Punjab News : ਚੰਡੀਗੜ੍ਹ 'ਚ 5 ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਸਮਾਪਤ ,ਕਿਹਾ - ਕੋਈ ਕਾਰਵਾਈ ਨਾ ਹੋਣ 'ਤੇ ਫਿਰ ਕਰਾਂਗੇ ਸੰਘਰਸ਼

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਸਾਨ ਆਗੂਆਂ ਨੇ ਸਰਕਾਰ ਨੂੰ 30 ਸਤੰਬਰ ਤੱਕ ਦਾ ਦਿੱਤਾ ਅਲਟੀਮੇਟਮ

Farmers Protest end

Punjab News : ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਅਤੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਚੰਡੀਗੜ੍ਹ 'ਚ 5 ਦਿਨਾਂ ਤੋਂ ਚੱਲ ਰਿਹਾ ਕਿਸਾਨਾਂ ਦਾ ਧਰਨਾ ਸ਼ੁੱਕਰਵਾਰ ਦੁਪਹਿਰ ਨੂੰ ਖਤਮ ਹੋ ਗਿਆ ਹੈ। ਧਰਨਾ ਖ਼ਤਮ ਹੋਣ ਮਗਰੋਂ ਚੰਡੀਗੜ੍ਹ ਪ੍ਰਸ਼ਾਸ਼ਨ ਨੇ ਸੁੱਖ ਦਾ ਸਾਹ ਲਿਆ ਹੈ।  

ਕਿਸਾਨ ਆਗੂਆਂ ਨੇ ਸਰਕਾਰ ਨੂੰ ਸਾਫ਼ ਸ਼ਬਦਾਂ ਵਿੱਚ ਕਿਹਾ ਹੈ ਕਿ ਸੀਐਮ ਭਗਵੰਤ ਮਾਨ ਦੀ ਅਗਵਾਈ ਵਿੱਚ ਜਿਨ੍ਹਾਂ ਮੰਗਾਂ 'ਤੇ ਸਹਿਮਤੀ ਬਣੀ ਹੈ, ਉਨ੍ਹਾਂ ਨੂੰ 30 ਸਤੰਬਰ ਤੱਕ ਪੂਰਾ ਕੀਤਾ ਜਾਵੇ। ਇਸ ਵਿੱਚ ਖੇਤੀ ਨੀਤੀ ਦੇ ਖਰੜੇ ਨੂੰ ਜਨਤਕ ਕਰਨ ਸਮੇਤ ਕਈ ਮੁੱਦੇ ਸ਼ਾਮਲ ਸਨ। ਭਾਰਤੀ ਕਿਸਾਨ ਏਕਤਾ (ਉਗਰਾਹਾਂ) ਦੇ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਦੱਸਿਆ ਕਿ ਸਰਕਾਰ ਨੇ ਉਨ੍ਹਾਂ ਨੂੰ ਨਵੀਂ ਖੇਤੀ ਨੀਤੀ ਦਾ ਖਰੜਾ 20 ਸਤੰਬਰ ਤੱਕ ਦੇਣ ਦਾ ਐਲਾਨ ਕੀਤਾ ਹੈ।

ਇਨ੍ਹਾਂ ਮੁੱਦਿਆਂ 'ਤੇ ਬਣੀ ਸਹਿਮਤੀ 

ਸੀਐਮ ਭਗਵੰਤ ਮਾਨ ਨਾਲ ਮੀਟਿੰਗ ਵਿੱਚ ਤੈਅ ਹੋਇਆ ਕਿ ਖੇਤੀ ਨੀਤੀ ਦਾ ਜੋ ਖਰੜਾ ਤਿਆਰ ਹੋਇਆ ਹੈ, ਉਸਨੂੰ ਕਿਸਾਨਾਂ ਅਤੇ ਸਾਰੇ ਵਿਭਾਗਾਂ ਨਾਲ ਸਾਂਝਾ ਕੀਤਾ ਜਾਵੇਗਾ। ਫਿਰ ਕਿਸਾਨਾਂ ਅਤੇ ਹੋਰ ਮੈਂਬਰਾਂ ਨਾਲ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਬਾਅਦ ਇਸ ਨੂੰ ਲਾਗੂ ਕੀਤਾ ਜਾਵੇਗਾ। ਕਿਸਾਨਾਂ ਦੇ ਕਰਜ਼ਿਆਂ ਨਾਲ ਸਬੰਧਤ ਮਾਮਲਿਆਂ ਵਿੱਚ ਸਹਿਕਾਰੀ ਬੈਂਕਾਂ ਵਿੱਚ ਵਨ ਟਾਈਮ ਸੈਟਲਮੈਂਟ ਸਕੀਮ (OTS) ਲੈ ਕੇ ਆਵਾਂਗੇ। ਇਸ ਨਾਲ ਕਿਸਾਨਾਂ ਨੂੰ ਵੀ ਫਾਇਦਾ ਹੋਵੇਗਾ ਅਤੇ ਸਰਕਾਰੀ ਖ਼ਜ਼ਾਨੇ ਵਿੱਚ ਵੀ ਪੈਸਾ ਆਵੇਗਾ। 

ਕਿਸਾਨਾਂ ਖ਼ਿਲਾਫ਼ ਜੋ ਕੇਸ ਦਰਜ ਹੋਏ ਹਨ ,ਉਨ੍ਹਾਂ ਨੂੰ ਵਾਪਸ ਲੈਣ ਬਾਰੇ ਵੀ ਚਰਚਾ ਹੋਈ ਹੈ। ਹਾਲਾਂਕਿ ਕਈ ਮਾਮਲਿਆਂ ਵਿੱਚ ਚਲਾਨ ਤੱਕ ਪੇਸ਼ ਕੀਤੇ ਜਾ ਚੁੱਕੇ ਹਨ। ਅਜਿਹੀ ਸਥਿਤੀ ਵਿੱਚ ਐਡਵੋਕੇਟ ਜਨਰਲ ਪੰਜਾਬ ਤੋਂ ਰਾਏ ਲੈ ਕੇ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ। ਇਸ ਤੋਂ ਇਲਾਵਾ ਧਰਤੀ ਹੇਠਲੇ ਪਾਣੀ ਨੂੰ ਬਚਾਉਣ ਅਤੇ ਖੇਤ ਦੇ ਆਖਰੀ ਕਿਨਾਰੇ ਤੱਕ ਨਹਿਰੀ ਪਾਣੀ ਪਹੁੰਚਾਉਣ 'ਤੇ ਮੰਥਨ ਹੋਇਆ ਹੈ।

ਚੰਡੀਗੜ੍ਹ 'ਚ 15 ਸਾਲਾਂ ਬਾਅਦ ਲੱਗਿਆ ਸੀ ਕਿਸਾਨਾਂ ਦਾ ਮੋਰਚਾ

ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸ਼ੁਰੂ ਹੋਣ ਤੋਂ ਪਹਿਲਾਂ ਹੀ ਕਿਸਾਨ ਚੰਡੀਗੜ੍ਹ ਪਹੁੰਚ ਗਏ ਸਨ। ਕਰੀਬ 15 ਸਾਲਾਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਨੇ ਉਨ੍ਹਾਂ ਨੂੰ ਚੰਡੀਗੜ੍ਹ ਵਿੱਚ ਮੋਰਚਾ ਲਾਉਣ ਦੀ ਇਜਾਜ਼ਤ ਦਿੱਤੀ ਸੀ। ਸੈਕਟਰ-34 ਸਥਿਤ ਦੁਸਹਿਰਾ ਗਰਾਊਂਡ ਵਿੱਚ ਕਿਸਾਨਾਂ ਨੇ ਮੋਰਚਾ ਲਾਇਆ ਹੋਇਆ ਸੀ।