ਬਾਦਲਾਂ ਨੂੰ ਵੱਡਾ ਝਟਕਾ, ਲਾਈਵ ਪ੍ਰਸਾਰਣ ਦੀ ਮਾਲਕੀ ਖ਼ਤਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਸ੍ਰੀ ਦਰਬਾਰ ਸਾਹਿਬ ਤੋਂ ਹੁੰਦੇ ਗੁਰਬਾਣੀ ਦੇ ਲਾਈਵ ਪ੍ਰਸਾਰਣ ਦੇ ਰਾਈਟ ਸਾਰੇ ਟੀ.ਵੀ. ਚੈਨਲਾਂ ਅਤੇ ਰੇਡੀਓ ਸਟੇਸ਼ਨਾਂ ਨੂੰ ਦੇਣ ਬਾਰੇ ਵਿਧਾਨ ਸਭਾ ਵਲੋਂ ਮਤਾ ਪਾਸ

Vidhan Sabha passes resolution about live telecast gurbani from Sri Darbar Sahib

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਵਿਧਾਨ ਸਭਾ ਦੇ ਵਿਸ਼ੇਸ਼ ਸ਼ੈਸ਼ਨ ਦੇ ਦੌਰਾਨ ਬੋਲਦਿਆਂ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਫੁਰਮਾਨ ਹੈ “ਗੁਰਬਾਣੀ ਇਸ ਜਗ ਮਹਿ ਚਾਨਣ“ ਹੈ ਜਿਹੜਾ ਦੁਨੀਆਂ ਦੇ ਕੋਣੇ-ਕੋਣੇ, ਘਰ-ਘਰ ਪਹੁੰਚਣਾ ਚਾਹੀਦਾ ਹੈ। ਇਸ ਦਾ ਇਕ ਸਾਧਨ ਇਹ ਹੋ ਸਕਦਾ ਹੈ ਕਿ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਤੋਂ ਹੁੰਦਾ ਗੁਰਬਾਣੀ ਕੀਰਤਨ ਵੱਧ ਤੋਂ ਵੱਧ ਸਾਧਨਾਂ ਰਾਹੀਂ ਦੁਨੀਆਂ ਦੇ ਕੋਣੇ ਕੋਣੇ ਵਿਚ ਪਹੁੰਚੇ।

ਪੰਜਾਬ ਵਿਧਾਨ ਸਭਾ ਦੇ ਵਿਸੇਸ਼ ਸੈਸ਼ਨ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਸਦਨ ਅੱਗੇ ਮਤਾ ਪੇਸ਼ ਕੀਤਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕੀਤੀ ਜਾਵੇ  ਕਿ ਉਹ ਅਜਿਹੇ ਪ੍ਰਬੰਧ ਕਰੇ ਕਿ ਦੁਨੀਆਂ ਦਾ ਕੋਈ ਵੀ ਟੀਵੀ ਚੈਨਲ ਜਾਂ ਰੇਡੀਓ ਗੁਰਬਾਣੀ ਕੀਰਤਨ ਦਾ ਪ੍ਰਸਾਰਨ ਕਰਨਾ ਚਾਹੇ ਉਹ ਕਰ ਸਕਣ।ਇਹ ਪ੍ਰਸਤਾਵ ਨੂੰ ਸਦਨ ਵਲੋਂ ਸਰਬ ਸੰਮਤੀ ਨਾਲ ਪਾਸ ਕਰ ਦਿੱਤਾ ਗਿਆ।

ਇਸ ਤੋਂ ਇਲਾਵਾ ਤ੍ਰਿਪਤ ਬਾਜਵਾ ਨੇ ਬੋਲਦਿਆਂ ਕਿਹਾ ਕਿ ਗੁਰੂ ਨਾਨਕ ਪਾਤਸ਼ਾਹ ਨੇ ਇੱਕ ਅਜਿਹਾ ਸਮਾਜ ਸਿਰਜਣ ਦਾ ਸੁਪਨਾ ਲਿਆ ਸੀ, ਜਿਸ ਵਿਚ ਕਿਸੇ ਮਨੁੱਖ ਨਾਲ ਊਚ-ਨੀਚ, ਜਾਤ-ਪਾਤ, ਅਮੀਰ-ਗਰੀਬ ਜਾਂ ਔਰਤ-ਮਰਦ ਦੇ ਅਧਾਰ ਉੱਤੇ ਵਿਤਕਰਾ ਨਹੀਂ ਕੀਤਾ ਜਾ ਸਕਦਾ। “ਸੋ ਕਿਉਂ ਮੰਦਾ ਆਖੀਐ ਜਿਤ ਜੰਮਹਿ ਰਾਜਾਨ" ਪਰ ਅੱਜ 550 ਸਾਲ ਬੀਤਣ ਤੋਂ ਬਾਅਦ ਵੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਚ ਬੀਬੀਆਂ ਨੂੰ ਕੀਰਤਨ ਕਰਨ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਦੀ ਸੇਵਾ ਕਰਨ ਦੀ ਇਜਾਜ਼ਤ ਨਹੀਂ ਹੈ। ਇਸ ਬਾਰੇ ਵੀ ਉਨਾ ਕਿਹਾ ਕਿ ਸਦਨ ਸ੍ਰੋਮਣੀ ਕਮੇਟੀ ਨੂੰ ਬੇਨਤੀ ਕਰੇ ਇਸ ਸਬੰਧੀ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਚਾਰ ਕਰੇ।

ਤੀਜੀ ਬੇਨਤੀ ਕਰਦਿਆਂ ਬਾਜਵਾ ਨੇ ਕਿਹਾ ਕਿ ਕੁਝ ਕੁ ਸ਼ਬਦਾਂ ਨੂੰ ਛੱਡ ਕੇ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਾਰੀ ਬਾਣੀ ਗੁਰਮੁਖੀ ਲਿਪੀ ਵਿਚ ਲਿਖੀ ਗਈ ਪੰਜਾਬੀ ਬੋਲੀ  ਵਿਚ ਹੈ।ਇਸ ਲਈ ਜੇ ਅਸੀਂ ਚਾਹੁੰਦੇ ਹਾਂ ਕਿ ਸਾਡੀਆਂ ਆਉਣ ਵਾਲੀਆਂ ਪੀੜੀਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਨਾਲ ਜੁੜੀਆਂ ਰਹਿਣ ਅਤੇ ਗੁਰਬਾਣੀ ਤੋਂ ਸੇਧ ਲੈਂਦੀਆਂ ਰਹਿਣ ਤਾਂ ਇਹ ਲਾਜ਼ਮੀ ਹੈ ਕਿ ਗੁਰਮੁਖੀ ਲਿਪੀ ਅਤੇ ਪੰਜਾਬੀ ਬੋਲੀ ਦਾ ਪ੍ਰਚਾਰ ਅਤੇ ਪਸਾਰ ਹੋਣਾ ਚਾਹੀਦਾ ਹੈ।ਇਸ ਸਬੰਧੀ ਵੱਧ ਤੋਂ ਵੱਧ ਯਤਨ ਹੋਣੇ ਚਾਹੀਦੇ ਹਨ।