ਹਰਸਿਮਰਤ ਬਾਦਲ ਕੁੱਝ ਕਹਿਣ ਤੋਂ ਪਹਿਲਾਂ ਤੱਥ ਜਾਣ ਲਿਆ ਕਰੇ : ਵਿਜੇ ਇੰਦਰ ਸਿੰਗਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕਿਹਾ - ਕੈਪਟਨ ਵਲੋਂ ਪਹਿਲਾਂ ਹੀ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤਕ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਨੂੰ ਦਿੱਤੀ ਗਈ ਹੈ ਮਨਜ਼ੂਰੀ

Vijay Inder Singla

ਚੰਡੀਗੜ੍ਹ : ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਕਾਂਗਰਸ ਦੇ ਕੌਮੀ ਬੁਲਾਰੇ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੁਲਤਾਨਪੁਰ ਲੋਧੀ ਤੋਂ ਡੇਰਾ ਬਾਬਾ ਨਾਨਕ ਤੱਕ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਬਣਾਉਣ ਨੂੰ ਮਨਜ਼ੂਰੀ ਦਿੱਤੀ ਗਈ ਹੈ ਜਿਸ ਤਹਿਤ 96.15 ਕਰੋੜ ਰੁਪਏ ਦੀ ਲਾਗਤ ਨਾਲ 136.14 ਕਿਲੋਮੀਟਰ ਲੰਮੇ ਰੋਡ ਨੂੰ ਅੱਪਗ੍ਰੇਡ ਅਤੇ 10 ਮੀਟਰ ਚੌੜਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ।

ਸਿੰਗਲਾ ਨੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਬਣਾਉਣ ਦੀ ਮੰਗ ਕੇਂਦਰ ਸਰਕਾਰ ਕੋਲ ਕਰਨ ਦੇ ਬਿਆਨ ਉਤੇ ਪ੍ਰਤੀਕਿਰਿਆ ਦਿੰਦਿਆਂ ਕਿਹਾ ਕਿ ਅਕਾਲੀ ਆਗੂ ਨੂੰ ਆਪਣੇ ਪਰਵਾਰ ਦੀ ਆਦਤ ਅਨੁਸਾਰ ਬਿਨਾਂ ਕੋਈ ਤੱਥ ਜਾਣੇ ਜਾਣੇ ਸਿਰਫ਼ ਸਿਆਸਤ ਕਰਨ ਲਈ ਬਿਆਨ ਦੇਣ ਦੀ ਆਦਤ ਹੈ। ਉਨਾਂ ਕਿਹਾ ਕਿ ਅਕਾਲੀ ਆਗੂ ਲਈ ਬਿਹਤਰ ਹੋਵੇਗਾ ਕਿ ਉਹ ਕੁੱਝ ਕਹਿਣ ਤੋਂ ਪਹਿਲਾਂ ਜ਼ਮੀਨੀ ਹਕੀਕਤਾਂ ਤੇ ਤੱਥਾਂ ਤੋਂ ਜਾਣੂੰ ਹੋ ਜਾਇਆ ਕਰੇ।

ਸਿੰਗਲਾ ਨੇ ਦਸਿਆ ਕਿ ਬੀਤੀ 10 ਸਤੰਬਰ ਨੂੰ ਸੁਲਤਾਨਪੁਰ ਲੋਧੀ ਵਿਖੇ ਮੁੱਖ ਮੰਤਰੀ ਦੀ ਅਗਵਾਈ ਹੇਠ ਹੋਈ ਕੈਬਨਿਟ ਮੀਟਿੰਗ ਵਿੱਚ ਸੁਲਤਾਨਪੁਰ ਲੋਧੀ-ਕਪੂਰਥਲਾ-ਕਰਤਾਰਪੁਰ-ਬਿਆਸ-ਬਟਾਲਾ (ਬਟਾਲਾ ਬਾਈਪਾਸ ਸਮੇਤ)-ਡੇਰਾ ਬਾਬਾ ਨਾਨਕ ਮਾਰਗ ਨੂੰ ‘ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ’ ਐਲਾਨਣ ਲਈ ਪ੍ਰਸਤਾਵ ਨੂੰ ਵੀ ਮਨਜ਼ੂਰੀ ਦੇ ਦਿੱਤੀ। ਮੀਟਿੰਗ ਦੌਰਾਨ 96.15 ਕਰੋੜ ਰੁਪਏ ਦੀ ਲਾਗਤ ਨਾਲ 136.14 ਕਿਲੋਮੀਟਰ ਲੰਮੇ ਰੋਡ ਨੂੰ ਅਪਗ੍ਰੇਡ ਕਰਨ ਅਤੇ 10 ਮੀਟਰ ਤੱਕ ਚੌੜਾ ਕਰਨ ਦਾ ਫੈਸਲਾ ਕੀਤਾ ਗਿਆ।

ਲੋਕ ਨਿਰਮਾਣ ਮੰਤਰੀ ਨੇ ਇਸ ਮਾਰਗ ਨੂੰ ਬਣਾਉਣ ਲਈ ਮੁੱਖ ਮੰਤਰੀ ਵੱਲੋਂ ਪਿਛਲੇ ਇਕ ਸਾਲ ਤੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਦੇ ਤਰੀਕਾਂ ਅਨੁਸਾਰ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੇ ਸਾਲ 23 ਨਵੰਬਰ 2018 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 549ਵੇਂ ਪ੍ਰਕਾਸ਼ ਪੁਰਬ ਮੌਕੇ ਸੂਬਾ ਸਰਕਾਰ ਵਲੋਂ ਸੁਲਤਾਨਪੁਰ ਲੋਧੀ ਵਿਖੇ ਵੱਡਾ ਸਮਾਗਮ ਕਰਵਾ ਕੇ 550ਵੇਂ ਪ੍ਰਕਾਸ਼ ਪੁਰਬ ਦੇ ਸਾਲ ਭਰ ਚੱਲਣ ਵਾਲੇ ਜਸ਼ਨਾਂ ਦੀ ਸ਼ੁਰੂਆਤ ਕੀਤੀ ਸੀ। ਉਥੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਦੀ ਹਾਜ਼ਰੀ ਵਿੱਚ ਕੈਪਟਨ ਅਮਰਿੰਦਰ ਸਿੰਘ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਮਾਰਗ ਬਣਾਉਣ ਦੀ ਗੱਲ ਕਹੀ ਸੀ। ਉਸ ਤੋਂ ਬਾਅਦ ਮੁੱਖ ਮੰਤਰੀ ਦੇ ਆਦੇਸ਼ਾਂ ’ਤੇ ਉਨਾਂ ਦੇ ਮੁੱਖ ਪ੍ਰਮੁੱਖ ਸਕੱਤਰ ਵੱਲੋਂ 20 ਮਈ 2019 ਨੂੰ ਮੀਟਿੰਗ ਕਰ ਕੇ ਇਹ ਮਾਰਗ ਬਣਾਉਣ ਸਬੰਧੀ ਰਾਹਾਂ, ਪਿੰਡਾਂ ਦੀ ਨਿਸ਼ਾਨਦੇਹੀ, ਲਾਗਤ ਦਾ ਅਨੁਮਾਨ ਆਦਿ ਉਤੇ ਵਿਚਾਰ ਹੋਏ। ਨਿਰੰਤਰ ਮੀਟਿੰਗਾਂ ਤੋਂ ਬਾਅਦ ਪਿਛਲੇ ਮਹੀਨੇ ਸੁਲਤਾਨਪੁਰ ਲੋਧੀ ਵਿਖੇ ਕੈਬਨਿਟ ਮੀਟਿੰਗ ਵਿੱਚ ਇਸ ਨੂੰ ਮਨਜ਼ੂਰੀ ਦਿੱਤੀ ਗਈ।