ਸੁਖਬੀਰ ਦਾ ਕਹਿਣਾ ਕਿ ਸਰਕਾਰ ਪ੍ਰਕਾਸ਼ ਪੁਰਬ ਸਮਾਗਮਾਂ ਤੋਂ ਦੂਰ ਰਹੇ ਅਕਾਲ ਤਖ਼ਤ ਦੇ ਹੁਕਮਾਂ ਦੀ ਉਲੰਘਣਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੁਖਬੀਰ ਦੇ ਅਜਿਹੇ ਬਿਆਨਾਂ ਦਾ ਗੰਭੀਰ ਨੋਟਿਸ ਲੈਣਾ ਚਾਹੀਦੈ

Charanjit Singh Channi

ਚੰਡੀਗੜ੍ਹ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਦੇ ਸੈਰ-ਸਪਾਟਾ ਤੇ ਸਭਿਆਚਾਰ ਮਾਮਲੇ ਮੰਤਰੀ ਸ. ਚਰਨਜੀਤ ਸਿੰਘ ਚੰਨੀ ਨੇ ਸੁਖਬੀਰ ਬਾਦਲ ਵਲੋਂ ਦਿਤੇ ਬਿਆਨ ਕਿ ਸਰਕਾਰ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘੇ ਦੇ ਸਮਾਗਮਾਂ ਤੋਂ ਦੂਰ ਰਹਿਣਾ ਚਾਹੀਦਾ ਹੈ, ਨੂੰ ਬੜਾ ਹੀ ਹਾਸੋ-ਹੀਣਾ ਅਤੇ ਸੁਖਬੀਰ ਬਾਦਲ ਦੀ ਸੌੜੀ ਮਾਨਸਿਕਤਾ ਦਸਦੇ ਕਿਹਾ ਕਿ ਸੁਖਬੀਰ ਬਾਦਲ ਖੁਦ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਵੀ ਉਪਰ ਸਮਝਦੇ ਹਨ।

ਸ. ਚੰਨੀ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸਮਾਗਮਾਂ ਨੂੰ ਸਾਂਝੇ ਤੌਰ 'ਤੇ ਮਨਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੇ ਹੁਕਮਾਂ ਤਹਿਤ ਹੀ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਦੇ ਨੁਮਾਇੰਦਿਆਂ ਦੀ ਸਾਂਝੀ ਕਮੇਟੀ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਸਿੱਖ ਜਗਤ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੁਦ ਚਾਹੁੰਦੇ ਹਨ ਕਿ ਇਹ ਸਮਾਗਮ ਸਾਂਝੇ ਤੌਰ 'ਤੇ ਮਨਾਏ  ਜਾਣ।

ਸ. ਚੰਨੀ ਨੇ ਅੱਗੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਖੁਦ ਹੀ ਨਹੀਂ ਚਾਹੁੰਦੇ ਕਿ ਇਹ ਸਮਾਗਮ ਸਾਂਝੇ ਤੌਰ 'ਤੇ ਮਨਾਏ ਜਾਣ ਅਤੇ ਉਨ੍ਹਾਂ ਵਲੋਂ ਸਰਕਾਰ ਨੂੰ ਇਨ੍ਹਾਂ ਸਮਾਗਮਾਂ ਤੋਂ ਦੂਰ ਰਹਿਣ ਲਈ ਦਿਤਾ ਬਿਆਨ ਸਿੱਧ ਕਰਦਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੇ ਹੁਕਮਾਂ ਤਕ ਨੂੰ ਵੀ ਟਿੱਚ ਜਾਣਦੇ ਹਨ ਅਤੇ ਅਪਣੇ ਆਪ ਨੂੰ ਸੁਖਬੀਰ ਸਿੰਘ ਬਾਦਲ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੋਂ ਉੱਪਰ ਸਮਝਦਾ ਹੈ।

ਸ. ਚੰਨੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਸੁਖਬੀਰ ਸਿੰਘ ਬਾਦਲ ਦੇ ਅਜਿਹੇ ਬਿਆਨਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਤੌਹੀਨ ਮੰਨਦਿਆਂ ਸੁਖਬੀਰ ਬਾਦਲ ਵਿਰੁਧ ਕਾਰਵਾਈ ਕੀਤੀ ਜਾਵੇ। ਸ੍ਰੀ ਕਰਤਾਰਪੁਰ ਸਾਹਿਬ ਕਾਰੀਡੋਰ ਸਬੰਧੀ ਸੁਖਬੀਰ ਬਾਦਲ ਵਲੋਂ ਦਿਤੇ ਬਿਆਨਾਂ ਦੀ ਨਿਖੇਧੀ ਕਰਦਿਆਂ ਸ. ਚੰਨੀ ਨੇ ਕਿਹਾ ਕਿ ਇਹ ਮਸਲਾ ਸਰਕਾਰਾਂ ਦੇ ਪੱਧਰ 'ਤੇ ਹੱਲ ਕੀਤਾ ਜਾ ਰਿਹਾ ਹੈ। ਜਿਸ ਵਿਚ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਇਹ ਲਾਂਘਾ ਖੋਲ੍ਹਣ ਲਈ ਮੁੱਖ ਭੂਮਿਕਾ ਨਿਭਾਈ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਗਮ ਸਰਕਾਰੀ ਪੱਧਰ 'ਤੇ ਹੀ ਮਨਾਇਆ ਜਾਣਾ ਬਣਦਾ ਹੈ।