ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ਬੰਦੀ ਛੋੜ ਦਿਵਸ
ਲੱਖਾਂ ਦੀ ਗਿਣਤੀ ਵਿਚ ਸੰਗਤਾਂ ਗੁਰੂ ਘਰ ਨਤਮਸਤਕ ਹੋਈਆਂ
ਅੰਮ੍ਰਿਤਸਰ, 5 ਨਵੰਬਰ ( ਸੁਖਵਿੰਦਰਜੀਤ ਸਿੰਘ ਬਹੋੜੂ) : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦੁਆਰਾ ਗਵਾਲੀਅਰ ਦੀ ਕੈਦ ’ਚੋਂ 52 ਰਾਜਿਆਂ ਨੂੰ ਰਿਹਾਅ ਕਰ ਕੇ ਸ੍ਰੀ ਅੰਮ੍ਰਿਤਸਰ ਪਹੁੰਚਣ ਦੀ ਯਾਦ ਵਿਚ ਬੰਦੀ ਛੋੜ ਦਿਵਸ ਸ੍ਰੀ ਹਰਿਮੰਦਰ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਲੱਖਾਂ ਦੀ ਗਿਣਤੀ ਵਿਚ ਸੰਗਤਾਂ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ।
ਹਰਿਮੰਦਰ ਸਾਹਿਬ ਦੀ ਦਰਸ਼ਨੀ ਡਿਓੜੀ ਤੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿਤਾ। ਗਿ ਹਰਪ੍ਰੀਤ ਸਿੰਘ ਨੇ ਸਿੱਖ ਕੌਮ ਦੇ ਨਾਂ ਸੰਦੇਸ਼ ਦਿੰਦਿਆਂ ਕਿਹਾ ਕਿ ਅੱਜ ਦੇ ਇਸ ਮਹਾਨ ਦਿਹਾੜੇ ’ਤੇ ਬੰਦੀ ਛੋੜ ਸਿਧਾਂਤ ਤੋਂ ਸੇਧ ਲੈਣ ਦੀ ਜ਼ਰੂਰਤ ਹੈ। ਅਫ਼ਸੋਸ ਦੀ ਗੱਲ ਹੈ ਕਿ ਅੱਜ ਸਾਡੇ ਸਿੱਖ ਨੌਜੁਆਨ ਜਿਹੜੇ ਲੰਮੇ ਸਮੇਂ ਤੋਂ ਭਾਰਤ ਦੀਆਂ ਵੱਖ-ਵੱਖ ਜ਼ੇਲਾਂ ਵਿਚ ਬੰਦ ਹਨ ਅਤੇ ਅਦਾਲਤਾਂ ਵਲੋਂ ਨਿਰਧਾਰਤ ਸਜ਼ਾਵਾਂ ਵੀ ਪੂਰੀਆਂ ਕਰ ਚੁੱਕੇ ਹਨ ਪਰ ਭਾਰਤ ਸਰਕਾਰ ਉਨ੍ਹਾਂ ਨੂੰ ਰਿਹਾਅ ਨਹੀਂ ਕਰ ਰਹੀ। ਸਿੱਖ ਕੌਮ ਦੀਆਂ ਕੌਮੀ ਸੰਸਥਾਵਾਂ ਨੂੰ ਸੰਜੀਦਾ ਹੋ ਕੇ ਬੰਦੀ ਸਿੱਖ ਨੌਜੁਆਨਾਂ ਦੀ ਰਿਹਾਈ ਲਈ ਭਾਰਤ ਸਰਕਾਰ ’ਤੇ ਕੌਮੀ ਪੱਧਰ ਦਾ ਦਬਾਅ ਬਨਾਉਣ ਦੀ ਜ਼ਰੂਰਤ ਹੈ। ਅੱਜ ਕੁਝ ਲੋਕ ਜ਼ਬਰਦਸਤੀ ਲਾਲਚ ਜਾਂ ਗੁੰਮਰਾਹ ਕਰਕੇ ਲੋਕਾਂ ਦਾ ਧਰਮ ਪਰਵਰਤਨ ਕਰਵਾ ਰਹੇ ਹਨ, ਜਿਸ ਲਈ ਕੌਮ ਨੂੰ ਸਾਵਧਾਨ ਹੋਣ ਦੀ ਲੋੜ ਹੈ। ਇਸ ਕਾਰਜ ਲਈ ਸਿੱਖ ਸੰਸਥਾਵਾਂ ਅਜਿਹੇ ਪ੍ਰੋਗਰਾਮ ਉਲੀਕਣ ਜਿਨ੍ਹਾਂ ਸਦਕਾ ਸਮੁੱਚਾ ਸਿੱਖ ਸਮਾਜ ਗੁਰਬਤ, ਅਨਪੜ੍ਹਤਾ, ਬਿਮਾਰੀ ਅਤੇ ਲਾਚਾਰੀ ਤੋਂ ਬੰਦੀ ਮੁਕਤ ਹੋ ਸਕੇ।
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸੰਗਤਾਂ ਨੂੰ ਬੰਦੀ ਛੋੜ ਦਿਵਸ ਦੀ ਵਧਾਈ ਦਿੰਦਿਆਂ ਸਮੁੱਚੇ ਖ਼ਾਲਸਾ ਪੰਥ ਨੂੰ ਇਕਜੁਟ ਹੋ ਕੇ ਗੁਰਬਾਣੀ, ਗੁਰ-ਇਤਿਹਾਸ ਅਤੇ ਗੁਰਮਤਿ ਰਹਿਣੀ ਦੇ ਪ੍ਰਚਾਰ-ਪ੍ਰਸਾਰ ਲਈ ਯਤਨ ਕਰਨ ਦੀ ਅਪੀਲ ਕੀਤੀ। ਬੰਦੀ ਛੋੜ ਦਿਵਸ ਸਿੱਖ ਕੌਮ ਦੇ ਨਿਰਾਲੇ ਇਤਿਹਾਸ ਦੀ ਵਿਲੱਖਣ ਗਾਥਾ ਹੈ, ਇਸ ਨੇ ਮਨੁੱਖੀ ਅਜ਼ਾਦੀ ਦੇ ਨਾਲ-ਨਾਲ ਹੱਕ, ਸੱਚ ਅਤੇ ਇਨਸਾਫ਼ ਲਈ ਮਿਸਾਲੀ ਉਦਾਹਰਣ ਪੇਸ਼ ਕੀਤੀ।