਿਲਾਉਂਦੀ ਸੜਕ ਨੂੰ ਚੌੜਾ ਕਰਨ ਬਾਰੇ

ਲੋਕ ਨਿਰਮਾਣ ਮੰਤਰੀ ਨਾਲ ਗੱਲ ਕਰਨ ਦਾ ਭਰੋਸਾ ਦਿੱਤਾ। ਉਨਾਂ ਕਿਹਾ ਕਿ ਪਿੰਡ ਰੱਬੋਂ ਉੱਚੀ ਵਿਖੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਨੂੰ ਦੂਰ ਕਰਨ ਲਈ ਸੀਵਰੇਜ ਪਾਇਆ ਜਾਵੇਗਾ। ਇਸ ਤੋਂ ਪਹਿਲਾਂ ਉਨਾਂ ਬਾਬਾ ਮਹਾਰਾਜ ਸਿੰਘ ਜੀ ਦੀ ਤਸਵੀਰ 'ਤੇ ਫੁੱਲ ਅਰਪਿਤ ਕਰਕੇ ਸ਼ਰਧਾਂਜਲੀ ਭੇਟ ਕੀਤੀ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਪਾਇਲ ਦੇ ਵਿਧਾਇਕ ਸ੍ਰ. ਲਖਬੀਰ ਸਿੰਘ ਲੱਖਾ ਤੋਂ ਇਲਾਵਾ ਸਮਰਾਲਾ ਦੇ ਵਿਧਾਇਕ ਸ੍ਰ. ਅਮਰੀਕ ਸਿੰਘ ਢਿੱਲੋਂ, ਸਾਬਕਾ ਮੰਤਰੀ ਤੇਜ ਪ੍ਰਕਾਸ਼ ਸਿੰਘ ਕੋਟਲੀ ਤੇ ਮਲਕੀਅਤ ਸਿੰਘ ਦਾਖਾ ਅਤੇ ਹੋਰਾਂ ਨੇ ਵੀ ਸੰਬੋਧਨ ਕੀਤਾ। 

ਇਸ ਮੌਕੇ ਹੋਰਨਾਂ ਤੋਂ ਇਲਾਵਾ ਡੀ. ਆਈ. ਜੀ. ਸ੍ਰ. ਰਣਬੀਰ ਸਿੰਘ ਖੱਟੜਾ, ਜ਼ਿਲ•ਾ ਪੁਲਿਸ ਮੁੱਖੀ ਖੰਨਾ ਸ੍ਰ. ਨਵਜੋਤ ਸਿੰਘ ਮਾਹਲ, ਵਧੀਕ ਡਿਪਟੀ ਕਮਿਸ਼ਨਰ ਖੰਨਾ ਸ੍ਰੀ ਅਜੇ ਸੂਦ, ਐੱਸ. ਡੀ. ਐੱਮ. ਪਾਇਲ ਸ੍ਰੀਮਤੀ ਸਵਾਤੀ ਟਿਵਾਣਾ, ਕਾਂਗਰਸ ਪਾਰਟੀ ਦੇ ਜ਼ਿਲਾ ਪ੍ਰਧਾਨ ਗੁਰਦੇਵ ਸਿੰਘ ਲਾਂਪਰਾਂ, ਸ੍ਰ. ਮਨਜੀਤ ਸਿੰਘ ਹੰਬੜਾਂ, ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨੁਮਾਇੰਦੇ ਵੀਹਾਜ਼ਰ ਸੀ।