ਅੱਜ ਤੋਂ 2 ਦਿਨਾਂ ਦਿੱਲੀ ਦੌਰੇ 'ਤੇ CM ਭਗਵੰਤ ਮਾਨ, ਨੀਤੀ ਆਯੋਗ ਦੀ ਮੀਟਿੰਗ ਵਿੱਚ ਲੈਣਗੇ ਹਿੱਸਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਨੀਤੀ ਆਯੋਗ ਦੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਦੇ ਸਾਹਮਣੇ ਚੁਕਣਗੇ ਐਮਐਸਪੀ ਕਮੇਟੀ ਦਾ ਮੁੱਦਾ

CM Bhagwant Mann

 

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਤੋਂ ਦਿੱਲੀ ਦੇ ਦੋ ਦਿਨਾਂ ਦੌਰੇ 'ਤੇ ਹਨ। ਉਹ ਦਿੱਲੀ ਵਿੱਚ ਨੀਤੀ ਆਯੋਗ ਦੀ ਗਵਰਨਿੰਗ ਕੌਂਸਲ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ। ਇਸ ਬੈਠਕ ਦੀ ਪ੍ਰਧਾਨਗੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਕਰਨਗੇ। ਇਸ ਦੌਰਾਨ ਭਗਵੰਤ ਮਾਨ ਪ੍ਰਧਾਨ ਮੰਤਰੀ ਕੋਲ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਕਮੇਟੀ ਵਿੱਚ ਪੰਜਾਬ ਦੀ ਨੁਮਾਇੰਦਗੀ ਨਾ ਕੀਤੇ ਜਾਣ ਦਾ ਮੁੱਦਾ ਉਠਾਉਣਗੇ।

 

 

ਇਸ ਤੋਂ ਇਲਾਵਾ ਜੀਐਸਟੀ ਮੁਆਵਜ਼ੇ ਦੀ ਰਕਮ ਦਾ ਮੁੱਦਾ ਵੀ ਮੁੱਖ ਮੰਤਰੀ ਵੱਲੋਂ ਉਠਾਇਆ ਜਾਵੇਗਾ। ਪੰਜਾਬ ਸਰਕਾਰ ਨੂੰ ਇਸ ਸਾਲ ਮੁਆਵਜ਼ੇ ਵਜੋਂ 16 ਹਜ਼ਾਰ ਕਰੋੜ ਰੁਪਏ ਮਿਲਣੇ ਸਨ, ਪਰ ਜੁਲਾਈ ਤੋਂ ਰੁਕ ਗਏ ਹਨ। ਪੰਜਾਬ ਨੂੰ ਸਿਰਫ਼ 4 ਹਜ਼ਾਰ ਕਰੋੜ ਰੁਪਏ ਮਿਲੇ ਹਨ, ਜਿਸ ਨਾਲ ਵਿੱਤੀ ਸੰਕਟ ਪੈਦਾ ਹੋ ਰਿਹਾ ਹੈ।