ਫਰਾਰ ਗੈਂਗਸਟਰ ਦੀਪਕ ਟੀਨੂੰ ਦੇ ਮਾਮਲੇ ’ਤੇ ਸਖ਼ਤ ਹੋਏ IG ਡਾ. ਸੁਖਚੈਨ ਸਿੰਘ ਗਿੱਲ, ਦਿੱਤੀਆਂ ਹਿਦਾਇਤਾਂ
ਪੁਲਿਸ ਮੁਲਾਜ਼ਮਾਂ ਦੇ ਸਮੇਂ-ਸਮੇਂ ’ਤੇ ਤਬਾਦਲੇ ਵੀ ਕੀਤੇ ਜਾਣਗੇ।
ਮੁਹਾਲੀ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੀ ਸਾਜ਼ਿਸ਼ ਰਚਣ ਵਾਲੇ ਫਰਾਰ ਗੈਂਗਸਟਰ ਦੀਪਕ ਟੀਨੂੰ ਤੋਂ ਬਾਅਦ ਹੁਣ ਪੰਜਾਬ ਪੁਲਿਸ ਨੇ ਆਪਣੀ ਕਾਰਜਪ੍ਰਣਾਲੀ ਬਦਲਣ ਦਾ ਫੈਸਲਾ ਕੀਤਾ ਹੈ। ਹਰ 15 ਦਿਨਾਂ ਬਾਅਦ ਗੈਂਗਸਟਰਾਂ 'ਤੇ ਕਾਰਵਾਈ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਦੀ ਸਮੀਖਿਆ ਕਰ ਕੇ ਉਨ੍ਹਾਂ ਦੇ ਕੰਮਕਾਜ ਦਾ ਰਿਪੋਰਟ ਕਾਰਡ ਤਿਆਰ ਕੀਤਾ ਜਾਵੇਗਾ। ਇਨ੍ਹਾਂ ਪੁਲਿਸ ਮੁਲਾਜ਼ਮਾਂ ਦੇ ਸਮੇਂ-ਸਮੇਂ ’ਤੇ ਤਬਾਦਲੇ ਵੀ ਕੀਤੇ ਜਾਣਗੇ।
ਆਈਜੀ ਹੈੱਡਕੁਆਰਟਰ ਡਾ: ਸੁਖਚੈਨ ਸਿੰਘ ਗਿੱਲ ਨੇ ਦੱਸਿਆ ਕਿ ਇਸ ਸਬੰਧੀ ਸਾਰੇ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਕੱਟੜ ਗੈਂਗਸਟਰਾਂ ਦੀ ਸੁਰੱਖਿਆ ਵਿੱਚ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਲਈ ਜਾਂਚ ਅਧਿਕਾਰੀ ਜ਼ਿੰਮੇਵਾਰ ਹੋਣਗੇ। AGTF ਨੇ 6 ਮਹੀਨਿਆਂ 'ਚ 50 ਵੱਡੇ ਅਤੇ ਛੋਟੇ ਗੈਂਗਸਟਰਾਂ ਨੂੰ ਗ੍ਰਿਫਤਾਰ ਕੀਤਾ ਹੈ। ਆਈਜੀ ਹੈੱਡਕੁਆਰਟਰ ਵੱਲੋਂ ਜਾਰੀ ਹਦਾਇਤਾਂ ਵਿੱਚ ਕਿਹਾ ਗਿਆ ਹੈ ਕਿ ਵੀਡੀਓ ਕਾਨਫਰੰਸਿੰਗ ਰਾਹੀਂ ਕੱਟੜ ਗੈਂਗਸਟਰਾਂ ਦੀ ਪੇਸ਼ੀ ਭੁਗਤਣ ਦੀ ਕੋਸ਼ਿਸ਼ ਕੀਤੀ ਜਾਵੇਗੀ ਤਾਂ ਜੋ ਸੁਰੱਖਿਆ ਵਿੱਚ ਕੋਈ ਕੁਤਾਹੀ ਨਾ ਹੋਵੇ।