ਹੜ੍ਹਾਂ ਦੌਰਾਨ ਹੋਏ ਹਰ ਤਰ੍ਹਾਂ ਦੇ ਨੁਕਸਾਨ ਦਾ ਪੰਜਾਬ ਸਰਕਾਰ ਦੇਵੇਗੀ ਮੁਆਵਜ਼ਾ : ਅਮਨ ਅਰੋੜਾ
ਦੋ-ਤਿੰਨ ਦਿਨਾਂ ਬਾਅਦ ਮੁੱਖ ਮੰਤਰੀ ਮਾਨ ਮੁੜ ਤੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕਰਨਗੇ ਦੌਰਾ
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਿਹਤ ਵਿਚ ਲਗਾਤਾਰ ਸੁਧਾਰ ਹੋ ਰਿਹਾ ਹੈ ਅਤੇ ਉਹ ਚੜ੍ਹਦੀਕਲਾ ਵਿਚ ਹਨ। ਇਸ ਸਬੰਧੀ ਖੁਲਾਸਾ ਆਮ ਆਦਮੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਮੁੱਖ ਮੰਤਰੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਕੀਤਾ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਫ਼ਿਲਹਾਲ ਦੋ-ਤਿੰਨ ਦਿਨ ਹੋਰ ਹਸਪਤਾਲ ਵਿਚ ਰਹਿਣਗੇ ਅਤੇ ਇਸ ਤੋਂ ਬਾਅਦ ਲਗਾਤਾਰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਮਾਨ ਦਾ ਸਾਰਾ ਧਿਆਨ ਪੰਜਾਬ ਦੇ ਲੋਕਾਂ ਵਿਚ ਹੈ।
ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਪੰਜਾਬ ਵਿਚ ਆਏ ਭਿਆਨਕ ਹੜ੍ਹਾਂ ਕਾਰਨ ਭਾਵੇਂ ਕਿਸੇ ਵੀ ਵਿਅਕਤੀ ਦਾ ਕਿਸੇ ਤਰ੍ਹਾਂ ਦੀ ਨੁਕਸਾਨ ਹੋਇਆ ਹੈ, ਚਾਹੇ ਉਹ ਫ਼ਸਲਾਂ ਦਾ ਹੋਵੇ, ਪਸ਼ੂਆਂ ਦਾ ਹੋਵੇ ਜਾਂ ਘਰਾਂ ਦਾ ਹੋਵੇ, ਉਨ੍ਹਾਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਹਰ ਤਰ੍ਹਾਂ ਦਾ ਮੁਆਵਜ਼ਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਦੋ-ਤਿੰਨ ਦਿਨਾਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਦੇ ਲੋਕਾਂ ਨਾਲ ਹੋਣਗੇ ਅਤੇ ਉਨ੍ਹਾਂ ਦੀ ਹਰ ਸਮੱਸਿਆ ਦਾ ਹੱਲ ਕਰਨਗੇ। ਅਮਨ ਅਰੋੜਾ ਨੇ ਅੱਗੇ ਕਿਹਾ ਕਿ ਸੰਕਟ ਦੀ ਇਸ ਘੜੀ ’ਚ ਪੰਜਾਬ ਸਰਕਾਰ, ਸਮੁੱਚੀ ਆਮ ਆਦਮੀ ਪਾਰਟੀ ਪੰਜਾਬ ਦੇ ਲੋਕਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ।