ਦੀਵਾਲੀ ਮਗਰੋਂ ਜੰਤਰ-ਮੰਤਰ 'ਤੇ ਕਾਂਗਰਸ ਸ਼ੁਰੂ ਕਰੇਗੀ ਲੜੀਵਾਲ ਧਰਨਾ : ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਪੰਜਾਬ

ਕੇਂਦਰ ਦਾ ਅੜੀਅਲ ਰਵਈਆ ਦੇਸ਼ ਦੇ ਸੰਘੀ ਢਾਂਚੇ ਲਈ ਖ਼ਤਰਾ

Sunil Jakhar

ਚੰਡੀਗੜ੍ਹ (ਨੀਲ ਭਲਿੰਦਰ ਸਿੰਘ) : ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਆਖਿਆ ਹੈ ਕਿ ਪੰਜਾਬ ਦੇ ਕਿਸਾਨ ਅਤੇ ਅਰਥਚਾਰੇ ਨੂੰ ਤਬਾਹ ਕਰਨ ਵਾਲੀ ਕੇਂਦਰ ਸਰਕਾਰ ਨੂੰ ਜਗਾਉਣ ਲਈ ਦੀਵਾਲੀ ਤੋਂ ਬਾਅਦ ਪੰਜਾਬ ਕਾਂਗਰਸ ਵਲੋਂ ਕਿਸਾਨਾਂ ਨੂੰ ਕੇਂਦਰ ਦੇ ਕਾਲੇ ਕਾਨੂੰਨਾਂ ਤੋਂ ਬਚਾਉਣ ਲਈ ਜੰਤਰ-ਮੰਤਰ 'ਤੇ ਲੜੀਵਾਰ ਧਰਨਾ ਸ਼ੁਰੂ ਕੀਤਾ ਜਾਵੇਗਾ।

ਜਾਰੀ ਬਿਆਨ ਵਿਚ ਸੁਨੀਲ ਜਾਖੜ ਨੇ ਆਖਿਆ ਕਿ ਕੇਂਦਰ ਸਰਕਾਰ ਵਲੋਂ ਅਪਨਾਇਆ ਗਿਆ ਅੜੀਅਲ ਰੁੱਖ ਦੇਸ਼ ਦੇ ਸੰਘੀ ਢਾਂਚੇ ਲਈ ਵੱਡਾ ਖ਼ਤਰਾ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨਾ ਤਾਂ ਪੰਜਾਬ ਦੀ ਚੁਣੀ ਹੋਈ ਸਰਕਾਰ ਦੀ ਗੱਲ ਸੁਣ ਰਹੀ ਹੈ ਅਤੇ ਨਾ ਹੀ ਪੰਜਾਬ ਦੇ ਕਰੋੜਾਂ ਲੋਕਾਂ ਦੇ ਰੋਹ ਨੂੰ ਸਮਝ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਜਿਸ ਤਰ੍ਹਾਂ ਕਾਰਪੋਰੇਟ ਘਰਾਣਿਆਂ ਦੇ ਹੱਥਾਂ ਦੀ ਕਠਪੁਤਲੀ ਬਣ ਕੇ ਕੇਂਦਰ ਸਰਕਾਰ ਪੰਜਾਬ ਦੀ ਖੇਤੀ ਨੂੰ ਤਬਾਹ ਕਰਨ 'ਤੇ ਤੁਲੀ ਹੋਈ ਹੈ ਇਸ ਦੇ ਦੂਰਗਾਮੀ ਤੇ ਮਾੜੇ ਨਤੀਜੇ ਨਿਕਲਣਗੇ। ਜਾਖੜ ਨੇ ਕਿਹਾ ਕਿ ਕੇਂਦਰ ਸਰਕਾਰ ਵਲੋਂ ਕਿਸਾਨ ਮਾਰੂ ਕਾਨੂੰਨ ਬਣਾ ਕੇ ਲਾਗੂ ਕਰਨ ਦੀ ਕੀਤੀ ਜਾ ਰਹੀ ਜਿੱਦ ਨਾਲ ਪੰਜਾਬ ਪੂਰੀ ਤਰ੍ਹਾਂ ਆਰਥਕ ਤੌਰ 'ਤੇ ਬਰਬਾਦ ਹੋ ਜਾਵੇਗਾ।  ਉਨ੍ਹਾਂ ਨੇ ਕਿਹਾ ਕਿ ਪੰਜਾਬ ਖੇਤੀ ਅਧਾਰਤ ਸੂਬਾ ਹੈ ਅਤੇ ਕਿਸਾਨੀ ਦੇ ਬਰਬਾਦ ਹੋ ਜਾਣ ਤੋਂ ਬਾਅਦ ਪੰਜਾਬ ਬਚ ਨਹੀਂ ਸਕੇਗਾ।

ਉਨ੍ਹਾਂ ਨੇ ਕਿਹਾ ਕਿ ਕੇਂਦਰ ਦੇ ਇਨ੍ਹਾਂ ਕਾਲੇ ਕਾਨੂਨਾਂ ਦਾ ਅਸਰ ਸਮਾਜ ਦੇ ਸਾਰੇ ਵਰਗਾਂ 'ਤੇ ਪਵੇਗਾ। ਜਾਖੜ ਨੇ ਕਿਹਾ ਕਿ ਇਹ ਪੰਜਾਬ ਹੀ ਸੀ ਜਿਸ ਨੇ ਦੇਸ਼ ਨੂੰ ਅੰਨ ਦੇ ਮਾਮਲੇ ਵਿਚ ਆਤਮ ਨਿਰਭਰ ਕੀਤਾ ਸੀ ਪਰ ਹੁਣ ਕੇਂਦਰ ਸਰਕਾਰ ਪੰਜਾਬ ਦੇ ਕਿਸਾਨ ਨੂੰ ਕੰਪਨੀਆਂ ਦਾ ਗ਼ੁਲਾਮ ਬਣਾ ਕੇ ਦੇਸ਼ ਦੀ ਅੰਨ ਸੁਰੱਖਿਆ ਨੂੰ ਹੀ ਦਾਅ 'ਤੇ ਲਗਾਉਣਾ ਚਾਹੁੰਦੀ ਹੈ। ਉਨ੍ਹਾਂ ਨੇ ਇਸ ਮੌਕੇ ਕਿਹਾ ਕਿ ਪੰਜਾਬ ਦੇ ਬਹਾਦਰ ਲੋਕ ਕੇਂਦਰ ਦੇ ਇਸ ਸਿਤਮ ਨੂੰ ਸਹਿਣ ਨਹੀਂ ਕਰਣਗੇ।