ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 147 ਕਿਸਾਨਾਂ ਦੇਪ੍ਰਵਾਰਾਂ ਨੂੰ ਨਿਯੁਕਤੀ ਪੱਤਰਜਾਰੀ:ਰਣਦੀਪ ਨਾਭਾ
ਕਿਸਾਨੀ ਸੰਘਰਸ਼ ਦੌਰਾਨ ਸ਼ਹੀਦ ਹੋਏ 147 ਕਿਸਾਨਾਂ ਦੇ ਪ੍ਰਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ : ਰਣਦੀਪ ਨਾਭਾ
ਚੰਡੀਗੜ੍ਹ, 5 ਅਕਤੂਬਰ (ਦਿਲਮੋਹਨ ਸਿੰਘ) : ਸੰਕਟ ਦੀ ਇਸ ਘੜੀ ਵਿਚ ਕਿਸਾਨਾਂ ਅਤੇ ਉਨ੍ਹਾਂ ਦੇ ਪ੍ਰਵਾਰਾਂ ਦੇ ਨਾਲ ਖੜੇ ਰਹਿਣ ਸਬੰਧੀ ਅਪਣੀ ਵਚਨਬੱਧਤਾ ਨੂੰ ਜ਼ਾਹਰ ਕਰਦਿਆਂ, ਖੇਤੀਬਾੜੀ ਵਿਭਾਗ ਵਲੋਂ ਅੱਜ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ 147 ਕਿਸਾਨਾਂ ਦੇ ਪ੍ਰਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ | ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਸ. ਰਣਦੀਪ ਨਾਭਾ ਨੇ ਦਸਿਆ ਕਿ ਮੁੱਖ ਮੰਤਰੀ ਪੰਜਾਬ ਸ. ਚਰਨਜੀਤ ਸਿੰਘ ਚੰਨੀ ਦੀ ਗਤੀਸ਼ੀਲ ਅਗਵਾਈ ਵਿਚ ਇਹ ਪੱਤਰ ਸਬੰਧਤ ਮੰਤਰੀਆਂ ਨੂੰ ਸੌਂਪੇ ਗਏ ਹਨ ਜੋ ਸਬੰਧਤ ਪ੍ਰਵਾਰਾਂ ਦੇ ਘਰ ਜਾ ਕੇ ਇਨ੍ਹਾਂ ਨਿਯੁਕਤੀ ਪੱਤਰਾਂ ਨੂੰ ਨਿਜੀ ਤੌਰ 'ਤੇ ਸੌਂਪਣਗੇ |
ਸੂਬਾ ਸਰਕਾਰ ਵਲੋਂ ਚਲ ਰਹੇ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ ਕਿਸਾਨਾਂ ਦੇ ਪ੍ਰਵਾਰਕ ਮੈਂਬਰਾਂ ਨੂੰ ਨੌਕਰੀ ਦੇਣ ਦਾ ਭਰੋਸਾ ਦਿਤਾ ਗਿਆ ਸੀ | ਖੇਤੀਬਾੜੀ ਵਿਭਾਗ ਨੇ ਮਾਲ, ਸਿਖਿਆ ਅਤੇ ਸਿਹਤ ਵਿਭਾਗ ਨਾਲ ਮਿਲ ਕੇ ਇਹ ਨਿਯੁਕਤੀ ਪੱਤਰ ਜਾਰੀ ਕੀਤੇ ਹਨ | ਪੰਜਾਬ ਸਰਕਾਰ ਕਿਸਾਨਾਂ ਦੇ ਹੱਕ ਵਿਚ ਡਟ ਕੇ ਖੜੀ ਹੈ | ਉਨ੍ਹਾਂ ਕਿਹਾ, ''ਜੋ ਕੀਮਤੀ ਜਾਨਾਂ ਗੁਆਈਆਂ ਗਈਆਂ ਹਨ, ਉਨ੍ਹਾਂ ਦੀ ਭਰਪਾਈ ਨਹੀਂ ਕੀਤੀ ਜਾ ਸਕਦੀ ਪਰ ਫਿਰ ਵੀ ਮਿ੍ਤਕਾਂ ਦੇ ਆਸ਼ਰਿਤਾਂ ਨੂੰ ਮੁਆਵਜ਼ਾ ਦਿਤਾ ਜਾਣਾ ਚਾਹੀਦਾ ਹੈ |''
ਸ. ਨਾਭਾ ਨੇ ਅੱਗੇ ਕਿਹਾ ਕਿ ਪਿਛਲੇ ਇਕ ਸਾਲ ਤੋਂ ਵੱਧ ਸਮੇਂ ਤੋਂ ਸਾਡੇ ਕਿਸਾਨ ਕੌਮੀ ਰਾਜਧਾਨੀ ਦੀਆਂ ਸਰਹੱਦਾਂ 'ਤੇ ਬੈਠੇ ਹਨ ਅਤੇ ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਤਿੰਨ ਕਾਲੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ | ਉਹ ਸਿਰਫ਼ ਇਹੀ ਚਾਹੁੰਦੇ ਸਨ ਕਿ ਸੰਸਦ ਵਲੋਂ ਪਾਸ ਕੀਤੇ ਇਹ ਕਾਲੇ ਕਾਨੂੰਨ ਰੱਦ ਕੀਤੇ ਜਾਣ ਅਤੇ ਪੰਜਾਬ ਸਰਕਾਰ ਵਲੋਂ ਵਿਧਾਨ ਸਭਾ ਵਿਚ ਪਹਿਲਾਂ ਹੀ ਇਨ੍ਹਾਂ ਕਾਨੂੰਨਾਂ ਵਿਰੁਧ ਮਤਾ ਪਾਸ ਕੀਤਾ ਜਾ ਚੁਕਾ ਹੈ | ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਸਾਰੇ ਡਿਪਟੀ ਕਮਿਸ਼ਨਰਾਂ ਨੂੰ ਬਕਾਏ ਸਬੰਧੀ ਦਾਅਵਿਆਂ ਨੂੰ ਜਲਦ ਤੋਂ ਜਲਦ ਨਿਪਟਾਉਣ ਲਈ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ |