ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਕਰਨ ਦਾ ਸੱਦਾ
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਪੱਕਾ ਮੋਰਚਾ 13ਵੇਂ ਦਿਨ ਵੀ ਜਾਰੀ, ਜੰਮ ਕੇ ਕੀਤੀ ਜਾ ਰਹੀ ਹੈ ਨਾਅਰੇਬਾਜ਼ੀ
ਅੰਮ੍ਰਿਤਸਰ: ਜ਼ਿਲ੍ਹੇ ਦੇ ਦੇਵੀਦਾਸਪੁਰਾ ਵਿਖੇ ਜੰਡਿਆਲਾ ਗੁਰੂ ਨਜ਼ਦੀਕ ਰੇਲਵੇ ਟ੍ਰੈਕ 'ਤੇ ਪਿਛਲੇ 12 ਦਿਨਾਂ ਤੋਂ ਕਿਸਾਨਾਂ ਵੱਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਅੱਜ ਇਹ ਧਰਨਾ 13ਵੇਂ ਦਿਨ ਵਿਚ ਦਾਖ਼ਲ ਹੋ ਗਿਆ ਹੈ। ਇਹ ਧਰਨਾ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਅਗਵਾਈ ਹੇਠ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਸਾਂਝੇ ਤੌਰ 'ਤੇ ਲਗਾਇਆ ਗਿਆ ਹੈ।
ਇਸ ਦੇ ਚਲਦਿਆਂ ਅੱਜ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਅਤੇ ਸਤਨਾਮ ਸਿੰਘ ਮਾਣੋਚਾਹਲ ਦੀ ਅਗਵਾਈ ਹੇਠ ਸਮੂਹ ਕਿਸਾਨ ਜਥੇਬੰਦੀਆਂ ਵੱਲੋਂ ਇਸ ਸੰਘਰਸ਼ ਦੀ ਹਮਾਇਤ ਕਰਨ ਅਤੇ ਸਿਆਸੀ ਪਾਰਟੀਆਂ ਅਤੇ ਕਾਰਪੋਰੇਟ ਘਰਾਣਿਆਂ ਦਾ ਬਾਈਕਾਟ ਕਰਨ ਦਾ ਸੱਦਾ ਦਿੱਤਾ ਗਿਆ ਹੈ।
ਇਸ ਦੌਰਾਨ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਕੇਂਦਰ ਦੀ ਮੋਦੀ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ। ਦੱਸ ਦਈਏ ਕਿ ਬੀਤੇ ਦਿਨ ਇਸ ਰੇਲ ਰੋਕੋ ਅੰਦੋਲਨ ਵਿਚ ਮੋਦੀ ਸਰਕਾਰ ਦੇ ਪੁਤਲੇ ਸਾੜੇ ਗਏ। ਕਿਸਾਨ ਵਿਰੋਧੀ ਕਾਨੂੰਨ ਖਿਲਾਫ਼ ਜਾਰੀ ਇਸ ਧਰਨੇ ਵਿਚ ਬੀਬੀਆਂ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ ਹੈ। ਇਸ ਧਰਨੇ ਜ਼ਰੀਏ ਬੀਬੀਆਂ ਵੱਲੋਂ ਵੀ ਕੇਂਦਰ ਸਰਕਾਰ ਵੱਲੋਂ ਜਾਰੀ ਖੇਤੀ ਕਾਨੂੰਨ ਦਾ ਬਾਈਕਾਟ ਕੀਤਾ ਜਾ ਰਿਹਾ ਹੈ।